ਤਰਨਤਾਰਨ ਵਿੱਚ ਦੇਸ਼ਭਗਤੀ ਦੇ ਰੰਗ ’ਚ ਰੰਗਿਆ ਆਜ਼ਾਦੀ ਦਿਵਸ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਲਹਿਰਾਇਆ ਤਿਰੰਗਾ

ਤਰਨਤਾਰਨ: MAJOR TIMES

ਤਰਨਤਾਰਨ ਵਿੱਚ 80ਵਾਂ ਆਜ਼ਾਦੀ ਦਿਵਸ ਪੂਰੇ ਜੋਸ਼, ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਪੁਲਿਸ ਲਾਈਨ ਗਰਾਊਂਡ ਵਿਖੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਇਆ। ਇਸ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।  ਇਸ ਮੌਕੇ ਡਿਪਟੀ ਕਮਿਸ਼ਨਰ ਰਾਹੁਲ ਅਤੇ ਐੱਸ.ਐੱਸ.ਪੀ. ਸੁਰੇਂਦਰ ਲਾਂਬਾ ਵੀ ਮੌਜੂਦ ਰਹੇ। ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ, ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਸਮੇਤ ਡਿਪਟੀ ਸਪੀਕਰ ਦੇ ਪਰਿਵਾਰਕ ਮੈਂਬਰਾਂ ਨੇ ਵੀ ਸਮਾਗਮ ਵਿੱਚ ਸ਼ਿਰਕਤ ਕੀਤੀ। ਪਰੇਡ ਕਮਾਂਡਰ ਡੀ.ਐੱਸ.ਪੀ. ਪ੍ਰਵੇਸ਼ ਕੁਮਾਰ ਦੀ ਅਗਵਾਈ ਹੇਠ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਐੱਨ.ਸੀ.ਸੀ. ਕੈਡਿਟਾਂ ਅਤੇ ਐੱਨ.ਐੱਸ.ਐੱਸ. ਗਰਲ ਗਾਈਡਜ਼ ਦੀਆਂ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ਕੀਤਾ। ਪੁਲਿਸ ਅਤੇ ਸਕੂਲ ਬੈਂਡ ਦੀਆਂ ਧੁਨਾਂ ਨੇ ਸਮਾਗਮ ਵਿੱਚ ਜੋਸ਼ ਭਰ ਦਿੱਤਾ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪੀ.ਟੀ. ਸ਼ੋਅ, ਸ਼ਬਦ ਗਾਇਨ, ਗਰੁੱਪ ਸੌਂਗ ਅਤੇ ਦੇਸ਼ ਭਗਤੀ ਨਾਲ ਜੁੜੀਆਂ ਕਈ ਪੇਸ਼ਕਾਰੀਆਂ ਦਿੱਤੀਆਂ। ਗਿੱਧੇ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਹਾਜ਼ਰੀਨ ਵੱਲੋਂ ਜ਼ੋਰਦਾਰ ਤਾੜੀਆਂ ਨਾਲ ਸਰਾਹਿਆ ਗਿਆ।

ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨਾ ਸਾਡਾ ਫਰਜ਼: ਰੌੜੀ

ਸਮਾਗਮ ਨੂੰ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਤਰਨਤਾਰਨ ਦੀ ਪਵਿੱਤਰ ਧਰਤੀ ’ਤੇ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦਾ ਮੌਕਾ ਮਿਲਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜ਼ਾਦੀ ਦਿਵਾਉਣ ਲਈ ਅਨੇਕਾਂ ਆਜ਼ਾਦੀ ਘੁਲਾਟੀਆਂ ਅਤੇ ਸੂਰਬੀਰਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਦੇ ਦਰਸਾਏ ਰਸਤੇ ’ਤੇ ਚੱਲਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਆਪਣਾ ਯੋਗਦਾਨ ਪਾਈਏ। ਡਿਪਟੀ ਸਪੀਕਰ ਨੇ ਕਿਹਾ ਕਿ ਵੱਖ-ਵੱਖ ਆਜ਼ਾਦੀ ਲਹਿਰਾਂ, ਅੰਦੋਲਨਾਂ ਅਤੇ ਕੁਰਬਾਨੀਆਂ ਦੇ ਨਤੀਜੇ ਵਜੋਂ ਹੀ ਦੇਸ਼ ਨੂੰ ਆਜ਼ਾਦੀ ਹਾਸਲ ਹੋਈ। ਇਸ ਦੇ ਨਾਲ ਹੀ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ, ਪ੍ਰਸ਼ਾਸਕੀ ਸੁਧਾਰਾਂ ਅਤੇ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਕਈ ਸ਼ਖਸੀਅਤਾਂ ਦਾ ਕੀਤਾ ਸਨਮਾਨ

ਇਸ ਮੌਕੇ ਮੁੱਖ ਮਹਿਮਾਨ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਚੇਅਰਮੈਨਾਂ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਨਮਾਨਿਤ ਹੋਣ ਵਾਲਿਆਂ ਵਿੱਚ ਰਣਜੀਤ ਸਿੰਘ ਚੀਮਾ, ਗੁਰਦੇਵ ਸਿੰਘ ਲਾਖਣਾ, ਗੁਰਵਿੰਦਰ ਸਿੰਘ ਬਹਿਲਵੜ, ਰਜਿੰਦਰ ਸਿੰਘ ਉਸਮਾ, ਅੰਗਦ ਦੀਪ ਸਿੰਘ ਸੋਹਲ, ਨਵਜੋਤ ਕੌਰ ਹੁੰਦਲ, ਗੁਰਸੇਵਕ ਸਿੰਘ ਔਲਖ ਅਤੇ ਰੁਪਿੰਦਰ ਕੌਰ ਸਮੇਤ ਹੋਰ ਸ਼ਖਸੀਅਤਾਂ ਸ਼ਾਮਲ ਸਨ। ਸਮਾਗਮ ਵਿੱਚ ਆਈ.ਜੀ. ਪ੍ਰਦੀਪ ਕੁਮਾਰ ਯਾਦਵ, ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ, ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਆਦਿੱਤਿਆ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਕੁਮਾਰ, ਐੱਸ.ਡੀ.ਐੱਮ. ਤਰਨਤਾਰਨ ਡਾ. ਕਰਨਵੀਰ ਸਿੰਘ, ਐੱਸ.ਪੀ. ਸੁਖਨਿੰਦਰ ਸਿੰਘ, ਡੀ.ਐੱਸ.ਪੀ. ਜਸਪਾਲ ਸਿੰਘ, ਤਹਿਸੀਲਦਾਰ ਅਰਚਨਾ ਅਤੇ ਰਤਨਜੀਤ ਖੁੱਲਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਕੁਮਾਰ ਛਾਬੜਾ, ਸਿਵਲ ਸਰਜਨ ਡਾ. ਸੰਦੀਪ ਧਵਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦੇਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਜਿੰਦਰ ਕੌਰ, ਰੈੱਡ ਕਰਾਸ ਦੇ ਸਕੱਤਰ ਸਰਬਜੀਤ ਸਿੰਘ ਥਿੰਦ, ਲੈਕਚਰਾਰ ਕੁਲਵਿੰਦਰ ਸਿੰਘ, ਅਧਿਆਪਕ, ਵਿਦਿਆਰਥੀ ਅਤੇ ਜ਼ਿਲ੍ਹੇ ਦੀਆਂ ਹੋਰ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

Add a Comment

Leave a Reply

Your email address will not be published. Required fields are marked *