ਅਧਿਕਾਰੀਆਂ ਨੂੰ ਹੜ੍ਹ ਰਾਹਤ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼
ਮੇਜਰ ਟਾਈਮ , ਗੁਰਦਾਸਪੁਰ : ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਰਾਵੀ ਦਰਿਆ ਦੇ ਮਕੌੜਾ ਪੱਤਣ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐੱਸਐੱਸਪੀ ਗੁਰਦਾਸਪੁਰ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ, ਐੱਸਡੀਐੱਮ ਦੀਨਾਨਗਰ ਜਸਪਿੰਦਰ ਸਿੰਘ ਭੁੱਲਰ, ਸਹਾਇਕ ਕਮਿਸ਼ਨਰ ਰੁਪਿੰਦਰਪਾਲ ਸਿੰਘ, ਡੀਐੱਸਪੀ ਦੀਨਾਨਗਰ ਰਜਿੰਦਰ ਮਿਨਹਾਸ ਵੀ ਮੌਜੂਦ ਸਨ।ਮੁੱਖ ਸਕੱਤਰ ਕੇਏਪੀ ਸਿਨਹਾ ਵੱਲੋਂ ਮਕੌੜਾ ਪੱਤਣ ਲਾਗੇ ਹੜ੍ਹ ਕਾਰਨ ਟੁੱਟੇ ਧੁੱਸੀ ਬੰਨ੍ਹ ਨੂੰ ਪੂਰੇ ਜਾਣ ਦੇ ਕੰਮ ਦਾ ਜਾਇਜਾ ਲਿਆ। ਉਨ੍ਹਾਂ ਕਿਹਾ ਕਿ ਰਾਵੀ ਦਰਿਆ ਵਿਚ ਬਹੁਤ ਜ਼ਿਆਦਾ ਪਾਣੀ ਆਉਣ ਕਾਰਨ ਧੁੱਸੀ ਬੰਨ੍ਹ ਨੂੰ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਰਾਵੀ ਦੇ ਨਾਲ ਲੱਗਦੇ ਜ਼ਿਲ੍ਹਾ ਗੁਰਦਾਸਪੁਰ ਦੇ 324 ਪਿੰਡ ਹੜ੍ਹ ਦੀ ਲਪੇਟ ਵਿੱਚ ਆਏ ਹਨ। ਉਨ੍ਹਾਂ ਕਿਹਾ ਕਿ ਹੁਣ ਦਰਿਆ ਵਿਚ ਪਾਣੀ ਦਾ ਪੱਧਰ ਘਟਿਆ ਹੈ, ਜਿਸ ਕਾਰਨ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੀ ਪਾਣੀ ਘੱਟ ਰਿਹਾ ਹੈ।ਉਨ੍ਹਾਂ ਕਿਹਾ ਕਿ ਹੁਣ ਜੇਕਰ ਬਹੁਤ ਜ਼ਿਆਦਾ ਬਾਰਿਸ਼ ਨਾ ਹੋਈ ਅਤੇ ਦਰਿਆ ਵਿਚ ਵੀ ਸਮਰੱਥਾ ਤੋਂ ਜ਼ਿਆਦਾ ਪਾਣੀ ਨਾ ਆਇਆ ਤਾਂ ਖ਼ਤਰੇ ਦੀ ਕੋਈ ਗੱਲ ਨਹੀਂ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਧੁੱਸੀ ਬੰਨ੍ਹ ਵਿਚ ਪਏ ਪਾੜਾਂ ਨੂੰ ਪੂਰਿਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਰਾਹਤ ਕਾਰਜਾਂ ਨੂੰ ਹੋਰ ਤੇਜ਼ ਕਰਨ ਤਾਂ ਜੋ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਦਿੱਤੀ ਜਾ ਸਕੇ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਅਨੁਮਾਨ ਲਗਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਰਾਹਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜ੍ਹੀ ’ਚ ਪੰਜਾਬ ਸਰਕਾਰ ਆਪਣੇ ਲੋਕਾਂ ਦੇ ਨਾਲ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹਾਂ ਸਬੰਧੀ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਇਸ ਮੌਕੇ ਐਕਸੀਅਨ ਡਰੇਨਜ਼ ਜੋਬਨਪ੍ਰੀਤ ਸਿੰਘ, ਐਕਸੀਅਨ ਦਿਲਪ੍ਰੀਤ ਸਿੰਘ, ਐੱਸਡੀਓ ਅਮਿਤ ਲੂਣਾ, ਜੇਈ ਉਪਦੇਸ਼ ਕੁਮਾਰ, ਪ੍ਰਿਤਪਾਲ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ, ਐੱਸਐੱਚਓ ਜਤਿੰਦਰਪਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।