ਅੰਮ੍ਰਿਤਸਰ :
2017 ਬੈਚ ਦੇ ਅਧਿਕਾਰੀ ਦਲਵਿੰਦਰਜੀਤ ਸਿੰਘ ਨੇ ਡੀਸੀ ਅੰਮ੍ਰਿਤਸਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਪਹਿਲਾਂ ਗੁਰਦਾਸਪੁਰ ਦੇ ਡੀਸੀ ਵਜੋਂ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਇਸ ਤੋਂ ਪਹਿਲਾਂ ਪੁਲਿਸ ਦੇ ਜਵਾਨਾਂ ਨੇ ਸਲਾਮੀ ਦੇ ਕੇ ਉਨ੍ਹਾਂ ਨੂੰ ਅੰਮ੍ਰਿਤਸਰ ਪੁੱਜਣ ’ਤੇ ਜੀ ਆਇਆ ਕਿਹਾ। ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਉਹ ਖੁਸ਼ਕਿਸ਼ਮਤ ਹਨ ਕਿ ਉਨ੍ਹਾਂ ਨੂੰ ਗੁਰੂ ਨਗਰੀ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਤੇ ਉਹ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ। ਅਹੁਦਾ ਸੰਭਾਲਣ ਉਪਰੰਤ ਡੀਸੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਪਰਾਲੀ ਪ੍ਰਬੰਧਨ, ਝੋਨੇ ਦੀ ਖਰੀਦ ਤੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਟਿੰਗ ਕੀਤੀ। ਡੀਸੀ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸਿਟੀਜਨ ਸੇਵਾਵਾਂ ਨੂੰ ਬਿਨਾਂ ਕਿਸੇ ਖਜ਼ਲ ਖੁਆਰੀ ਤੋਂ ਲੋਕਾਂ ਨੂੰ ਮੁਹੱਈਆ ਕਰਵਾਉਂਣਾ ਹੈ। ਉਨ੍ਹਾਂ ਕਿਹਾ ਕਿ 90 ਫੀਸਦੀ ਲੋਕਾਂ ਨੂੰ ਕੰਮ ਸੇਵਾ ਕੇਂਦਰਾਂ ਅਤੇ ਫਰਦ ਕੇਂਦਰਾਂ ਨਾਲ ਪੈਂਦੇ ਹਨ ਅਤੇ ਪੈਂਡੈਸੀ ਖਤਮ ਹੋਣ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਚਲ ਰਹੇ ਵਿਕਾਸ ਕਾਰਜਾਂ ਵਿਚ ਤੇਜੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜਿਆਦਾ ਲੋੜ ਹੈ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਅਤੇ ਬਿਨਾਂ ਅੱਗ ਲਾਏ ਪਰਾਲੀ ਨੂੰ ਸੰਭਾਲਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਇੰਨ ਸੀਟੂ ਤੇ ਐਕਸ ਸੀਟੂ ਦੋਵਾਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਕਰਨ ਲਈ ਪੂਰਾ ਸਹਿਯੋਗ ਦੇਵੇਗਾ ਅਤੇ ਕਿਸਾਨਾਂ ਨੂੰ ਸਮੇਂ ਸਿਰ ਲੋੜੀਦੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਨਦੀਪ ਕੌਰ, ਐਸਡੀਐਮ ਗੁਰਸਿਮਰਨਜੀਤ ਸਿੰਘ, ਮਨਕੰਵਲ ਸਿੰਘ ਚਾਹਲ, ਅਮਨਦੀਪ ਸਿੰਘ, ਸੰਜੀਵ ਸ਼ਰਮਾ, ਸਹਾਇਕ ਕਮਿਸ਼ਨਰ ਅੰਡਰ ਟ੍ਰੇਨਿੰਗ ਪਿਯੂਸ਼ਾ, ਜਿਲ੍ਹਾ ਮਾਲ ਅਫ਼ਸਰ ਨਵਕਿਰਤ ਸਿੰਘ, ਜਿਲ੍ਹਾ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ ਹੁੰਦਲ, ਸਹਾਇਕ ਲੋਕ ਸੰਪਰਕ ਅਫਸਰ ਯੋਗੇਸ਼ ਕੁਮਾਰ ਆਦਿ ਅਧਿਕਾਰੀ ਮੌਜੂਦ ਸਨ। ਕੈਪਸ਼ਨ: ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਜੋ ਆਪਣਾ ਅਹੁੱਦਾ ਸੰਭਾਲਦੇ ਹੋਏ।

