ਚੰਡੀਗੜ੍ਹ : 
ਤਰਨਤਾਰਨ ਉਪ ਚੋਣ ਦੌਰਾਨ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਦਰਜ ਐੱਫਆਈਆਰ ਦੇ ਸਬੰਧ ਵਿੱਚ ਡੀਜੀਪੀ ਗੌਰਵ ਯਾਦਵ ਚੋਣ ਕਮਿਸ਼ਨ ਅੱਗੇ ਪੇਸ਼ ਹੋਏ। ਉਨ੍ਹਾਂ ਨੇ ਘਟਨਾ ਤੇ ਪੁਲਿਸ ਕਾਰਵਾਈ ਨਾਲ ਸਬੰਧਤ ਸਾਰੇ ਤੱਥ ਕਮਿਸ਼ਨ ਨੂੰ ਸੌਂਪੇ। ਸੂਤਰਾਂ ਅਨੁਸਾਰ ਡੀਜੀਪੀ ਨੇ ਕਮਿਸ਼ਨ ਨੂੰ ਭਰੋਸਾ ਦਿੱਤਾ ਕਿ ਪੁਲਿਸ ਨੇ ਉਪ ਚੋਣ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਂਚ ਦੇ ਕਦਮ ਚੁੱਕੇ ਅਤੇ ਕਿਸੇ ਵੀ ਪਾਰਟੀ ਨਾਲ ਵਿਤਕਰਾ ਨਹੀਂ ਕੀਤਾ ਗਿਆ। ਤਰਨਤਾਰਨ ਵਿਧਾਨ ਸਭਾ ਸੀਟ ਲਈ ਉਪ ਚੋਣ ਕਾਫ਼ੀ ਵਿਵਾਦ ਵਿੱਚ ਘਿਰੀ ਰਹੀ। ਵੋਟਿੰਗ ਤੋਂ ਪਹਿਲਾਂ ਅਤੇ ਬਾਅਦ ਵਿੱਚ ਤਰਨਤਾਰਨ, ਅੰਮ੍ਰਿਤਸਰ, ਮੋਗਾ ਅਤੇ ਬਟਾਲਾ ਵਿੱਚ ਅਕਾਲੀ ਦਲ ਦੇ ਵਰਕਰਾਂ ਵਿਰੁੱਧ ਨੌਂ ਐੱਫਆਈਆਰਜ਼ ਦਰਜ ਕੀਤੀਆਂ ਗਈਆਂ ਸਨ। ਅਕਾਲੀ ਦਲ ਨੇ ਦੋਸ਼ ਲਗਾਇਆ ਕਿ ਪੁਲਿਸ ਨੇ ਰਾਜਨੀਤਕ ਦਬਾਅ ਹੇਠ ਉਸ ਦੇ ਵਰਕਰਾਂ ਨੂੰ ਨਿਸ਼ਾਨਾ ਬਣਾਇਆ। ਇਸ ਸ਼ਿਕਾਇਤ ਤੋਂ ਬਾਅਦ ਚੋਣ ਕਮਿਸ਼ਨ ਨੇ ਮਾਮਲੇ ਦਾ ਨੋਟਿਸ ਲਿਆ। ਚੋਣ ਕਮਿਸ਼ਨ ਦੇ ਨਿਗਰਾਨ ਤੇ ਓਡੀਸ਼ਾ ਕਾਡਰ ਦੇ ਆਈਪੀਐੱਸ ਅਧਿਕਾਰੀ ਸ਼ਾਇਨੀ ਐੱਸ ਨੇ ਮਾਮਲੇ ’ਤੇ ਤਿੰਨ ਪੰਨਿਆਂ ਦੀ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਐੱਫਆਈਆਰ ਦਰਜ ਕਰਨ ਦੀ ਪ੍ਰਕਿਰਿਆ, ਗ੍ਰਿਫਤਾਰੀਆਂ ਦੇ ਸਮੇਂ ਅਤੇ ਪੁਲਿਸ ਕਾਰਵਾਈ ਦੀ ਨਿਰਪੱਖਤਾ ’ਤੇ ਸਵਾਲ ਉਠਾਏ ਗਏ ਸਨ। ਇਸ ਰਿਪੋਰਟ ਦੇ ਆਧਾਰ ’ਤੇ ਕਮਿਸ਼ਨ ਨੇ 8 ਨਵੰਬਰ ਨੂੰ ਤਰਨਤਾਰਨ ਦੀ ਤਤਕਾਲੀ ਐੱਸਐੱਸਪੀ ਰਵਜੋਤ ਕੌਰ ਨੂੰ ਮੁਅੱਤਲ ਕਰ ਦਿੱਤਾ ਸੀ।ਹਾਲਾਂਕਿ ਮੁਅੱਤਲੀ ਤੋਂ ਪਹਿਲਾਂ ਫਿਰੋਜ਼ਪੁਰ ਰੇਂਜ ਦੇ ਡੀਆਈਜੀ ਨੇ ਆਪਣੀ ਰਿਪੋਰਟ ਵਿੱਚ ਐੱਸਐੱਸਪੀ ਨੂੰ ਕਲੀਨ ਚਿੱਟ ਦੇ ਦਿੱਤੀ ਸੀ, ਜਿਸ ਵਿੱਚ ਕਾਰਵਾਈ ਨੂੰ ਚੱਲ ਰਹੀ ਜਾਂਚ ਦਾ ਹਿੱਸਾ ਦੱਸਿਆ ਗਿਆ ਸੀ। ਕਮਿਸ਼ਨ ਨੇ ਇਸ ਨੂੰ ਨਾਕਾਫ਼ੀ ਸਮਝਦੇ ਹੋਏ ਉੱਚ ਪੱਧਰੀ ਜਾਂਚ ਦਾ ਆਦੇਸ਼ ਦਿੱਤਾ। ਯਾਦਵ ਦੇ ਪੇਸ਼ ਹੋਣ ਅਤੇ ਸਪੱਸ਼ਟੀਕਰਨ ਤੋਂ ਬਾਅਦ ਕਮਿਸ਼ਨ ਅਗਲੀ ਕਾਰਵਾਈ ਦਾ ਫੈਸਲਾ ਕਰੇਗਾ। ਮੰਨਿਆ ਜਾ ਰਿਹਾ ਹੈ ਕਿ ਕਮਿਸ਼ਨ ਜਲਦੀ ਹੀ ਇਸ ਮਾਮਲੇ ਨੂੰ ਹੱਲ ਕਰਨ ਵੱਲ ਕਦਮ ਚੁੱਕ ਸਕਦਾ ਹੈ।

