ਅੰਮ੍ਰਿਤਸਰ: 
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਨਾਲ ਨਤਮਸਤਕ ਹੋਏ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਅਤੇ ਪੰਜਾਬ ਸਰਕਾਰ ਉੱਤੇ ਤਿੱਖੇ ਹਮਲੇ ਕੀਤੇ। ਸੁਖਬੀਰ ਬਾਦਲ ਨੇ ਕਿਹਾ ਕਿ ਮਨਰੇਗਾ ਸਕੀਮ ਵਿੱਚ ਕੇਂਦਰ ਸਰਕਾਰ ਵੱਲੋਂ ਕੀਤੀਆਂ ਤਾਜ਼ਾ ਤਬਦੀਲੀਆਂ ਦੇਸ਼ ਦੇ ਗਰੀਬ ਵਰਗ ਲਈ ਘਾਤਕ ਸਾਬਤ ਹੋਣਗੀਆਂ।ਉਨ੍ਹਾਂ ਕਿਹਾ ਕਿ ਨਰੇਗਾ ਇੱਕ 100 ਫ਼ੀਸਦੀ ਕੇਂਦਰੀ ਸਕੀਮ ਸੀ, ਜਿਸ ਤਹਿਤ ਗਰੀਬ ਪਰਿਵਾਰਾਂ ਨੂੰ 100 ਦਿਨਾਂ ਦੇ ਰੋਜ਼ਗਾਰ ਦੀ ਗਰੰਟੀ ਮਿਲਦੀ ਸੀ, ਪਰ ਹੁਣ ਇਸਵਨੂੰ 60/40 ਦੇ ਹਿੱਸੇ ਵਿੱਚ ਵੰਡ ਕੇ ਸੂਬਿਆਂ ਉੱਤੇ ਵਿੱਤੀ ਬੋਝ ਪਾਇਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਰਗਾ ਕਰਜ਼ੇ ਵਿੱਚ ਡੁੱਬਿਆ ਸੂਬਾ ਆਪਣਾ 40 ਫ਼ੀਸਦੀ ਹਿੱਸਾ ਨਹੀਂ ਦੇ ਸਕੇਗਾ, ਜਿਸ ਦਾ ਸਿੱਧਾ ਨੁਕਸਾਨ ਮਜ਼ਦੂਰਾਂ ਨੂੰ ਹੋਵੇਗਾ। ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੇਂਦਰੀ ਸਕੀਮਾਂ ਲਈ ਆਪਣਾ ਯੋਗਦਾਨ ਨਾ ਦੇਣ ਕਾਰਨ ਪੰਜਾਬ ਪਹਿਲਾਂ ਹੀ ਕਈ ਯੋਜਨਾਵਾਂ ਤੋਂ ਵਾਂਝਾ ਰਹਿ ਗਿਆ ਹੈ ਅਤੇ ਹੁਣ ਮਨਰੇਗਾ ਵੀ ਖਤਰੇ ਵਿੱਚ ਹੈ। ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਮਨਰੇਗਾ ਵਿੱਚ ਕੀਤੀਆਂ ਤਬਦੀਲੀਆਂ ਤੁਰੰਤ ਵਾਪਸ ਲਈਆਂ ਜਾਣ ਅਤੇ ਪੁਰਾਣਾ ਸਿਸਟਮ ਬਹਾਲ ਕੀਤਾ ਜਾਵੇ। ਨਾਲ ਹੀ ਉਨ੍ਹਾਂ ਸਾਰੀਆਂ ਪੰਜਾਬੀ ਰਾਜਨੀਤਕ ਪਾਰਟੀਆਂ ਨੂੰ ਇਕੱਠੇ ਹੋ ਕੇ ਇਸ ਫੈਸਲੇ ਦਾ ਵਿਰੋਧ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਪੰਜਾਬ ਸਰਕਾਰ ਉੱਤੇ ਗੰਭੀਰ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਤਕਰੀਬਨ 1100 ਉਮੀਦਵਾਰਾਂ ਦੇ ਕਾਗਜ਼ ਜਾਣ ਬੁੱਝ ਕੇ ਰੱਦ ਕੀਤੇ ਗਏ। ਬਾਦਲ ਨੇ ਕਿਹਾ ਕਿ ਕਈ ਹਲਕਿਆਂ ਵਿੱਚ ਅਕਾਲੀ ਦਲ ਦੇ ਸਾਰੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਤਾਂ ਜੋ ਸਰਕਾਰ ਨੂੰ ਬਿਨਾਂ ਮੁਕਾਬਲੇ ਜਿੱਤ ਦਿਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੂੰ ਲੋਕਤੰਤਰ ‘ਤੇ ਭਰੋਸਾ ਨਹੀਂ ਸੀ ਤਾਂ ਚੋਣਾਂ ਕਰਵਾਉਣ ਦੀ ਲੋੜ ਹੀ ਨਹੀਂ ਸੀ। ਇਹ ਸਾਰੀ ਪ੍ਰਕਿਰਿਆ ਲੋਕਤੰਤਰ ਦਾ ਕਤਲ ਹੈ। ਪੰਜਾਬ ਦੀ ਕਾਨੂੰਨ-ਵਿਵਸਥਾ ਬਾਰੇ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਗੁੰਡਾਗਰਦੀ, ਗੈਂਗਸਟਰ ਰਾਜ, ਲੁੱਟਾਂ ਅਤੇ ਨਸ਼ੇ ਦਾ ਜਾਲ ਫੈਲ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਸਿਆਸੀ ਦਬਾਅ ਹੇਠ ਕੰਮ ਕਰਨਾ ਪੈਂਦਾ ਹੈ ਅਤੇ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲੀ ਹੋਈ ਹੈ। ਆਖਿਰ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਗਰੀਬ, ਮਜ਼ਦੂਰ ਅਤੇ ਕਿਸਾਨ ਦੇ ਨਾਲ ਖੜਾ ਹੈ ਅਤੇ ਪਾਰਟੀ ਵਿੱਚੋਂ ਦਾ ਮਕਸਦ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਬਚਾਉਣਾ ਹੈ। ਉਨ੍ਹਾਂ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਆਪਣੀ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਬਣਾਇਆ ਜਾਵੇ।

