ਜਲੰਧਰ,
ਜਲੰਧਰ ਪੁਲੀਸ ਲਾਈਨਜ਼ ਵਿੱਚ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੁਲੀਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿਸ਼ੇਸ਼ ਯੋਗਦਾਨ ਪਾਉਣ ਵਾਲੇ 23 ਪੁਲੀਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਇਨ੍ਹਾਂ ਵਿੱਚ 5 ਸਬ-ਇੰਸਪੈਕਟਰ, 17 ਅਸਿਸਟੈਂਟ ਸਬ-ਇੰਸਪੈਕਟਰ ਅਤੇ 1 ਹੈਡ ਕਾਂਸਟੇਬਲ ਸ਼ਾਮਲ ਸਨ। ਸਾਰੇ ਅਧਿਕਾਰੀਆਂ ਨੂੰ ਸੀਸੀ-1 ਸਰਟੀਫਿਕੇਟ ਦੇ ਨਾਲ-ਨਾਲ ਕੁੱਲ ₹1.20 ਲੱਖ ਨਕਦ ਇਨਾਮ ਦਿੱਤਾ ਗਿਆ।
ਅਧਿਕਾਰੀਆਂ ਦੀ ਹੌਸਲਾ-ਅਫਜ਼ਾਈ ਕਰਦਿਆਂ, ਸੀਪੀ ਜਲੰਧਰ ਨੇ ਕਿਹਾ:
“ਸਾਡੇ ਅਧਿਕਾਰੀਆਂ ਵੱਲੋਂ ਦਿਖਾਈ ਗਈ ਹਿੰਮਤ, ਇਮਾਨਦਾਰੀ ਅਤੇ ਵਫ਼ਾਦਾਰੀ ਨੇ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਜਲੰਧਰ ਪੁਲੀਸ ਦੀ ਅਸਲ ਰੂਹ ਨੂੰ ਦਰਸਾਉਂਦੀ ਹੈ ਅਤੇ ਇੱਕ ਨਸ਼ਾ-ਮੁਕਤ ਸਮਾਜ ਬਣਾਉਣ ਦੇ ਸਾਡੇ ਵਾਅਦੇ ਨੂੰ ਹੋਰ ਪੱਕਾ ਕਰਦੀ ਹੈ।” ਇਸ ਮੌਕੇ ‘ਤੇ ਡੀ.ਸੀ.ਪੀ (ਇਨਵੈਸਟੀਗੇਸ਼ਨ) ਸ਼੍ਰੀ ਮਨਪ੍ਰੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ (ਹੈੱਡਕੁਆਟਰਜ਼) ਸ਼੍ਰੀ ਸੁਖਵਿੰਦਰ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਸਨਮਾਨਿਤ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਪੁਲੀਸਿੰਗ ਦੇ ਸਭ ਤੋਂ ਉੱਚੇ ਮਾਪਦੰਡਾਂ ਨੂੰ ਬਣਾਈ ਰੱਖਣ ਲਈ ਪ੍ਰੇਰਿਤ ਕੀਤਾ।