ਡੇਰਾ ਬਾਬਾ ਨਾਨਕ : 
ਡੇਰਾ ਬਾਬਾ ਨਾਨਕ ਦੀ ਭਾਰਤ-ਪਾਕਿਸਤਾਨ ਦੀ ਕੌਮਾਂਤਰੀ ਸਰਹੱਦ ’ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਸ੍ਰੀ ਕਰਤਾਰਪੁਰ ਦਾ ਲਾਂਘਾ ਸ੍ਰੀਨਗਰ ਦੇ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ 7 ਮਈ ਤੋਂ ਅਣਮਿਥੇ ਸਮੇਂ ਲਈ ਬੰਦ ਕੀਤਾ ਸੀ। ਉੱਥੇ ਅਗਸਤ ਮਹੀਨੇ ਰਾਵੀ ਤੇ ਉੱਜ ਦਰਿਆ ਦੇ ਤੇਜ਼ ਵਹਾਅ ਕਾਰਨ ਆਏ ਹੜ੍ਹ ਨੇ ਸਰਹੱਦ ’ਤੇ ਬਣੇ ਸ੍ਰੀ ਕਰਤਾਰਪੁਰ ਪੈਸੰਜਰ ਟਰਮੀਨਲ ਅਤੇ ਦੋਵਾਂ ਦੇਸ਼ਾਂ ਵੱਲੋਂ ਜ਼ੀਰੋ ਲਾਈਨ ’ਤੇ ਲਗਾਏ ਗੇਟਾਂ ਨੂੰ ਤਹਿਸ ਨਹਿਸ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਗੁਰੂ ਨਾਨਕ ਸਾਹਿਬ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ, ਜੋ ਰਾਵੀ ਦਰਿਆ ਦੇ ਕਿਨਾਰੇ ਸਥਿਤ ਹੈ ਅਤੇ ਇੱਥੇ ਗੁਰੂ ਸਾਹਿਬ ਨੇ ਆਪਣੇ ਪਰਿਵਾਰ ਸਮੇਤ 18 ਸਾਲ ਦਾ ਸਮਾਂ ਬਿਤਾਇਆ ਸੀ, ਸ੍ਰੀ ਕਰਤਾਰਪੁਰ ਸਾਹਿਬ ਵਿਖੇ ਗੁਰੂ ਨਾਨਕ ਸਾਹਿਬ ਨੇ ਭਾਈ ਲਹਿਣਾ (ਸ੍ਰੀ ਗੁਰੂ ਅੰਗਦ ਦੇਵ ਜੀ) ਨੂੰ ਆਪਣੀ ਗੱਦੀ ਸੌਂਪੀ ਅਤੇ 22 ਸਤੰਬਰ 1539 ਨੂੰ ਸ੍ਰੀ ਕਰਤਾਰਪੁਰ ਸਾਹਿਬ ਦੀ ਧਰਤੀ ’ਤੇ ਜੋਤੀ ਜੋਤ ਸਮਾ ਗਏ ਸਨ। ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੋਂ ਸਵਾ 4 ਕਿੱਲੋਮੀਟਰ ਦੂਰੀ ’ਤੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਸਥਿਤ ਹੈ, ਜੋ 1947 ਦੀ ਭਾਰਤ-ਪਾਕਿਸਤਾਨ ਦੀ ਵੰਡ ਦੌਰਾਨ ਪਾਕਿਸਤਾਨ ਵਾਲੇ ਪਾਸੇ ਆ ਗਿਆ ਸੀ। ਦੇਸ਼ ਦੀ ਅਜ਼ਾਦੀ ਤੋਂ 72 ਸਾਲਾਂ ਬਾਅਦ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਮੌਕੇ 9 ਨਵੰਬਰ 2019 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਸ ਸਮੇਂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਯਤਨਾਂ ਸਦਕਾ ਡੇਰਾ ਬਾਬਾ ਨਾਨਕ ਦੀ ਕੌਮਾਂਤਰੀ ਸਰਹੱਦ ਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਬਿਨਾਂ ਵੀਜ਼ਾ ਲਾਂਘਾ ਖੋਲ੍ਹਿਆ ਗਿਆ।

