ਜਲੰਧਰ : 
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਦੀ ਬੁਲਾਈ ਇਕ ਐਮਰਜੈਂਸੀ ਮੀਟਿੰਗ ਦੌਰਾਨ ਉਨ੍ਹਾਂ ਨੂੰ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕਿਸਾਨਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਕਾਰਨ ਖਾਸ ਕਰ ਸ਼ਾਹਕੋਟ ਇਲਾਕੇ ’ਚ ਨੁਕਸਾਨੀਆਂ ਫ਼ਸਲਾਂ ਦਾ ਕਿਸਾਨਾਂ ਨੂੰ ਇਕ ਹਫ਼ਤੇ ਦੇ ਅੰਦਰ-ਅੰਦਰ ਮੁਆਵਜ਼ਾ ਜਾਰੀ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਡਾ. ਅਗਰਵਾਲ ਨੇ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਜ਼ਿਲ੍ਹੇ ਦੇ 115 ਪਿੰਡਾਂ ’ਚ ਚੱਲ ਰਹੇ ‘ਗਰਾਊਂਡ ਟਰੂਥਿੰਗ’ ਦੇ ਕੰਮ ਦਾ ਵੀ ਜਾਇਜ਼ਾ ਲਿਆ। ਇਸ ਤਹਿਤ ਪਟਵਾਰੀਆਂ ਵੱਲੋਂ ਉਕਤ ਪਿੰਡਾਂ ’ਚ ਘਰ-ਘਰ ਜਾ ਕੇ ਲਾਲ ਲਕੀਰ ਵਾਲੇ ਘਰਾਂ ਦੀ ਪਛਾਣ ਕੀਤੀ ਜਾ ਰਹੀ ਹੈ, ਤਾਂ ਜੋ ਲੋੜੀਂਦੀ ਪ੍ਰਕਿਰਿਆ ਅਮਲ ’ਚ ਲਿਆ ਕੇ ਯੋਗ ਪਰਿਵਾਰਾਂ ਨੂੰ ਮਾਲਕਾਨਾਂ ਅਧਿਕਾਰ ਸੌਂਪੇ ਜਾ ਸਕਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ‘ਗਰਾਊਂਡ ਟਰੂਥਿੰਗ’ ਦੇ ਚੱਲ ਰਹੇ ਕੰਮ ਨੂੰ 3 ਨਵੰਬਰ ਤੱਕ ਹਰ ਹਾਲ ’ਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਡਿਜੀਟਲ ਕਰਾਪ ਸਰਵੇ (ਆਨਲਾਈਨ ਗਿਰਦਾਵਰੀ) ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਇਸ ਕੰਮ ’ਚ ਹੋਰ ਤੇਜ਼ੀ ਲਿਆਉਂਦਿਆਂ ਇਸ ਨੂੰ 5 ਦਿਨਾਂ ਦੇ ਅੰਦਰ-ਅੰਦਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ। ਜ਼ਿਲ੍ਹੇ ਦੇ ਕਰੀਬ 600 ਪਿੰਡਾਂ ’ਚ ਡਿਜੀਟਲ ਕਰਾਪ ਸਰਵੇ ਦਾ ਕੰਮ ਚੱਲ ਰਿਹਾ ਹੈ। ਉਨ੍ਹਾਂ ਸਰਵੇ ਦੇ ਕੰਮ ਨੂੰ ਸੁਚਾਰੂ ਢੰਗ ਨਾਲ ਸਿਰੇ ਚਾੜ੍ਹਨ ਲਈ ਕਿਸਾਨਾਂ ਨੂੰ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਸਮੇਂ ਸਿਰ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਇੰਤਕਾਲ, ਤਕਸੀਮ, ਜਮ੍ਹਾਬੰਦੀਆਂ ਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨ੍ਹਾਂ ਕਿਸੇ ਦੇਰੀ ਤੋਂ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਇਲਾਵਾ ਅਧਿਕਾਰੀਆਂ ਨੂੰ ਰਿਕਵਰੀ ਨਾਲ ਸਬੰਧਤ ਮਾਮਲਿਆਂ ਨੂੰ ਤਰਜੀਹ ਦੇਣ ਦੀ ਹਦਾਇਤ ਵੀ ਕੀਤੀ। ਇਸ ਦੌਰਾਨ ਉਨ੍ਹਾਂ ਈਜ਼ੀ ਰਜਿਸਟ੍ਰੇਸ਼ਨ ਪ੍ਰਣਾਲੀ, ਈਜ਼ੀ ਜਮ੍ਹਾਂਬੰਦੀ ਦਾ ਵੀ ਜਾਇਜ਼ਾ ਲਿਆ। ਭ੍ਰਿਸ਼ਟਾਚਾਰ ਖਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਟਾਲਰੈਂਸ ਦੀ ਨੀਤੀ ’ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਆਮ ਲੋਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਸੇਵਾਵਾਂ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪੂਰੀ ਪਾਰਦਰਸ਼ਤਾ, ਨਿਰਵਿਘਨ ਤੇ ਤੈਅ ਸਮੇਂ ’ਚ ਮਿਲਣੀਆਂ ਚਾਹੀਦੀਆਂ ਹਨ। ਮੀਟਿੰਗ ’ਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਐੱਸਡੀਐੱਮ ਵਿਵੇਕ ਕੁਮਾਰ ਮੋਦੀ, ਰਣਦੀਪ ਸਿੰਘ ਹੀਰ, ਲਾਲ ਵਿਸ਼ਵਾਸ ਬੈਂਸ ਤੇ ਸ਼ੁਭੀ ਆਂਗਰਾ, ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ ਭੋਗਲ ਸਮੇਤ ਮਾਲ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

