ਡਿਪਟੀ ਕਮਿਸ਼ਨਰ ਵੱਲੋਂ ਯਾਤਰਾ ਦੇ ਸਵਾਗਤ ਅਤੇ ਰਵਾਨਗੀ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼
ਜਲੰਧਰ, major times
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਅਧਿਕਾਰੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਮੌਕੇ ਜਲੰਧਰ ਵਿਖੇ 21 ਨਵੰਬਰ ਨੂੰ ਪਹੁੰਚਣ ਵਾਲੀ ਯਾਤਰਾ ਦੇ ਸੁਚੱਜੇ ਢੰਗ ਨਾਲ ਸਵਾਗਤ ਅਤੇ ਰਵਾਨਗੀ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰਾਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਵਜੋਂ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਹੈ, ਜਿਸ ਤਹਿਤ ਇਹ ਯਾਤਰਾ ਜ਼ਿਲ੍ਹਾ ਗੁਰਦਾਸਪੁਰ ਤੋਂ ਆਰੰਭ ਹੋ ਕੇ 21 ਨਵੰਬਰ ਨੂੰ ਜਲੰਧਰ ਵਿਖੇ ਪਹੁੰਚੇਗੀ ਅਤੇ ਇਕ ਦਿਨ ਦਾ ਪੜਾਅ ਕਰਦੇ ਹੋਏ 22 ਨਵੰਬਰ ਨੂੰ ਬੰਗਾ ਲਈ ਰਵਾਨਾ ਹੋਵੇਗੀ। ਡਾ. ਅਗਰਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੂਰੀ ਮਰਿਆਦਾ ਨੂੰ ਕਾਇਮ ਰੱਖਦਿਆਂ ਯਾਤਰਾ ਦੇ ਢੁੱਕਵੇਂ ਸਵਾਗਤ ਅਤੇ ਰਵਾਨਗੀ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਏ ਜਾਣ। ਉਨ੍ਹਾਂ ਅਧਿਕਾਰੀਆਂ ਨੂੰ ਯਾਤਰਾ ਨਾਲ ਆਉਣ ਵਾਲੀ ਸੰਗਤ ਦੇ ਠਹਿਰਣ, ਲੰਗਰ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਸਬੰਧੀ ਜ਼ਰੂਰੀ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ ਤਾਂ ਜੋ ਸੰਗਤ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਵਿਭਾਗਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪਦਿਆਂ ਯਾਤਰਾ ਦੇ ਰੂਟ ’ਤੇ ਸਾਫ-ਸਫਾਈ, ਚੌਕਾਂ ਦੀ ਸਜਾਵਟ, ਲਾਈਟਾਂ, ਮੋਬਾਇਲ ਟਾਇਲੈਟਸ, ਪੀਣ ਵਾਲੇ ਪਾਣੀ, ਸੜਕਾਂ ਦੀ ਮੁਰੰਮਤ ਸਮੇਤ ਹੋਰ ਜ਼ਰੂਰੀ ਕੰਮ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਯਾਤਰਾ ਸਬੰਧੀ ਸਮਾਗਮ ਨੂੰ ਸੁਚੱਜੇ ਢੰਗ ਨਾਲ ਕਰਵਾਇਆ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਪੁਲਿਸ ਵਿਭਾਗ ਨੂੰ ਕਾਨੂੰਨ ਤੇ ਵਿਵਸਥਾ ਅਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ। ਯਾਤਰਾ ਨੂੰ ਮਰਿਆਦਾ ਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਨੇ ਅੰਤਰ ਵਿਭਾਗੀ ਤਾਲਮੇਲ ’ਤੇ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਆਪਸੀ ਤਾਲਮੇਲ ਨਾਲ ਨਿਭਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ, ਜੁਆਇੰਟ ਕਮਿਸ਼ਨਰ ਨਗਰ ਨਿਗਮ ਜਲੰਧਰ ਮਨਦੀਪ ਕੌਰ, ਐਸ.ਡੀ.ਐਮ. ਰਣਦੀਪ ਸਿੰਘ ਹੀਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਮੈਂਬਰ ਮੌਜੂਦ ਸਨ।