ਅੰਮ੍ਰਿਤਸਰ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੰਬਈ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਗਏ ਇਤਿਹਾਸਕ ਨਗਰ ਕੀਰਤਨ ’ਚ ਸ਼ਮੂਲੀਅਤ ਕੀਤੀ। ਸ੍ਰੀ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਮੁੰਬਈ ਤੋਂ ਅੱਜ ਰਾਤ ਦੇ ਪੜਾਅ ਤੋਂ ਬਾਅਦ ਨਗਰ ਕੀਰਤਨ ਦੀ ਆਰੰਭਤਾ ਮੌਕੇ ਪੰਜੇ ਤਖ਼ਤਾਂ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਦਲ ਪੰਥ ਤੇ ਸਥਾਨਕ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ। ਆਰੰਭਤਾ ਤੋਂ ਪਹਿਲਾਂ ਕਾਲਜ ’ਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਅਤੇ ਸੰਪੂਰਨਤਾ ਦੀ ਅਰਦਾਸ ਜਥੇਦਾਰ ਗੜਗੱਜ ਨੇ ਕੀਤੀ ਤੇ ਸੰਗਤ ਨੂੰ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਸਰਵਣ ਕਰਵਾਇਆ। ਆਪਣੇ ਸੰਬੋਧਨ ’ਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸਮੁੱਚੇ ਖ਼ਾਲਸਾ ਪੰਥ ਦੇ ਸਹਿਯੋਗ ਨਾਲ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਗਏ ਨਗਰ ਕੀਰਤਨ ਰਾਹੀਂ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦਾ ਸੰਦੇਸ਼ ਪੂਰੇ ਦੇਸ਼ ’ਚ ਪਹੁੰਚਾਇਆ ਗਿਆ ਹੈ ਅਤੇ ਇਸ ਨੇ ਸਿੱਖ ਕੌਮ ਨੂੰ ਇਕ ਲੜੀ ਵਿਚ ਜੋੜਣ ਦਾ ਕੰਮ ਕੀਤਾ ਹੈ। ਅਜਿਹੇ ਹੀ ਉਪਰਾਲੇ ਸੰਨ 1977 ’ਚ ਕਰਤਾਰ ਸਿੰਘ ਜੀ ਖ਼ਾਲਸਾ ਭਿੰਡਰਾਂਵਾਲੇ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਸੰਤਾ ਸਿੰਘ ਤੇ ਸ਼੍ਰੋਮਣੀ ਕਮੇਟੀ ਨੇ ਉਦੋਂ ਵੀ ਮਿਲ ਕੇ ਕੀਤੇ ਸਨ। ਅੱਜ ਇਹ ਉਪਰਾਲੇ ਦੁਬਾਰਾ ਤੋਂ ਦੁਹਰਾਏ ਗਏ ਹਨ।ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਵਿਚ ਕੋਈ ਮਤਭੇਦ ਨਹੀਂ ਹਨ, ਅਸੀਂ ਸਾਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰੂ ਮੰਨਦੇ ਹਾਂ, ਅਸੀਂ ਇੱਕ ਹਾਂ, ਪੰਜੇ ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸਿੰਘ ਸਾਹਿਬਾਨ ਗਿਆਨੀ ਜੋਤਿੰਦਰ ਸਿੰਘ ਤਖ਼ਤ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਤੋਂ, ਗਿਆਨੀ ਬਲਦੇਵ ਸਿੰਘ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਤੋਂ, ਬਾਬਾ ਟੇਕ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਤੇ ਦਲ ਪੰਥਾਂ ਵੱਲੋਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਹੋਰ ਵੀ ਸਾਰਾ ਹੀ ਪੰਥ ਇੱਥੇ ਇਕੱਤਰ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਹੜੀ ਕੁਝ ਕਮੀ ਜਾਪਦੀ ਹੈ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਲਦੀ ਪੂਰੀ ਕਰ ਦੇਣਗੇ। ਇਹ ਸ਼ਹੀਦੀ ਸ਼ਤਾਬਦੀ ਸਾਰਾ ਹੀ ਖ਼ਾਲਸਾ ਪੰਥ ਇਕ ਮੰਚ ਉੱਤੇ ਇਕਜੁੱਟਤਾ ਨਾਲ ਮਨਾਏਗਾ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਹਾਕਮਾਂ ਨੂੰ ਵੀ ਸਮਝਣਾ ਚਾਹੀਦਾ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਦਖਲ ਦੇਣ ਦੀ ਬਜਾਏ ਉਨ੍ਹਾਂ ਨੂੰ ਆਪਣੇ ਕੰਮ ਕਰਨੇ ਚਾਹੀਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸ਼ਹੀਦੀ ਨਗਰ ਕੀਰਤਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਆਸ ਪ੍ਰਗਟਾਈ ਕਿ ਜਦੋਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਇਹ ਨਗਰ ਕੀਰਤਨ ਪਹੁੰਚੇਗਾ ਤਾਂ ਲੱਖਾਂ ਦੀ ਗਿਣਤੀ ’ਚ ਸੰਗਤ ਨਾਲ ਸ਼ਮੂਲੀਅਤ ਕਰੇਗੀ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ’ਚ ਦਲ ਪੰਥ, ਸਾਡੀਆਂ ਟਕਸਾਲਾਂ, ਸਮੂਹ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਤੇ ਸੰਸਥਾਵਾਂ ਇਸੇ ਤਰ੍ਹਾਂ ਹੀ ਇਕ ਮੰਚ ’ਤੇ ਨਜ਼ਰ ਆਉਣਗੀਆਂ। ਮਹਾਰਾਸ਼ਟਰ ’ਚ ਲੰਮੀ ਜੱਦੋ-ਜਹਿਦ ਮਗਰੋਂ ਤਖ਼ਤ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਨਾਂਦੇੜ ਦਾ ਪ੍ਰਬੰਧਕੀ ਬੋਰਡ ਫਿਰ ਤੋਂ ਬਹਾਲ ਹੋ ਗਿਆ ਹੈ, ਵਾਲੀ ਗੱਲ ’ਤੇ ਜਥੇਦਾਰ ਗੜਗੱਜ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇਹ ਮਹਾਰਾਸ਼ਟਰ ਤੇ ਨਾਂਦੇੜ ਦੇ ਹਜ਼ੂਰੀ ਸਿੰਘਾਂ ਦੀ ਵੱਡੀ ਜਿੱਤ ਹੈ ਕਿ ਇੱਥੇ ਸਥਿਤ ਸਾਡੇ ਤਖ਼ਤ ਸਾਹਿਬ ਦਾ ਕੇਸ ਸਿੱਖਾਂ ਨੇ ਜਿੱਤ ਲਿਆ ਹੈ। ਉਨ੍ਹਾਂ ਕਿਹਾ ਪੰਜੇ ਹੀ ਤਖ਼ਤ ਸਾਹਿਬ ਖ਼ਾਲਸਾ ਪੰਥ ਦੇ ਹਨ ਤੇ ਪੰਥ ਦੇ ਹੀ ਰਹਿਣਗੇ, ਇਨ੍ਹਾਂ ਦੇ ਪ੍ਰਬੰਧ ’ਚ ਦਖ਼ਲਅੰਦਾਜ਼ੀ ਕਰਨ ਦਾ ਅਧਿਕਾਰ ਕਿਸੇ ਨੂੰ ਨਹੀਂ ਹੈ।