ਕਰਤਾਰਪੁਰ :
ਹਲਕਾ ਵਿਧਾਇਕ ਬਲਕਾਰ ਸਿੰਘ ਤੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸ਼ਹਿਰ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀਆਂ ’ਚ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਤੇ ਕਿਸਾਨਾਂ ਨੂੰ ਖ਼ਰੀਦ ਸੀਜ਼ਨ ਦੌਰਾਨ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਹਲਕਾ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਉਪਜ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ, ਜਿਸ ਦੇ ਮੱਦੇਨਜ਼ਰ ਮੰਡੀਆਂ ’ਚ ਝੋਨੇ ਦੀ ਆਮਦ, ਖ਼ਰੀਦ, ਲਿਫ਼ਟਿੰਗ ਤੇ ਅਦਾਇਗੀ ਸਮੇਤ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਝੋਨੇ ਦੀ ਖ਼ਰੀਦ ਪਿਛਲੇ ਵਰ੍ਹਿਆਂ ਨਾਲੋਂ ਪਹਿਲਾਂ ਸ਼ੁਰੂ ਹੋ ਗਈ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਹੋਰ ਦਿਨ ਮਿਲ ਸਕਣ। ਉਨ੍ਹਾਂ ਕਿਹਾ ਕਿ ਹੜ੍ਹਾਂ ਕਾਰਨ ਪੈਦਾ ਹੋਈਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਮੰਡੀਆਂ ’ਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤੇ ਫ਼ਸਲ ਦੀ ਚੁਕਾਈ ਤੇ ਅਦਾਇਗੀ ਨਾਲੋ-ਨਾਲ ਯਕੀਨੀ ਬਣਾਈ ਜਾਵੇਗੀ। ਬਲਕਾਰ ਸਿੰਘ ਤੇ ਡਾ. ਅਗਰਵਾਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫ਼ਸਲ ਪੂਰੀ ਤਰ੍ਹਾਂ ਪੱਕ ਜਾਣ ’ਤੇ ਹੀ ਕਟਾਈ ਕਰਨ, ਤਾਂ ਜੋ ਨਮੀ ਦੀ ਮਾਤਰਾ ਵੱਧ ਨਾ ਹੋਵੇ ਤੇ ਫ਼ਸਲ ਦੀ ਖ਼ਰੀਦ ਬਿਨਾਂ ਕਿਸੇ ਰੁਕਾਵਟ ਦੇ ਨਿਰਵਿਘਨ ਢੰਗ ਨਾਲ ਹੋ ਸਕੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾ ਕੇ ਇਸ ਦਾ ਪ੍ਰਬੰਧਨ ਖੇਤੀਬਾੜੀ ਵਿਭਾਗ ਵੱਲੋਂ ਉਪਲੱਬਧ ਮਸ਼ੀਨਰੀ ਦੀ ਵਰਤੋਂ ਕਰ ਕੇ ਕਰਨ ਦੀ ਅਪੀਲ ਵੀ ਕੀਤੀ, ਤਾਂ ਜੋ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਪਿੰਡ ਪੱਤੜ ਕਲਾਂ ਦੇ ਕਿਸਾਨ ਸੰਤੋਖ ਸਿੰਘ, ਜਿਸ ਦੀ ਫ਼ਸਲ ਦੀ ਢੇਰੀ ਦੀ ਅੱਜ ਖ਼ਰੀਦ ਕੀਤੀ ਗਈ, ਨੇ ਮੰਡੀ ’ਚ ਫ਼ਸਲ ਦੀ ਤੁਰੰਤ ਖ਼ਰੀਦ ਤੇ ਮੰਡੀਆਂ ’ਚ ਕੀਤੇ ਪ੍ਰਬੰਧਾਂ ਲਈ ਪੰਜਾਬ ਸਰਕਾਰ ਦਾ ਧੰਨਵਾਦ ਵੀ ਪ੍ਰਗਟਾਇਆ।