ਐੱਸਏਐੱਸ ਨਗਰ :
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਦਾ ਸਮਾਂ ਅੱਜ ਮੁਹਾਲੀ ਅਦਾਲਤ ਵਿੱਚ ਪੂਰਾ ਹੋ ਗਿਆ। ਉਨ੍ਹਾਂ ਨੂੰ ਅਦਾਲਤ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ, ਜਿਸ ਤੋਂ ਬਾਅਦ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ 20 ਸਤੰਬਰ ਤੱਕ ਵਧਾ ਦਿੱਤੀ ਹੈ। ਮਜੀਠੀਆ ਦੇ ਵਕੀਲ ਐੱਚ.ਐੱਸ. ਧਨੋਆ, ਦਮਨਬੀਰ ਸਿੰਘ ਸੋਬਤੀ ਅਤੇ ਇਕਓਮਪਾਲ ਸਿੰਘ ਇਸ ਸੁਣਵਾਈ ਮੌਕੇ ਮੌਜੂਦ ਸਨ। ਵਿਸ਼ੇਸ਼ ਜੱਜ ਵਿਜੀਲੈਂਸ ਹਰਦੀਪ ਸਿੰਘ ਦੀ ਅਦਾਲਤ ਵਿੱਚ ਮਜੀਠੀਆ ਦੀ ਬੈਰਕ ਬਦਲੀ ਲਈ ਦਾਇਰ ਕੀਤੀ ਗਈ ਅਰਜ਼ੀ ‘ਤੇ ਫੈਸਲਾ 9 ਸਤੰਬਰ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਇਸਤਗਾਸਾ ਪੱਖ ਵੱਲੋਂ ਦਾਇਰ ਕੀਤੀ ਗਈ ਚਾਰਜਸ਼ੀਟ ਦੀ ਹਾਰਡ ਕਾਪੀ ਸਪਲਾਈ ਕਰਨ ਲਈ ਵੀ ਅਦਾਲਤ ਨੇ 9 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਸ਼ਨੀਵਾਰ ਦੀ ਸੁਣਵਾਈ ਮੌਕੇ ਵਿਜੀਲੈਂਸ ਦੇ ਅਧਿਕਾਰੀਆਂ ਦੇ ਨਾਲ ਵਿਸ਼ੇਸ਼ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰਪਾਲ ਸਿੰਘ ਵੀ ਮੌਜੂਦ ਰਹੇ।