ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਹਰ ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ : ਹਲਕਾ ਵਿਧਾਇਕ ਇੰਦਰਜੀਤ ਕੌਰ ਮਾਨ
ਨਕੋਦਰ (ਜਲੰਧਰ)
ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹੜ੍ਹਾਂ ਕਰਨ ਪੈਦਾ ਹੋਈ ਔਖੀ ਘੜੀ ਵਿੱਚ ਹੜ੍ਹ ਪੀੜਤਾਂ ਦੀ ਬਾਂਹ ਫੜਨ ਲਈ ਸ਼ੁਰੂ ਕੀਤੇ ਮਿਸ਼ਨ ਪੁਨਰਵਾਸ ਤਹਿਤ ਅੱਜ ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਅਧੀਨ ਪੈਂਦੇ 4 ਪਿੰਡਾਂ ਦੇ 50 ਹੜ੍ਹ ਪੀੜਤ ਕਿਸਾਨਾਂ ਨੂੰ 20 ਲੱਖ 90 ਹਜ਼ਾਰ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੀ ਵੰਡ ਕੀਤੀ ਗਈ। ਹਲਕਾ ਵਿਧਾਇਕ ਨਕੋਦਰ ਇੰਦਰਜੀਤ ਕੌਰ ਮਾਨ ਨੇ ਪਿੰਡ ਉੱਗੀ, ਆਵਾਂ ਚਹਾਰਮੀ, ਕੰਗ ਸਾਹਬੂ ਦੇ 42 ਕਿਸਾਨਾਂ ਨੂੰ 18 ਲੱਖ 70 ਹਜ਼ਾਰ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਸਥਿਤੀ ਨੂੰ ਸਮਝਦਿਆਂ ਅਤੇ ਅਗਲੀ ਫ਼ਸਲ ਦੀ ਬਿਜਾਈ ਨੂੰ ਧਿਆਨ ਵਿੱਚ ਰੱਖਦਿਆਂ ਬਿਨ੍ਹਾਂ ਕਿਸੇ ਦੇਰੀ ਤੋਂ ਮੁਆਵਜ਼ਾ ਰਕਮ ਦੀ ਵੰਡ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਹੜ੍ਹ ਪੀੜਤਾਂ ਨੂੰ ਦੀਵਾਲੀ ਤੋਂ ਪਹਿਲਾਂ ਰਾਹਤ ਰਾਸ਼ੀ ਪ੍ਰਦਾਨ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜੋ ਕਿ ਮਹਿਜ਼ 30 ਦਿਨਾਂ ਵਿੱਚ ਹੀ ਨਿਭਾਅ ਕੇ ਮਿਸਾਲ ਕਾਇਮ ਕੀਤੀ ਗਈ ਹੈ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਨਕੋਦਰ ਲਾਲ ਵਿਸ਼ਵਾਸ ਬੈਂਸ ਵੀ ਮੌਜੂਦ ਸਨ। ਵਿਧਾਇਕ ਇੰਦਰਜੀਤ ਕੌਰ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਕਰਨ ਲਈ ਵਚਨਬੱਧ ਹੈ ਅਤੇ ਬਾਕੀ ਰਹਿੰਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੀ ਜਲਦ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਪਹੁੰਚ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਪ੍ਰਤੀ ਏਕੜ 20 ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਸ਼ਾਹਕੋਟ ਵਿਧਾਨ ਸਭਾ ਹਲਕੇ ਦੇ ਬਲਾਕ ਮਹਿਤਪੁਰ ਅਧੀਨ ਪੈਂਦੇ ਪਿੰਡ ਬੁਲੰਦਾ ਦੇ ਹੜ੍ਹ ਪੀੜਤ ਕਿਸਾਨਾਂ ਨੂੰ 2 ਲੱਖ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਪ੍ਰਦਾਨ ਕੀਤੇ ਗਏ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪਿੰਦਰ ਪੰਡੋਰੀ ਅਤੇ ਐਸ.ਡੀ.ਐਮ. ਲਾਲ ਵਿਸ਼ਵਾਸ ਬੈਂਸ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।
——-