ਜਲੰਧਰ : 
ਗੁਰੂਆਂ ਦੀ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਗਏ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਵਿਰੋਧੀ ਧਿਰ ਨੂੰ ਬੋਲਣ ਦਾ ਮੌਕਾ ਨਾ ਦੇ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵਿਰੋਧੀਆਂ ਨਾਲ ਧੱਕਾ ਕੀਤਾ ਹੈ। ਇਹ ਵਿਸ਼ੇਸ਼ ਸੈਸ਼ਨ ਪੰਜਾਬ ਵਿਧਾਨ ਸਭਾ ਦਾ ਨਹੀਂ ਬਲਕਿ ਆਮ ਆਦਮੀ ਪਾਰਟੀ ਦਾ ਹੋ ਨਿਬੜਿਆ ਹੈ, ਜਿਸ ’ਚ ਸਿਰਫ਼ ਸੱਤਾਧਾਰੀ ਪਾਰਟੀ ਦੇ ਵਿਧਾਇਕ ਤੇ ਮੁੱਖ ਮੰਤਰੀ ਹੀ ਬੋਲੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਦਮਪੁਰ ਹਲਕੇ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ‘ਪੰਜਾਬੀ ਜਾਗਰਣ’ ਨਾਲ ਗੱਲਬਾਤ ਕਰਦਿਆਂ ਕੀਤਾ। ਵਿਧਾਇਕ ਕੋਟਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਿਧਾਇਕਾਂ ਨੂੰ ਇਸ ਵਿਸ਼ੇਸ਼ ਸੈਸ਼ਨ ਦੌਰਾਨ ਸੱਦਿਆ ਸੀ ਪਰ ਕਿਸੇ ਨੂੰ ਵੀ ਬੋਲਣ ਦਾ ਮੌਕਾ ਨਹੀਂ ਦਿੱਤਾ। ਵਿਰੋਧੀ ਧਿਰ ਵੱਲੋਂ ਸਿਰਫ਼ ਤੇ ਸਿਰਫ਼ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਹੀ ਬੋਲਣ ਦਾ ਮੌਕਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਘੰਟੇ ਦਾ ਭਾਸ਼ਣ ਦਿੱਤਾ ਤੇ ਸੱਤਾਧਾਰੀ ਧਿਰ ਦੇ 10 ਵਿਧਾਇਕਾਂ ਨੇ ਵੀ ਆਪਣੀ ਗੱਲ ਰੱਖ ਪਰ ਜਦੋਂ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੇ ਬੋਲਣ ਦਾ ਸਮਾਂ ਮੰਗਿਆ ਤਾਂ ਸਪੀਕਰ ਨੇ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੀ ਇਸ ਧੱਕੇਸ਼ਾਹੀ ਦਾ ਉਨ੍ਹਾਂ ਨੇ ਸਾਥੀਆਂ ਸਮੇਤ ਵਿਧਾਨ ਸਭਾ ਸੈਸ਼ਨ ਦੌਰਾਨ ਰੋਸ ਦਰਜ ਕਰਵਾਇਆ। ਵਿਧਾਇਕ ਕੋਟਲੀ ਨੇ ਕਿਹਾ ਕਿ ਉਨ੍ਹਾਂ ਜਿੱਥੇ ਸੱਤਾਧਾਰੀ ਧਿਰ ਦੇ ਇਸ ਧੱਕੇ ਵਿਰੁੱਧ ਸੈਸ਼ਨ ਦੌਰਾਨ ਵਿਰੋਧ ਦਰਜ ਕਰਵਾਇਆ, ਉਥੇ ਹੀ ਸ੍ਰੀ ਅਨੰਦਪੁਰ ਸਾਹਿਬ ਦੀ ਇਸ ਪਵਿੱਤਰ ਧਰਤੀ ਜੋ ਕਿ ਗੁਰੂ ਸਾਹਿਬਾਨ ਵੱਲੋਂ ਵਰੋਸਾਈ ਹੈ, ’ਤੇ ਨਤਮਸਤਕ ਹੁੰਦਿਆਂ ਰੋਸ ਜ਼ਾਹਰ ਕੀਤਾ ਗਿਆ ਕਿ ਗੁਰੂ ਸਾਹਿਬਾਨ ਇਸ ਹੰਕਾਰੀ ਹੋਈ ਸਰਕਾਰ ਨੂੰ ਸਮੱਤ ਬਖਸ਼ਣ, ਕਿਉਂਕਿ ਇਸ ਦਾ ਇਹ ਧੱਕਾ ਹੋਰ ਨਹੀਂ ਚੱਲਣ ਵਾਲਾ। ਕੋਟਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਕੋਲ ਇਕ ਸਾਲ ਬਚਿਆ ਹੈ ਤੇ 2027 ’ਚ ਪੰਜਾਬ ਦੇ ਲੋਕ ਇਨ੍ਹਾਂ ਨੂੰ ਮੂੰਹ ਨਹੀਂ ਲਾਉਣਗੇ, ਫਿਰ ਅਸੀਂ ਆਪਣੀ ਗੱਲ ਖੁੱਲ੍ਹ ਕੇ ਕਰਿਆ ਕਰਾਂਗੇ।

