ਗੁਰੂਗ੍ਰਾਮ/ਚੰਡੀਗੜ੍ਹ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਨਿਵੇਸ਼ ਲਈ ਦੇਸ਼ ਦੇ ਪ੍ਰਮੁੱਖ ਉਦਯੋਗਪਤੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਤੇਜ਼ੀ ਨਾਲ ਦੁਨੀਆ ਭਰ ਵਿੱਚ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉੱਭਰ ਰਿਹਾ ਹੈ। ਅੱਜ ਗੁਰੂਗ੍ਰਾਮ ਵਿਖੇ ਉਦਯੋਗ ਜਗਤ ਦੇ ਆਗੂਆਂ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਸ਼ੁਰੂ ਤੋਂ ਹੀ ਮਿਹਨਤੀ ਤੇ ਉੱਦਮੀ ਭਾਵਨਾ ਅਤੇ ਅਮੀਰ ਵਿਰਾਸਤ ਵਜੋਂ ਜਾਣਿਆ ਜਾਂਦਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਭਾਰਤ ਦਾ ਅੰਨ ਭੰਡਾਰ ਹੋਣ ਦਾ ਮਾਣ ਹਾਸਲ ਹੈ, ਜੋ ਦੇਸ਼ ਦੇ ਅੰਨ ਭੰਡਾਰ ਵਿੱਚ ਸਭ ਤੋਂ ਵੱਡਾ ਯੋਗਦਾਨ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਹਾਲਾਂਕਿ ਤਿੰਨ ਸਾਲਾਂ ਵਿੱਚ ਪੰਜਾਬ ਦੇ ਉਦਯੋਗਿਕ ਸਫ਼ਰ ਵਿੱਚ ਇੱਕ ਵੱਡੀ ਤਬਦੀਲੀ ਅਤੇ ਪ੍ਰਗਤੀ ਦੇਖਣ ਨੂੰ ਮਿਲੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਇੱਕ ਉਦਯੋਗਿਕ ਹੱਬ ਬਣ ਗਿਆ ਹੈ, ਜੋ ਫੂਡ ਪ੍ਰੋਸੈਸਿੰਗ, ਟੈਕਸਟਾਈਲ, ਆਟੋ ਕੰਪੋਨੈਂਟ, ਹੈਂਡ ਟੂਲ, ਸਾਈਕਲ, ਆਈਟੀ, ਸੈਰ-ਸਪਾਟਾ ਅਤੇ ਹੋਰ ਖੇਤਰਾਂ ਵਿੱਚ ਮੋਹਰੀ ਬਣ ਕੇ ਉੱਭਰਿਆ ਹੈ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਤਰੱਕੀ ਨੇ ਸੱਚਮੁੱਚ ਦੁਨੀਆਂ ਭਰ ਵਿੱਚ ਆਪਣੀ ਛਾਪ ਛੱਡੀ ਹੈ ਕਿਉਂਕਿ ਦੁਨੀਆ ਭਰ ਦੇ ਨਿਵੇਸ਼ਕਾਂ ਨੇ ਸੂਬੇ ਦੀ ਸਮਰੱਥਾ ਨੂੰ ਪਛਾਣਿਆ ਹੈ। ਉਨ੍ਹਾਂ ਕਿਹਾ ਕਿ ਮਾਰਚ, 2022 ਤੋਂ ਪੰਜਾਬ ਨੂੰ 1.23 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਹਾਸਲ ਹੋਏ ਹਨ, ਜਿਸ ਨਾਲ 4.7 ਲੱਖ ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਹੈ, ਜਿਸ ਦੇ ਚਲਦਿਆਂ ਪੰਜਾਬ ਉਦਯੋਗਿਕ ਵਿਕਾਸ ਅਤੇ ਨਵੀਨਤਾ ਦੇ ਖੇਤਰ ਵਿੱਚ ਇੱਕ ਉੱਭਰ ਰਹੇ ਕੇਂਦਰ ਵਜੋਂ ਸਥਾਪਿਤ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਕਈ ਵੱਕਾਰੀ ਆਲਮੀ ਕੰਪਨੀਆਂ ਦਾ ਘਰ ਹੈ, ਜਿਨ੍ਹਾਂ ਵਿੱਚ ਨੈਸਲੇ, ਕਲਾਸ, ਫਰੂਡੇਨਬਰਗ, ਕਾਰਗਿਲ, ਵਰਬੀਓ, ਡੇਨੋਨ ਅਤੇ ਹੋਰ ਸ਼ਾਮਲ ਹਨ, ਜੋ ਇੱਥੇ ਆਪਣਾ ਕਾਰੋਬਾਰ ਸਥਾਪਤ ਕਰਕੇ ਸੂਬੇ ਦੇ ਆਰਥਿਕ ਪ੍ਰਗਤੀ ਵਿੱਚ ਵੱਡਾ ਯੋਗਦਾਨ ਪਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅੰਤਰਰਾਸ਼ਟਰੀ ਕੰਪਨੀਆਂ ਨੇ ਕਾਰੋਬਾਰ ਲਈ ਪੰਜਾਬ ਦੀ ਅਥਾਹ ਸਮਰੱਥਾ ਅਤੇ ਇਸਦੇ ਵਧਣ-ਫੁੱਲਣ ਲਈ ਸੂਬਾ ਸਰਕਾਰ ਦੁਆਰਾ ਪ੍ਰਦਾਨ ਕੀਤੇ ਗਏ ਸਾਜ਼ਗਾਰ ਮਾਹੌਲ ‘ਤੇ ਮੋਹਰ ਲਾਈ ਹੈ। ਉਨ੍ਹਾਂ ਕਿਹਾ ਕਿ ਜਾਪਾਨ, ਅਮਰੀਕਾ, ਜਰਮਨੀ, ਯੂਕੇ, ਯੂਏਈ, ਸਵਿਟਜ਼ਰਲੈਂਡ, ਫਰਾਂਸ, ਸਪੇਨ ਅਤੇ ਹੋਰ ਦੇਸ਼ਾਂ ਦੇ ਨਿਵੇਸ਼ ਤੋਂ ਸੂਬੇ ਦੀ ਵਿਸ਼ਵਵਿਆਪੀ ਪਹੁੰਚ ਬਾਰੇ ਸਪੱਸ਼ਟ ਪਤਾ ਚਲਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ ਕਿਉਂਕਿ ਪੰਜਾਬ ਸੱਚਮੁੱਚ ਨਾ ਸਿਰਫ਼ ਭਾਰਤੀ ਨਿਵੇਸ਼ਕਾਂ ਲਈ ਸਗੋਂ ਦੁਨੀਆ ਭਰ ਦੇ ਲੋਕਾਂ ਲਈ ਇੱਕ ਪਸੰਦੀਦਾ ਨਿਵੇਸ਼ ਸਥਾਨ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਇੱਕ ਨਿਵੇਸ਼-ਪੱਖੀ ਮਾਹੌਲ ਸਿਰਜਿਆ ਹੈ, ਜੋ ਕਾਰੋਬਾਰ ਕਰਨ ਵਿੱਚ ਸੌਖ ਨੂੰ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ-ਪੱਖੀ ਨੀਤੀਆਂ ਸਦਕਾ ਪੰਜਾਬ ਅੱਜ ਕਾਰੋਬਾਰ ਕਰਨ ‘ਚ ਸੁਖਾਲਾ ਮਾਹੌਲ ਤਿਆਰ ਕਰਨ ਵਿੱਚ ਸਿਖਰਲੇ ਸਥਾਨ ‘ਤੇ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਫਾਸਟਟ੍ਰੈਕ ਪੰਜਾਬ ਪੋਰਟਲ ਦੀ ਸ਼ੁਰੂਆਤ ਕੀਤੀ ਹੈ, ਜੋ ਭਾਰਤ ਦਾ ਸਭ ਤੋਂ ਉੱਨਤ ਸਿੰਗਲ-ਵਿੰਡੋ ਸਿਸਟਮ ਹੈ, ਜੋ ਸਿੰਗਲ ਐਂਟਰੀ ਅਤੇ ਐਗਜ਼ਿਟ ਦੇ ਨਾਲ 150 ਤੋਂ ਵੱਧ ਜੀ.ਟੂ.ਬੀ. (ਸਰਕਾਰ ਤੋਂ ਕਾਰੋਬਾਰ) ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਫਲਾਈਨ ਅਰਜ਼ੀਆਂ ਦੇਣ ਦੀ ਸ਼ਰਤ ਨੂੰ ਖ਼ਤਮ ਕਰਕੇ ਅਤੇ ਤੁਰੰਤ ਪ੍ਰਵਾਨਗੀਆਂ ਨੂੰ ਯਕੀਨੀ ਬਣਾ ਰਹੀ ਹੈ ਅਤੇ ਨਾਲ ਹੀ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਰਾਹੀਂ ਸੂਬਾ ਸਰਕਾਰ 125 ਕਰੋੜ ਰੁਪਏ ਤੱਕ ਦੀਆਂ ਯੋਗ ਇਕਾਈਆਂ ਲਈ ਸਿਰਫ਼ ਪੰਜ ਦਿਨਾਂ ਵਿੱਚ ਸਿਧਾਂਤਕ ਪ੍ਰਵਾਨਗੀ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਕੁਝ ਵੱਡੇ ਰੈਗੂਲੇਟਰੀ ਸੁਧਾਰ ਪੇਸ਼ ਕਰਨ ਵਾਲਾ ਪਹਿਲਾ ਸੂਬਾ ਹੈ ਜਿਸ ਵਿੱਚ 45 ਦਿਨਾਂ ਦੇ ਅੰਦਰ ਸਮਾਂ-ਬੱਧ ਪ੍ਰਵਾਨਗੀਆਂ, ਡੀਮਡ ਅਪਰੂਵਲਜ਼, ਐਸਕੇਲੇਸ਼ਨ ਵਿਧੀਆਂ ਅਤੇ ਮੁੱਖ ਲਾਇਸੈਂਸਾਂ ਲਈ ਵਧੀ ਹੋਈ ਵੈਧਤਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ, ਵਟਸਐਪ ਅਲਰਟ, ਏਆਈ ਚੈਟਬੋਟਸ ਅਤੇ ਕਾਲ ਸੈਂਟਰਾਂ ਰਾਹੀਂ ਨਿਵੇਸ਼ਕ ਸਹਾਇਤਾ ਅਸਲ-ਸਮੇਂ ਦੀ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਡਿਜੀਟਲ ਸੀਆਰਓ ਰਿਪੋਰਟਾਂ, ਫਾਇਰ ਐਨਓਸੀ ਦੀ ਵਧੀ ਹੋਈ ਵੈਧਤਾ ਅਤੇ ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਦੀਲੀਆਂ ਕਾਰਜਾਂ ਨੂੰ ਹੋਰ ਸਰਲ ਬਣਾ ਰਹੀਆਂ ਹਨ।

