ਅੰਮ੍ਰਿਤਸਰ :
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੁੱਧਵਾਰ ਨੂੰ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਬਾਬਾ ਸਤਨਾਮ ਸਿੰਘ ਦੇ ਨਾਲ ਅੰਮ੍ਰਿਤਸਰ ਜ਼ਿਲ੍ਹੇ ਦੇ ਅਜਨਾਲਾ ਸਰਹੱਦੀ ਖੇਤਰ ਵਿਚ ਹੜ੍ਹ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਲੋਕਾਂ ਦੇ ਘਰਾਂ, ਫ਼ਸਲਾਂ ਤੇ ਪਸ਼ੂਆਂ ਨੂੰ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਗਿਆਨੀ ਕੁਲਦੀਪ ਸਿੰਘ ਨੇ ਪੰਜਾਬ ਦੇ ਸਾਰੇ ਸਿੱਖ ਨੌਜਵਾਨਾਂ ਤੇ ਰਾਹਤ ਸਮੱਗਰੀ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰਾਂ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦੇ ਹੋਏ ਉਨ੍ਹਾਂ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤਾਂ ਦੀ ਮਦਦ ਵਿਚ ਫੇਲ੍ਹ ਰਹੀ ਹੈ। ਉਨ੍ਹਾਂ ਨੇ ਸੇਵਾ ਸੰਗਠਨਾਂ ਨੂੰ ਅਪੀਲ ਕੀਤੀ ਕਿ ਰਾਹਤ ਸਮੱਗਰੀ ਹਰ ਲੋੜਵੰਦ ਪਰਿਵਾਰ ਤੱਕ ਪਹੁੰਚਾਈ ਜਾਵੇ।