, ਅੰਮ੍ਰਿਤਸਰ : 
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC), ਅੰਮ੍ਰਿਤਸਰ ਦੀ ਇੱਕ ਟੀਮ ਨੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮਾਡਿਊਲ ਦੇ ਚਾਰ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ।ਪੁਲਿਸ ਨੇ ਮੁਲਜ਼ਮਾਂ ਤੋਂ ਦੋ ਆਧੁਨਿਕ ਹਥਿਆਰ ਅਤੇ ਗੋਲ਼ਾ ਬਾਰੂਦ ਵੀ ਬਰਾਮਦ ਕੀਤਾ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਜਗਪ੍ਰੀਤ ਸਿੰਘ ਉਰਫ਼ ਜੱਗਾ ਅਤੇ ਮੁਹੰਮਦ ਸਿੰਘ, ਦੋਵੇਂ ਵਾਸੀ ਕਾਜ਼ੀ ਕੋਟ ਕਲਾਂ, ਤਰਨਤਾਰਨ, ਲਵੀਸ਼ ਨਾਹਰ, ਵਾਸੀ ਬੋਰੀਵਾਲਾ ਬਾਜ਼ਾਰ, ਗੇਟ ਹਕੀਮਾਨ, ਅੰਮ੍ਰਿਤਸਰ ਅਤੇ ਅਮਰਬੀਰ ਸਿੰਘ, ਵਾਸੀ ਪ੍ਰੀਤ ਐਵੇਨਿਊ, ਗੇਟ ਹਕੀਮਾਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9mm ਗਲੋਕ ਪਿਸਤੌਲ, ਇੱਕ ਮੈਗਜ਼ੀਨ ਅਤੇ ਪੰਜ ਕਾਰਤੂਸ, ਅਤੇ ਇੱਕ .30 ਬੋਰ ਸਟਾਰ ਮਾਰਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਕਾਰਤੂਸ ਸ਼ਾਮਲ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਗਿਰੋਹ ਪੁਰਤਗਾਲ ਵਿੱਚ ਸਥਿਤ ਇੱਕ ਲੋੜੀਂਦੇ ਗੈਂਗਸਟਰ ਦੇ ਸੰਪਰਕ ਵਿੱਚ ਸੀ ਅਤੇ ਉਸ ਦੇ ਨਿਰਦੇਸ਼ਾਂ ‘ਤੇ ਸੂਬੇ ਵਿੱਚ ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚ ਰਿਹਾ ਸੀ। ਵਿਦੇਸ਼ੀ ਹੈਂਡਲਰ ਨੇ ਮੁਲਜ਼ਮਾਂ ਨੂੰ ਹਥਿਆਰਾਂ ਦੀ ਸਪਲਾਈ ਦਾ ਪ੍ਰਬੰਧ ਕੀਤਾ ਸੀ। ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਕਿ ਮੁਲਜ਼ਮਾਂ ਨੇ ਅੰਮ੍ਰਿਤਸਰ ਅਤੇ ਬਟਾਲਾ ਵਿੱਚ ਕੁਝ ਵਿਅਕਤੀਆਂ ਦੀ ਜਾਸੂਸੀ ਕੀਤੀ ਸੀ ਅਤੇ ਆਧੁਨਿਕ ਹਥਿਆਰਾਂ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਕਤਲ ਕਰਨ ਦੀ ਯੋਜਨਾ ਬਣਾ ਰਹੇ ਸਨ। ਮੁਲਜ਼ਮਾਂ ਵਿਰੁੱਧ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

