ਹੁਸ਼ਿਆਰਪੁਰ :
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ’ਚ ਜ਼ਿਲ੍ਹੇ ਅੰਦਰ ਪ੍ਰੈਗਾਬਾਲਿਨ ਕੈਪਸੂਲਾਂ ਨੂੰ ਬਿਨਾਂ ਲਾਇਸੈਂਸ ਰੱਖਣ, ਮਨਜ਼ੂਰਸ਼ੁਦਾ ਮਾਤਰਾ ਤੋਂ ਵੱਧ ਰੱਖਣ/ਵੇਚਣ ਅਤੇ ਇਹ ਦਵਾਈ ਬਿਨਾਂ ਡਾਕਟਰ ਦੀ ਪਰਚੀ ਤੋਂ ਵੇਚਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸੇ ਤਰ੍ਹਾਂ ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਜਨਤਕ ਇਕੱਠਾਂ, ਧਾਰਮਿਕ ਅਸਥਾਨਾਂ, ਵਿਆਹ ਪਾਰਟੀਆਂ/ਸ਼ਾਦੀਆਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਨਹੀਂ ਚੱਲੇਗਾ ਅਤੇ ਹਥਿਆਰਾਂ ਦੀ ਜਨਤਕ/ਸੋਸ਼ਲ ਮੀਡੀਆ ਰਾਹੀਂ ਪ੍ਰਦਰਸ਼ਨੀ ’ਤੇ ਪੂਰਨ ਪਾਬੰਦੀ ਹੋਵੇਗੀ ਅਤੇ ਨਾਲ ਹੀ ਹਥਿਆਰ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ਨੂੰ ਵਜਾਉਣ ’ਤੇ ਵੀ ਪੂਰਨ ਪਾਬੰਦੀ ਹੋਵੇਗੀ। ਇਸੇ ਤਰ੍ਹਾਂ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਰਾਤ ਸਮੇਂ ਪਿੰਡਾਂ ਵਿਚ ਠੀਕਰੀ ਪਹਿਰਾ ਲਾਇਆ ਜਾਵੇ ਤਾਂ ਜੋ ਭੈੜੇ ਅਨਸਰਾਂ ਵੱਲੋਂ ਕਿਸੇ ਘਟਨਾ ਨੂੰ ਅੰਜ਼ਾਮ ਨਾ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਜ਼ਿਲ੍ਹੇ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਰਹੇਗੀ ਕਿਉਂਕਿ ਅਜਿਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰੇਟ ਅਤੇ ਮਨੁੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਾਈ ਗਈ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ ਦੀਆਂ ਸਮੂਹ ਵੈਟਰਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ, ਮਿਲਕਫੈੱਡ ਅਤੇ ਕਾਲਜ ਆਫ਼ ਵੈਟਰਨਰੀ ਸਾਇੰਸ, ਗਡਵਾਸੂ ਲੁਧਿਆਣਾ ਦੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਨ੍ਹਾਂ ਨੇ ਸਿਰਫ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ’ਤੇ ਲਾਗੂ ਨਹੀਂ ਹੋਵੇਗੀ। ਇਹ ਸਾਰੇ ਹੁਕਮ 7 ਨਵੰਬਰ 2025 ਤਕ ਲਾਗੂ ਰਹਿਣਗੇ। ਜੋ ਵੀ ਇਨ੍ਹਾਂ ਹੁਕਮਾਂ ਦੀ ਪਾਲਣਾ ਨਹੀਂ ਕਰੇਗਾ ਉਸ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।