ਜਲੰਧਰ ਮੇਜਰ ਟਾਈਮਸ ਬਿਉਰੋ :
ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਬੁੱਧਵਾਰ ਨੂੰ ਸਟੇਟ ਫਲੱਡ ਕੰਟਰੋਲ ਰੂਮ ਦਾ ਦੌਰਾ ਕਰ ਕੇ ਹੜ੍ਹ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਮੌਕੇ ’ਤੇ ਮੌਜੂਦ ਅਧਿਕਾਰੀਆਂ ਤੋਂ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਤੇ ਰਾਹਤ ਤੇ ਬਚਾਅ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰਨ ਦੇ ਨਿਰਦੇਸ਼ ਦਿੱਤੇ। ਕੈਬਨਿਟ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਹਾੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਕਿਸੇ ਵੀ ਪੀੜਤ ਨੂੰ ਇਕੱਲੇ ਮਹਿਸੂਸ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਾਫ਼ ਸ਼ਬਦਾਂ ’ਚ ਆਦੇਸ਼ ਦਿੱਤੇ ਕਿ ਪ੍ਰਭਾਵਿਤ ਖੇਤਰਾਂ ਤੋਂ ਤੁਰੰਤ ਰਿਪੋਰਟ ਤਿਆਰ ਕੀਤੀ ਜਾਵੇ, ਤਾਂ ਜੋ ਲੋਕਾਂ ਤੱਕ ਸਮੇਂ ਸਿਰ ਰਾਹਤ ਸਮੱਗਰੀ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ’ਚ ਸਰਕਾਰ ਹਰ ਸਥਿਤੀ ’ਤੇ ਨਿਗਰਾਨੀ ਕਰ ਰਹੀ ਹੈ ਤੇ ਪ੍ਰਸ਼ਾਸਨਿਕ ਮਸ਼ੀਨਰੀ ਨੂੰ 24 ਘੰਟੇ ਅਲਰਟ ਮੋਡ ’ਤੇ ਰੱਖਿਆ ਗਿਆ ਹੈ। ਭਗਤ ਨੇ ਕੰਟਰੋਲ ਰੂਮ ਦਾ ਦੌਰਾ ਕਰਨ ਤੋਂ ਬਾਅਦ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਹੜ੍ਹ ਪੀੜਤ ਪਿੰਡਾਂ ਤੇ ਪਰਿਵਾਰਾਂ ਦੀਆਂ ਆਉਣ ਵਾਲੀਆਂ ਹਰ ਕਾਲ ’ਤੇ ਤੁਰੰਤ ਕਾਰਵਾਈ ਕਰਦੇ ਹੋਏ ਰਾਹਤ ਸਮੱਗਰੀ ਤੇ ਜ਼ਰੂਰੀ ਸੁਵਿਧਾਵਾਂ ਸਮੇਂ ਸਿਰ ਪਹੁੰਚਾਈਆਂ ਜਾਣ, ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਕੌਂਸਲਰ ਪਤੀ ਸੌਰਭ ਸੇਠ, ਅਮਨ ਸਿੰਘ, ਕਮਲ ਲੋਚ ਵੀ ਮੌਜੂਦ ਸਨ।