ਜਲੰਧਰ,
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਰੈੱਡ ਕਰਾਸ ਦਿਵਿਆਂਗ ਸਕੂਲ ਅਤੇ ਪ੍ਰਯਾਸ ਸਕੂਲ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਅਤੇ ਓਲਡ ਏਜ ਹੋਮ ਦੇ ਬਜ਼ੁਰਗਾਂ ਨਾਲ ਦੀਵਾਲੀ ਦੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਡਾ. ਅਗਰਵਾਲ ਨੇ ਬੱਚਿਆਂ ਅਤੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ ਅਤੇ ਉਨ੍ਹਾਂ ਨੂੰ ਮਠਿਆਈ ਵੰਡੀ। ਡਾ. ਅਗਰਵਾਲ ਨੇ ਕਿਹਾ ਕਿ ਦੀਵਾਲੀ ਰੌਸ਼ਨੀਆਂ ਦਾ ਤਿਉਹਾਰ ਹੈ, ਜੋ ਕਿ ਪੂਰੇ ਦੇਸ਼ ਵਿੱਚ ਬੜੇ ਉਤਸ਼ਾਹ ਤੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਤਿਉਹਾਰ ਖੁਸ਼ੀਆਂ ਤੇ ਖੇੜਿਆਂ ਦਾ ਸਰੋਤ ਹਨ ਅਤੇ ਇਨ੍ਹਾਂ ਦੀਆਂ ਖੁਸ਼ੀਆਂ ਸਾਨੂੰ ਸਭ ਨਾਲ ਰਲ ਕੇ ਮਨਾਉਣੀਆਂ ਚਾਹੀਦੀਆਂ ਹਨ ਤਾਂ ਜੋ ਹਰੇਕ ਦੇ ਚਿਹਰੇ ’ਤੇ ਮੁਸਕਾਨ ਲਿਆਂਦੀ ਜਾ ਸਕੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚੇ ਅਤੇ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ, ਜਿਨ੍ਹਾਂ ਨਾਲ ਸਮਾਂ ਬਿਤਾ ਕੇ ਉਨ੍ਹਾਂ ਨੂੰ ਦਿਲੀ ਖੁਸ਼ੀ ਮਿਲੀ ਹੈ। ਉਨ੍ਹਾਂ ਓਲਡ ਏਜ ਹੋਮ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਜਿਹੇ ਲੋਕਾਂ ਦੀ ਸਹਾਇਤਾ ਲਈ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਹੋਰ ਬਿਹਤਰ ਢੰਗ ਨਾਲ ਚਲਾਉਣ ਵਿੱਚ ਹਰ ਸੰਭਵ ਸਹਿਯੋਗ ਦੇਣ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਵੀ ਦੁਹਰਾਈ। ਉਨ੍ਹਾਂ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਨੂੰ ਪ੍ਰਦੁਸ਼ਣ ਮੁਕਤ ਤਰੀਕੇ ਨਾਲ ਮਨਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਇਸ ਤੋਂ ਪਹਿਲਾਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸੁਰਜੀਤ ਲਾਲ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦਾ ਰੈੱਡ ਕਰਾਸ ਦਿਵਿਆਂਗ ਸਕੂਲ ਵਿਖੇ ਪਹੁੰਚਣ ’ਤੇ ਸਵਾਗਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦਾ ਸਟਾਫ਼ ਵੀ ਮੌਜੂਦ ਸੀ।