ਜਲੰਧਰ। 
ਜਲੰਧਰ ਦੇ ਪਿੰਡ ਸੰਗੋਵਾਲ ਵਿੱਚ ਬੁੱਧਵਾਰ ਤੜਕੇ ਸ਼ੱਕੀ ਹਾਲਾਤਾਂ ਕਾਰਨ ਪੰਜਾਬ ਪੁਲਿਸ ਵਿੱਚ ਤਾਇਨਾਤ ਇੱਕ ਕਾਂਸਟੇਬਲ ਨੇ ਫਾਹਾ ਲਗਾ ਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਮੇਹਤਪੁਰ ਦੇ ਰਹਿਣ ਵਾਲੇ ਰਣਜੀਤ ਸਿੰਘ ਮੱਟੂ ਵਜੋਂ ਹੋਈ ਹੈ ਅਤੇ ਉਹ ਪਟਿਆਲਾ ਵਿੱਚ ਪੰਜਾਬ ਪੁਲਿਸ ਦੀ ਕਮਾਂਡੋ ਬਟਾਲੀਅਨ ਵਿੱਚ ਤਾਇਨਾਤ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਰਣਜੀਤ ਸਿੰਘ ਮੱਟੂ ਦਾ ਕਰੀਬ ਪੰਜ ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ ਉਹ ਇੱਕ ਬੱਚੇ ਦਾ ਪਿਤਾ ਸੀ। ਉਹ ਮੰਗਲਵਾਰ ਰਾਤ ਆਪਣੇ ਕਮਰੇ ਵਿੱਚ ਸੁੱਤਾ ਸੀ। ਸਵੇਰੇ ਕਰੀਬ ਸਾਢੇ ਚਾਰ ਵਜੇ ਜਦੋਂ ਉਹ ਡਿਊਟੀ ਜਾਣ ਲਈ ਕਮਰੇ ਵਿੱਚੋਂ ਬਾਹਰ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਰਣਜੀਤ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਵਿਆਹ ਤੋਂ ਬਾਅਦ ਉਹ ਪਰਿਵਾਰ ਤੋਂ ਪਤਨੀ ਅਤੇ ਬੱਚਿਆਂ ਨਾਲੋਂ ਅਲੱਗ ਰਹਿੰਦਾ ਸੀ। ਕਰੀਬ ਸੱਤ ਸਾਲ ਪਹਿਲਾਂ ਉਸ ਦੇ ਛੋਟੇ ਭਰਾ ਦੀ ਵੀ ਮੌਤ ਹੋ ਗਈ ਸੀ ਅਤੇ ਵੱਡਾ ਭਰਾ ਇੰਗਲੈਂਡ ਵਿੱਚ ਰਹਿੰਦਾ ਹੈ।
ਪੁਲਿਸ ਜਾਂਚ ਅਤੇ ਸੁਸਾਈਡ ਨੋਟ
ਪੁਲਿਸ ਨੂੰ ਜਾਂਚ ਦੌਰਾਨ ਮੌਕੇ ਤੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਹਾਲਾਂਕਿ ਅਜੇ ਇਹ ਸਾਹਮਣੇ ਨਹੀਂ ਆਇਆ ਕਿ ਇਸ ਨੋਟ ਵਿੱਚ ਕੀ ਲਿਖਿਆ ਹੋਇਆ ਹੈ। ਥਾਣਾ ਮੇਹਤਪੁਰ ਦੇ ਇੰਚਾਰਜ ਪੰਕਜ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਮੇਹਤਪੁਰ ਵਿੱਚ ਘਰ ਵਿੱਚ ਕਾਂਸਟੇਬਲ ਨੇ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ। ਉਹਨਾਂ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ। ਉਹ ਟੀਮ ਸਮੇਤ ਜਾਂਚ ਵਿੱਚ ਜੁਟੇ ਹੋਏ ਹਨ ਅਤੇ ਉਹ ਪਰਿਵਾਰ ਦੇ ਬਿਆਨਾਂ ‘ਤੇ ਬਣਦੀ ਕਾਰਵਾਈ ਜ਼ਰੂਰ ਕਰਨਗੇ।

