ਕੁਹਾੜਾ :
ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਅਤੇ ਸੜਕੀ ਸੰਪਰਕ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਨੂੰ ਜਾਰੀ ਰੱਖਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ 34 ਲੱਖ ਰੁਪਏ ਦੀ ਲਾਗਤ ਵਾਲੇ ਸਿਹਤ ਅਤੇ ਤੰਦਰੁਸਤੀ ਕੇਂਦਰ ਅਤੇ ਗਿੱਲ ਪੈਟਰੋਲ ਪੰਪ ਕੋਹਾੜਾ ਤੋਂ ਕੋਹਾੜਾ-ਮਾਛੀਵਾੜਾ ਸੜਕ ਤਕ 26.33 ਲੱਖ ਰੁਪਏ ਦੀ ਲਾਗਤ ਨਾਲ ਲਿੰਕ ਸੜਕ ਦੀ ਕਾਰਪੇਟਿੰਗ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਰ ਕੋਨੇ ਤਕ ਗੁਣਵੱਤਾ ਵਾਲੀ ਸਿਹਤ ਸੰਭਾਲ ਅਤੇ ਮਜ਼ਬੂਤ ਬੁਨਿਆਦੀ ਢਾਂਚਾ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸਿਹਤ ਅਤੇ ਤੰਦਰੁਸਤੀ ਕੇਂਦਰ ਸਥਾਨਕ ਵਾਸੀਆਂ ਨੂੰ ਮੁਫ਼ਤ ਪਹੁੰਚਯੋਗ ਅਤੇ ਵਿਆਪਕ ਪ੍ਰਾਇਮਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰੇਗਾ, ਜਦੋਂਕਿ ਸੜਕ ਸੰਪਰਕ ਵਿੱਚ ਸੁਧਾਰ ਕਰੇਗੀ, ਆਵਾਜਾਈ ਨੂੰ ਆਸਾਨ ਬਣਾਏਗੀ ਅਤੇ ਸਥਾਨਕ ਵਪਾਰ ਅਤੇ ਖੇਤੀਬਾੜੀ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਲੋਕਾਂ ਨੂੰ ਪਾਰਦਰਸ਼ਤਾ ਅਤੇ ਸਮੇਂ ਸਿਰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਨਿਗਰਾਨੀ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਇੱਕ ਲੋਕ-ਕੇਂਦ੍ਰਿਤ ਸਰਕਾਰ ਹੈ ਅਤੇ ਇਹ ਪ੍ਰਾਜੈਕਟ ਲੋਕਾਂ ਲਈ ਹਨ। ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਟਿਕਾਊ ਅਤੇ ਸਮਾਵੇਸ਼ੀ ਵਿਕਾਸ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਤਰਜੀਹ ਦੇਣ ਲਈ ਵੀ ਸਮਰਪਿਤ ਹੈ।

