ਲੁਧਿਆਣਾ
ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਰਾਜ ਮੰਤਰੀ ਨਿਮੂਬੇਨ ਜਯੰਤੀਭਾਈ ਬਾਂਭਨੀਆ ਨੇ ਰਾਹਤ ਅਤੇ ਮੁੜ ਵਸੇਬਾ ਕੰਮਾਂ ਦਾ ਜਾਇਜ਼ਾ ਲੈਣ ਲਈ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਜਿਸ ਵਿੱਚ ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ, ਬੌੰਕਰ ਡੋਗਰਾਂ , ਗੋਰਸੀਆਂ ਹਾਕਮ ਵੀ ਸ਼ਾਮਲ ਹਨ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ, ਕਿਸਾਨਾਂ, ਔਰਤਾਂ ਅਤੇ ਕਮਜ਼ੋਰ ਵਰਗਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਲਗਾਤਾਰ ਰਾਹਤ ਉਪਰਾਲਿਆਂ ਦਾ ਭਰੋਸਾ ਦਿੱਤਾ। ਇਸ ਮੌਕੇ ਮੰਤਰੀ ਨੇ ਸਥਾਨਕ ਪੰਚਾਇਤ ਮੈਂਬਰਾਂ ਅਤੇ ਹੋਰ ਅਧਿਕਾਰੀਆਂ ਸਮੇਤ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਚੱਲ ਰਹੇ ਮੁੜ ਵਸੇਬਾ ਕੰਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ। ਪ੍ਰਭਾਵਿਤ ਕਿਸਾਨਾਂ ਅਤੇ ਪਰਿਵਾਰਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਪੰਜਾਬ ਆਏ ਸਨ। 9 ਸਤੰਬਰ ਨੂੰ ਉਨ੍ਹਾਂ ਆਫ਼ਤ ਦਾ ਜਾਇਜ਼ਾ ਲੈਣ ਲਈ ਪੰਜਾਬ ਦਾ ਹਵਾਈ ਸਰਵੇਖਣ ਕੀਤਾ ਅਤੇ ਪ੍ਰਭਾਵਿਤ ਲੋਕਾਂ ਲਈ ਦਿਲ ਖੋਲ੍ਹ ਕੇ ਆਰਥਿਕ ਮਦਦ ਦਾ ਐਲਾਨ ਕੀਤਾ । ਉਨ੍ਹਾਂ ਕੇਂਦਰੀ ਮੰਤਰੀਆਂ ਨੂੰ ਪੰਜਾਬ ਦੇ ਲੋਕਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਪੰਜਾਬ ਦੇ ਹਰ ਪਰਿਵਾਰ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਇਹ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ ਕਿ ਪ੍ਰਭਾਵਿਤ ਪਰਿਵਾਰਾਂ ਤੱਕ ਹਰ ਸੰਭਵ ਸਹਾਇਤਾ ਜਲਦੀ ਤੋਂ ਜਲਦੀ ਪਹੁੰਚੇ। ਉਨ੍ਹਾਂ ਅੱਗੇ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਮੀਟਿੰਗ ਕੀਤੀ ਹੈ। ਗ੍ਰਹਿ ਮੰਤਰੀ ਦੇ ਨਿਰਦੇਸ਼ਾਂ ਹੇਠ, ਕੇਂਦਰੀ ਟੀਮ ਨੇ ਪੰਜਾਬ ਵਿੱਚ ਸਰਵੇਖਣ ਦਾ ਕੰਮ ਪੂਰਾ ਕਰ ਲਿਆ ਹੈ। ਖੇਤੀਬਾੜੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਪੰਜਾਬ ਦੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਪ੍ਰਦਾਨ ਕੀਤੀ ਹੈ। ਫੰਡ ਦੀ 21ਵੀਂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਲਗਭਗ 11 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਫੰਡ ਟਰਾਂਸਫਰ ਕਰ ਦਿੱਤੇ ਹਨ, ਜਿਸ ਨਾਲ ਉਨ੍ਹਾਂ ਨੂੰ ਤੁਰੰਤ ਰਾਹਤ ਮਿਲ ਰਹੀ ਹੈ। ਖੁਰਾਕ ਵਿਭਾਗ ਨੇ ਵੀ ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਲੋਕਾਂ ਨੂੰ ਢੁਕਵਾਂ ਰਾਸ਼ਨ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਹਮੇਸ਼ਾ ਹਿੰਮਤ ਦਾ ਪ੍ਰਤੀਕ ਰਹੀ ਹੈ। ਸੰਕਟ ਦੇ ਇਸ ਸਮੇਂ ਦੌਰਾਨ, ਸਵੈ-ਸੇਵੀ ਸੰਗਠਨਾਂ ਅਤੇ ਲੋਕਾਂ ਨੇ ਰਲ਼-ਮਿਲ ਕੇ ਕੰਮ ਕੀਤਾ ਹੈ। ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਜਲਦੀ ਹੀ ਪੰਜਾਬ ਦੀ ਇਹ ਪਵਿੱਤਰ ਧਰਤੀ ਇੱਕ ਵਾਰ ਫਿਰ ਹਰਿਆਲੀ ਭਰਪੂਰ ਹੋਵੇਗੀ ਅਤੇ ਸਾਰਿਆਂ ਦਾ ਜੀਵਨ ਮੁੜ ਲੀਹ ਤੇ ਆ ਜਾਵੇਗਾ। ਇਸ ਦੌਰੇ ਦੌਰਾਨ ਮੰਤਰੀ ਦੇ ਨਾਲ ਸੀਨੀਅਰ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀ ਅਤੇ ਹੋਰ ਪਤਵੰਤੇ ਮੌਜੂਦ ਸਨ। ਇਸ ਉਪਰੰਤ ਮੰਤਰੀ ਲੋਪੋਂ ਸਥਿਤ ਦਰਬਾਰ ਸੰਪਰਦਾ ਵੀ ਗਏ।