ਲੁਧਿਆਣਾ :
ਨੰਦਪੁਰ ਇਲਾਕੇ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਾਂਗਰਸ ਆਗੂ ਦੇ ਭਰਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਲਹੂ ਲੁਹਾਣ ਹਾਲਤ ਵਿੱਚ ਨੌਜਵਾਨ ਨੂੰ ਹਸਪਤਾਲ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਵੀ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਕਾਂਗਰਸ ਆਗੂ ਅਨੁਜ ਕੁਮਾਰ ਦੇ ਭਰਾ ਅਮਿਤ ਕੁਮਾਰ ਵੱਜੋਂ ਹੋਈ ਹੈ।ਸੂਚਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਥਾਣਾ ਸਾਹਨੇਵਾਲ ਦੀ ਪੁਲਿਸ ਨੇ ਕੇਸ ਦੀ ਤਫਤੀਸ਼ ਸ਼ੁਰੂ ਕਰ ਦਿੱਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤ ਕੁਮਾਰ ਨੰਦਪੁਰ ਇਲਾਕੇ ਵਿੱਚ ਸ਼ਰਾਬ ਦਾ ਅਹਾਤਾ ਚਲਾਉਂਦਾ ਸੀ। ਸ਼ਰਾਬ ਦੇ ਅਹਾਤੇ ਦੇ ਬਾਹਰ ਮਾਮੂਲੀ ਗੱਲ ਨੂੰ ਲੈ ਕੇ ਉਸਦੀ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਬਹਿਸ ਹੋ ਗਈ। ਦੇਖਦੇ ਹੀ ਦੇਖਦੇ ਝਗੜੇ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਨੌਜਵਾਨਾਂ ਨੇ ਗੋਲੀਆਂ ਮਾਰ ਕੇ ਅਮਿਤ ਨੂੰ ਗੰਭੀਰ ਰੂਪ ਵਿੱਚ ਫੱਟੜ ਕਰ ਦਿੱਤਾ।ਲਹੂ ਲੁਹਾਨ ਹੋਏ ਅਮਿਤ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ ਸੀ। ਅਮਿਤ ਨੂੰ ਤੁਰੰਤ ਹਸਪਤਾਲ ਲਿਜਾਂਦਾ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਜਾਣਕਾਰੀ ਤੋਂ ਬਾਅਦ ਥਾਣਾ ਸਾਹਨੇਵਾਲ ਦੇ ਇੰਚਾਰਜ ਗੁਰਮੁਖ ਸਿੰਘ ਮੌਕੇ ਤੇ ਪਹੁੰਚੇ ਅਤੇ ਕੇਸ ਦੀ ਪੜਤਾਲ ਸ਼ੁਰੂ ਕੀਤੀ। ਪੁਲਿਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਕੇ ਮੁਲਜਮਾਂ ਨੂੰ ਤਲਾਸ਼ ਕਰ ਰਹੀ ਹੈ।