ਜਲੰਧਰ :
ਵਿਦੇਸ਼ਾਂ ’ਚ ਬੈਠ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਰਚ ਰਹੇ ਗੈਂਗਸਟਰਾਂ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐੱਸਆਈ ਵੱਲੋਂ ਸ਼ਹਿ ਮਿਲ ਰਹੀ ਹੈ। ਇਹ ਗੈਂਗਸਟਰ ਪੰਜਾਬ ’ਚ ਫਿਰੌਤੀ, ਧਮਕੀਆਂ ਤੇ ਅਪਰਾਧ ਰਾਹੀਂ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਪੰਜਾਬ ਪੁਲਿਸ ਲਗਾਤਾਰ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰ ਰਹੀ ਹੈ। ਇਹ ਗੱਲ ਡੀਜੀਪੀ ਗੌਰਵ ਯਾਦਵ ਨੇ ਸੋਮਵਾਰ ਨੂੰ ਜਲੰਧਰ ’ਚ ਕਹੀ। ਉਹ ਸੂਬੇ ਦੀ ਸੁਰੱਖਿਆ ਤੇ ਕਾਨੂੰਨ-ਵਿਵਸਥਾ ਨਾਲ ਜੁੜੀ ਮੀਟਿੰਗ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰ ਰਹੇ ਸਨ। ਡੀਜੀਪੀ ਯਾਦਵ ਨੇ ਦੱਸਿਆ ਕਿ ਹਾਲ ਹੀ ਦੇ ਦਿਨਾਂ ’ਚ ਪੰਜਾਬ ਪੁਲਿਸ ਨੇ ਵੱਡੀ ਮਾਤਰਾ ’ਚ ਹਥਿਆਰ ਬਰਾਮਦ ਕੀਤੇ ਹਨ ਤੇ ਕਈ ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕਰਕੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਕੋਲ ਗੈਂਗਸਟਰਾਂ, ਫਿਰੌਤੀ ਜਾਂ ਅੱਤਵਾਦੀਆਂ ਨਾਲ ਜੁੜੀ ਕੋਈ ਵੀ ਜਾਣਕਾਰੀ ਹੋਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਜਾਣਕਾਰੀ ਦੇਣ ਵਾਲੇ ਦਾ ਨਾਮ ਤੇ ਪਛਾਣ ਗੁਪਤ ਰੱਖੀ ਜਾਵੇਗੀ। ਡੀਜੀਪੀ ਨੇ ਦੱਸਿਆ ਕਿ ਪਿਛਲੇ ਇਕ ਸਾਲ ’ਚ ਪੰਜਾਬ ਪੁਲਿਸ ਨੇ ਪਾਕਿਸਤਾਨ ਆਈਐੱਸਆਈ ਹਮਾਇਤ ਪ੍ਰਾਪਤ ਅੱਤਵਾਦੀਆਂ ਦੇ 26 ਤੋਂ ਵੱਧ ਯਤਨਾਂ ਨੂੰ ਨਾਕਾਮ ਕੀਤਾ ਹੈ ਜਿਨ੍ਹਾਂ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬ ਪੁਲਿਸ ਮੁਲਜ਼ਮਾਂ ਤੇ ਅੱਤਵਾਦੀ ਤਾਕਤਾਂ ਖ਼ਿਲਾਫ਼ ਜ਼ੀਰੋ ਟੋਲਰੰਸ ਨੀਤੀ ’ਤੇ ਕੰਮ ਕਰ ਰਹੀ ਹੈ। ਇਸ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਵਿਰੁੱਧ ਚੱਲ ਰਹੇ ਯੁੱਧ ਬਾਰੇ ਦੱਸਿਆ ਕਿ ਪੁਲਿਸ ਨੇ ਹੁਣ ਤੱਕ ਲਗਭਗ 20,000 ਐੱਫਆਈਆਰ ਦਰਜ ਕੀਤੀਆਂ ਹਨ, 31,000 ਤੋਂ ਵੱਧ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਤੇ 87 ਫੀਸਦੀ ਦੀ ਰਿਕਾਰਡ ਸਜ਼ਾ ਦਰ ਹਾਸਲ ਕੀਤੀ ਹੈ। ਇਹ ਦਰ ਦੇਸ਼ ’ਚ ਸਭ ਤੋਂ ਵੱਧ ਹੈ।