, ਚੰਡੀਗੜ੍ਹ : 
ਪੰਜਾਬ ਸਰਕਾਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪਹਿਲੇ ਬੱਚੇ ਦੇ ਜਨਮ ’ਤੇ ਲਾਭਪਾਤਰੀ ਔਰਤਾਂ ਨੂੰ 5000 ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਰਕਮ ਦੋ ਕਿਸ਼ਤਾਂ ਵਿੱਚ ਅਦਾ ਕੀਤੀ ਜਾਂਦੀ ਹੈ, ਜਿਸ ਵਿੱਚ ਪਹਿਲੀ ਕਿਸ਼ਤ 3000 ਰੁਪਏ ਅਤੇ ਦੂਜੀ ਕਿਸ਼ਤ 2000 ਰੁਪਏ ਦੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਦੂਜੇ ਬੱਚੇ ਦੇ ਜਨਮ ’ਤੇ ਜੇਕਰ ਦੂਜਾ ਬੱਚਾ ਲੜਕੀ ਹੋਵੇ, ਤਾਂ ਸਰਕਾਰ ਵੱਲੋਂ 6000 ਰੁਪਏ ਦੀ ਮਾਲੀ ਸਹਾਇਤਾ ਇੱਕ ਹੀ ਕਿਸ਼ਤ ਵਿੱਚ ਪ੍ਰਦਾਨ ਕੀਤੀ ਜਾਂਦੀ ਹੈ।ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਲਾਭਪਾਤਰੀ ਔਰਤਾਂ ਦੇ ਖਾਤਿਆਂ ਵਿੱਚ ਡਾਇਰੈਕਟ ਬੈਨਿਫਿਟ ਟ੍ਰਾਂਸਫਰ (ਡੀਬੀਟੀ) ਰਾਹੀਂ ਭੇਜੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਸਮੇਂ-ਸਿਰ ਮਦਦ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਵਿੱਤੀ ਸਾਲ ਦੌਰਾਨ ਹੁਣ ਤੱਕ 69,110 ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2025-26 ਦੌਰਾਨ 1.14 ਲੱਖ ਲਾਭਪਾਤਰੀ ਔਰਤਾਂ ਨੂੰ ਇਸ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।

