ਨੌਵੇਂ ਪਾਤਸ਼ਾਹ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ : ਹਲਕਾ ਵਿਧਾਇਕ ਬਲਕਾਰ ਸਿੰਘ
ਜਲੰਧਰ, 
ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰ
ਬ ਨੂੰ ਸਮਰਪਿਤ ਗੁਰਦਾਸਪੁਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਕਪੂਰਥਲਾ ਤੋਂ ਕਰਤਾਰਪੁਰ ਹੁੰਦੇ ਹੋਏ ਜਲੰਧਰ ਪਹੁੰਚਿਆ। ਕਰਤਾਰਪੁਰ ਦੇ ਪਿੰਡ ਪੱਤੜ ਕਲਾਂ ਵਿਖੇ ਹਲਕਾ ਵਿਧਾਇਕ ਬਲਕਾਰ ਸਿੰਘ, ਐਸ. ਐਸ.ਪੀ. ਜਲੰਧਰ (ਦਿਹਾਤੀ) ਹਰਵਿੰਦਰ ਸਿੰਘ ਵਿਰਕ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਨਵਦੀਪ ਕੌਰ ਸਮੇਤ ਵੱਡੀ ਗਿਣਤੀ ਸੰਗਤ ਨੇ ਨਤਮਸਤਕ ਹੁੰਦਿਆਂ ਨਗਰ ਕੀਰਤਨ ਦਾ ਸਤਿਕਾਰ ਅਤੇ ਸ਼ਰਧਾਪੂਰਵਕ ਸਵਾਗਤ ਕੀਤਾ। ਇਸ ਮੌਕੇ ਹਲਕਾ ਵਿਧਾਇਕ ਬਲਕਾਰ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਅਤੇ ਫਲਸਫਾ ਸਮੁੱਚੀ ਮਨੁੱਖਤਾ ਦਾ ਮਾਰਗ ਦਰਸ਼ਨ ਕਰਦਾ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਨੇ ਮਨੁੱਖਤਾ ਤੇ ਧਾਰਮਿਕ ਹੱਕਾਂ ਦੀ ਰਾਖੀ ਲਈ ਲਾਸਾਨੀ ਸ਼ਹਾਦਤ ਦਿੱਤੀ, ਜਿਸ ਦੀ ਮਿਸਾਲ ਦੁਨੀਆ ਵਿੱਚ ਕਿਤੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨੌਵੇਂ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਅਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਹਨ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਇੱਕ ਸੇਵਕ ਵਜੋਂ ਮਨਾ ਰਹੀ ਹੈ ਅਤੇ ਇਨ੍ਹਾਂ ਸਮਾਗਮਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ, ਫਲਸਫੇ, ਸ਼ਹਾਦਤ ਅਤੇ ਮਨੁੱਖਤਾ ਦੇ ਸਦੀਵੀ ਸੰਦੇਸ਼ ਬਾਰੇ ਜਾਗਰੂਕ ਕਰਨਾ ਹੈ, ਜਿਸ ਤੋਂ ਦੁਨੀਆ ਭਰ ਦੇ ਲੱਖਾਂ ਲੋਕ ਪ੍ਰੇਰਨਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਚਾਰ ਵਿਸ਼ਾਲ ਨਗਰ ਕੀਰਤਨਾਂ ’ਚੋਂ ਗੁਰਦਾਸਪੁਰ ਤੋਂ ਆਰੰਭ ਹੋਇਆ ਇਹ ਨਗਰ ਕੀਰਤਨ ਜਲੰਧਰ ਤੋਂ ਫ਼ਗਵਾੜਾ, ਬੰਗਾ, ਨਵਾਂ ਸ਼ਹਿਰ, ਬਲਾਚੌਰ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ 24 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਪਹਿਲੀ ਵਾਰ ਚੰਡੀਗੜ੍ਹ ਤੋਂ ਬਾਹਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਿਹਾ ਹੈ। ਉਨ੍ਹਾਂ ਸੰਗਤ ਨੂੰ 23 ਤੋਂ 25 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਸਾਹਿਬ ਦੇ ਸ਼ਹੀਦੀ ਸਮਾਗਮਾਂ ਵਿੱਚ ਸ਼ਰਧਾਪੂਰਵਕ ਵਧ-ਚੜ੍ਹ ਕੇ ਪਹੁੰਚਣ ਦਾ ਸੱਦਾ ਦਿੱਤਾ। ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਨਗਰ ਕੀਰਤਨ ਦਾ ਵਿਸ਼ਰਾਮ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਵਿਖੇ ਹੋਵੇਗਾ ਅਤੇ 22 ਨਵੰਬਰ ਨੂੰ ਸਵੇਰੇ ਨਗਰ ਕੀਰਤਨ ਆਪਣੇ ਅਗਲੇ ਪੜਾਅ ਲਈ ਗੁਰਦੁਆਰਾ ਡੇਰਾ ਸੰਤਗੜ੍ਹ ਸਾਹਿਬ ਤੋਂ ਕਪੂਰਥਲਾ ਚੌਕ, ਪਟੇਲ ਚੌਕ, ਬਸਤੀ ਅੱਡਾ ਚੌਕ, ਭਗਵਾਨ ਵਾਲਮੀਕਿ ਚੌਕ, ਡਾ. ਬੀ.ਆਰ. ਅੰਬੇਡਕਰ ਚੌਕ, ਗੁਰੂ ਨਾਨਕ ਮਿਸ਼ਨ ਚੌਕ, ਬੀ.ਐਮ.ਸੀ. ਚੌਕ, ਲਾਡੋਵਾਲੀ ਰੋਡ, ਪੀ.ਏ.ਪੀ. ਚੌਕ, ਰਾਮਾ ਮੰਡੀ ਚੌਕ, ਹਵੇਲੀ ਪੁਆਇੰਟ ਹੁੰਦਾ ਹੋਇਆ ਰਵਾਨਾ ਹੋਵੇਗਾ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਚੌਕ ਵਿਖੇ ਨਗਰ ਕੀਰਤਨ ਨੂੰ ਗਾਰਡ ਆਫ਼ ਆਨਰ ਵੀ ਦਿੱਤਾ ਜਾਵੇਗਾ। ਇਸ ਮੌਕੇ ਐਸ.ਡੀ.ਐਮ. ਸ਼ਾਇਰੀ ਮਲਹੋਤਰਾ, ਐਸ.ਪੀ.ਸਰਬਜੀਤ ਸਿੰਘ ਰਾਏ, ਹਲਕਾ ਵਿਧਾਇਕ ਬਲਕਾਰ ਸਿੰਘ ਦੇ ਧਰਮਪਤਨੀ ਹਰਪ੍ਰੀਤ ਕੌਰ ਸਮੇਤ ਹੋਰ ਸ਼ਖਸੀਅਤਾਂ ਤੇ ਵੱਡੀ ਗਿਣਤੀ ਸੰਗਤ ਮੌਜੂਦ ਸੀ।
——

