– ਸੁਰੱਖਿਆ ਤੇ ਸੁਚਾਰੂ ਟ੍ਰੈਫਿਕ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ,
ਤਿਉਹਾਰਾਂ ਦੇ ਮੱਦੇਨਜ਼ਰ ਜਲੰਧਰ ਵਿੱਚ ਅਮਨ ਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਦੁਸਹਿਰੇ ਅਤੇ ਹੋਰ ਤਿਉਹਾਰੀ ਸੀਜ਼ਨ ਮੌਕੇ ਵੱਖ-ਵੱਖ ਥਾਈਂ ਲੱਗਣ ਵਾਲੇ ਮੇਲਿਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਾਲ-ਨਾਲ ਸੁਚਾਰੂ ਟ੍ਰੈਫਿਕ ਲਈ ਢੁੱਕਵੀਂ ਵਿਵਸਥਾ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰ ਉਸ ਖੇਤਰ, ਜਿਥੇ ਵੀ ਦੁਸਹਿਰੇ ਦੇ ਤਿਉਹਾਰ ਮੌਕੇ ਮੇਲੇ ਲਗਾਏ ਜਾ ਰਹੇ ਹਨ, ਵਿਖੇ ਲੋਕਾਂ ਦੀ ਸ਼ਰਧਾ ਭਾਵਨਾ ਅਤੇ ਇਕੱਠ ਨੂੰ ਦੇਖਦੇ ਹੋਏ ਲੋੜੀਂਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਦੁਸਹਿਰੇ ਦੇ ਤਿਉਹਾਰ ਨੂੰ ਅਮਨ-ਅਮਾਨ ਤੇ ਸੁਚੱਜੇ ਢੰਗ ਨਾਲ ਮਨਾਇਆ ਜਾ ਸਕੇ। ਦੁਸਹਿਰੇ ਮੌਕੇ ਲੋਕਾਂ ਦੀ ਵੱਡੀ ਗਿਣਤੀ ਸ਼ਮੂਲੀਅਤ ਦੇ ਮੱਦੇਨਜ਼ਰ ਡਾ. ਅਗਰਵਾਲ ਨੇ ਪੁਖ਼ਤਾ ਸੁਰੱਖਿਆ ਪ੍ਰਬੰਧਾਂ ਅਤੇ ਸੁਚਾਰੂ ਟ੍ਰੈਫਿਕ ਵਿਵਸਥਾ ’ਤੇ ਜ਼ੋਰ ਦਿੱਤਾ, ਤਾਂ ਜੋ ਆਮ ਲੋਕਾਂ ਨੂੰ ਆਵਾਜਾਈ ਦੌਰਾਨ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਨਾ ਆਵੇ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਤਿਉਹਾਰੀ ਸੀਜ਼ਨ ਦੌਰਾਨ ਕਮਿਸ਼ਨਰੇਟ ਪੁਲਿਸ ਵੱਲੋਂ ਭੀੜ-ਭਾੜ ਵਾਲੇ ਇਲਾਕਿਆਂ ਖਾਸ ਕਰ ਬਾਜ਼ਾਰਾਂ ਆਦਿ ਵਿਖੇ ਖਾਸ ਨਿਗਰਾਨੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਇਸਦੇ ਨਾਲ ਹੀ ਟ੍ਰੈਫਿਕ ਵਿਭਾਗ ਨੂੰ ਵੀ ਸੁਚਾਰੂ ਟ੍ਰੈਫਿਕ ਵਿਵਸਥਾ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੀਟਿੰਗ ਵਿੱਚ ਐਸ.ਡੀ.ਐਮ. ਰਣਦੀਪ ਸਿੰਘ ਹੀਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।