ਜਲੰਧਰ, ਮੇਜਰ ਟਾਈਮਸ ਬਿਉਰੋ :
ਡਿਪਟੀ ਕਮਿਸ਼ਨਰ ਜਲੰਧਰ ਡਾ. ਹਿਮਾਂਸ਼ੂ ਅਗਰਵਾਲ, ਐਸ.ਐਸ.ਪੀ ਜਲੰਧਰ ਦਿਹਾਤੀ ਸ. ਹਰਵਿੰਦਰ ਸਿੰਘ ਵਿਰਕ,
ਸ. ਪਰਮਿੰਦਰ ਸਿੰਘ ਹੀਰ ਐਸ. ਪੀ. ਹੈੱਡ ਕੁਆਟਰ ਅਤੇ ਡੀ.ਐੱਸ.ਪੀ ਸ਼ਾਹਕੋਟ ਓਂਕਾਰ ਸਿੰਘ ਬਰਾੜ ਵੱਲੋਂ ਅੱਜ ਸਤਲੁਜ ਦਰਿਆ ਨਾਲ ਲੱਗਦੇ ਹਲਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਅਧਿਕਾਰੀਆਂ ਨੇ ਖ਼ਾਸ ਤੌਰ ‘ਤੇ ਪਿੰਡ ਮੁੰਡੀ ਸ਼ਹਿਰੀਆਂ (ਥਾਣਾ ਲੋਹੀਆਂ, ਸ਼ਾਹਕੋਟ) ਦਾ ਜਾਇਜ਼ਾ ਲਿਆ ਜਿੱਥੇ ਪਾਣੀ ਦੇ ਵੱਧ ਰਹੇ ਪੱਧਰ ਕਾਰਨ ਲੋਕਾਂ ਵਿੱਚ ਚਿੰਤਾ ਦਾ ਮਾਹੌਲ ਹੈ। ਅਧਿਕਾਰੀਆਂ ਨੇ ਜ਼ਮੀਨੀ ਪੱਧਰ ’ਤੇ ਸਥਿਤੀ ਦੀ ਜਾਣਕਾਰੀ ਲਈ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲੰਧਰ ਦਿਹਾਤੀ ਪੁਲਿਸ ਹਰ ਵੇਲੇ ਲੋਕਾਂ ਦੀ ਸਹਾਇਤਾ ਲਈ ਤਤਪਰ ਹੈ। ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਨੀਵੇਂ ਇਲਾਕਿਆਂ ਵਿੱਚ ਰਹਿੰਦੇ ਪਰਿਵਾਰਾਂ ਦੀ ਸੁਰੱਖਿਆ ਲਈ ਪਹਿਲਾਂ ਹੀ ਇੰਤਜ਼ਾਮ ਕੀਤੇ ਜਾ ਚੁੱਕੇ ਹਨ। ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਨ ਲਈ ਰਾਹਤ ਟੀਮਾਂ ਨੂੰ ਅਲਰਟ ਕੀਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਦਿੱਕਤ ਪੈਣ ’ਤੇ ਤੁਰੰਤ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾਵੇ। ਐਸ.ਐਸ.ਪੀ ਸ. ਹਰਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਜਲੰਧਰ ਦਿਹਾਤੀ ਪੁਲਿਸ ਵੱਲੋਂ ਪ੍ਰਭਾਵਿਤ ਪਿੰਡਾਂ ਵਿੱਚ ਲਗਾਤਾਰ ਮਾਨੀਟਰਿੰਗ ਕੀਤੀ ਜਾ ਰਹੀ ਹੈ। ਪੁਲਿਸ ਦੇ ਜਵਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪੈਟਰੋਲਿੰਗ ਕਰ ਰਹੇ ਹਨ ਅਤੇ ਜਿੱਥੇ ਵੀ ਜ਼ਰੂਰਤ ਪੈਂਦੀ ਹੈ ਉੱਥੇ ਰਾਹਤ ਸਮੱਗਰੀ ਅਤੇ ਤੁਰੰਤ ਮਦਦ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਹਰੇਕ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਕਰਨ ਦੀ ਲੋੜ ਨਹੀਂ ਹੈ। ਐਸ.ਪੀ. ਹੈੱਡ ਕੁਆਟਰ ਨੇ ਕਿਹਾ ਕਿ ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਪਿੰਡ ਪੱਧਰ ‘ਤੇ ਤੈਨਾਤ ਹਨ। ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਜਾਨ-ਮਾਲ ਦੀ ਸੁਰੱਖਿਆ ਲਈ ਖ਼ਾਸ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਰੈਸਕਿਊ ਟੀਮਾਂ ਤੁਰੰਤ ਕਾਰਵਾਈ ਕਰਨ ਲਈ ਤਿਆਰ ਹਨ। ਅਧਿਕਾਰੀਆਂ ਨੇ ਪਿੰਡ ਮੁੰਡੀ ਸ਼ਹਿਰੀਆਂ ਸਮੇਤ ਹੋਰ ਪ੍ਰਭਾਵਿਤ ਇਲਾਕਿਆਂ ਦੇ ਵਾਸੀਆਂ ਨੂੰ ਇਹ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਲੋਕਾਂ ਦੇ ਸ਼ੰਕੇ ਦੂਰ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਸਰਕਾਰ ਅਤੇ ਪ੍ਰਸ਼ਾਸਨ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੋਕਾਂ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ।