ਨਵਾਂਸ਼ਹਿਰ: 
ਸ਼ੁੱਕਰਵਾਰ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਨਵਾਂਸ਼ਹਿਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈਮੇਲ ਪ੍ਰਾਪਤ ਹੋਈ। ਇਹ ਈਮੇਲ ਪ੍ਰਸ਼ਾਸਨ ਦੀ ਅਧਿਕਾਰਤ ਈਮੇਲ ਆਈਡੀ ‘ਤੇ ਭੇਜੀ ਗਈ ਸੀ, ਜਿਸ ਤੋਂ ਬਾਅਦ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿੱਚ ਆ ਗਿਆ। ਧਮਕੀ ਮਿਲਣ ਸਾਰ ਹੀ ਪੁਲਿਸ ਵੱਲੋਂ ਡੀਸੀ ਦਫ਼ਤਰ ਦੀ ਸੁਰੱਖਿਆ ਵਧਾ ਦਿੱਤੀ ਗਈ। ਡੀਐਸਪੀ ਰਾਜ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਦਫ਼ਤਰ ਦੇ ਹਰ ਕਮਰੇ ਅਤੇ ਪੂਰੇ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ। ਪ੍ਰਸ਼ਾਸਨ ਵੱਲੋਂ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਡੀਐਸਪੀ ਰਾਜ ਕੁਮਾਰ ਨੇ ਦੱਸਿਆ ਕਿ: “ਪ੍ਰਸ਼ਾਸਨ ਨੂੰ ਇੱਕ ਧਮਕੀ ਭਰੀ ਮੇਲ ਆਈ ਸੀ ਜਿਸ ਵਿੱਚ ਕੰਪਲੈਕਸ ਨੂੰ ਉਡਾਉਣ ਦੀ ਗੱਲ ਕਹੀ ਗਈ ਸੀ। ਹਾਲਾਂਕਿ ਪੁਲਿਸ ਜਾਨ-ਮਾਲ ਦੀ ਰਾਖੀ ਲਈ ਪੂਰੀ ਤਰ੍ਹਾਂ ਮੁਸਤੈਦ ਹੈ, ਪਰ ਮੁੱਢਲੀ ਜਾਂਚ ਵਿੱਚ ਇਹ ਇੱਕ ਸ਼ਰਾਰਤ ਜਾਂ ਅਫ਼ਵਾਹ ਲੱਗ ਰਹੀ ਹੈ। ਅਜਿਹੀਆਂ ਧਮਕੀ ਭਰੀਆਂ ਮੇਲਾਂ ਪੰਜਾਬ ਦੇ ਕਈ ਹੋਰ ਸ਼ਹਿਰਾਂ ਵਿੱਚ ਵੀ ਪ੍ਰਾਪਤ ਹੋਈਆਂ ਹਨ।” ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਪੁਲਿਸ ਵੱਲੋਂ ਇਸ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਸਾਈਬਰ ਸੈੱਲ ਦੀ ਮਦਦ ਲਈ ਜਾ ਰਹੀ ਹੈ।

