ਖੇਤੀਬਾੜੀ ਮੰਤਰੀ ਖੁੱਡੀਆਂ ਨੇ ਕੇਂਦਰ ਤੋਂ ਕੀਤੀ ਆਰਥਿਕ ਰਾਹਤ ਦੀ ਮੰਗ
ਚੰਡੀਗੜ੍ਹ ਮੇਜਰ ਟਾਈਮਸ ਬਿਉਰੋ :
ਹੜ੍ਹਾਂ ਕਾਰਨ ਮੁਸ਼ਕਲ ਭਰੇ ਦੌਰ ਵਿਚੋਂ ਲੰਘ ਰਹੇ ਪੰਜਾਬ ਲਈ ਅੱਜ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਤੋਂ ਹੜ੍ਹਾਂ ਨਾਲ ਪੈਦਾ ਹੋਏ ਸੰਕਟ ਨਾਲ ਨਜਿੱਠਣ ਲਈ ਤੁਰੰਤ ਵਿੱਤੀ ਰਾਹਤ ਤੇ ਵੱਡਾ ਵਿੱਤੀ ਵਿਸ਼ੇਸ਼ ਪੈਕੇਜ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਹੜ੍ਹਾਂ ਦੀ ਮਾਰ ਹੇਠ ਆਏ ਚਾਰ ਲੱਖ ਏਕੜ ਖੇਤੀਬਾੜੀ ਰਕਬੇ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ’ਚ ਵਾਧਾ ਕਰਨ ਦੀ ਮੰਗ ਵੀ ਕੀਤੀ ਹੈ।ਖੁੱਡੀਆਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਨਾਲ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲਿ੍ਹਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ ਅਤੇ ਇਸ ਕੁਦਰਤੀ ਆਫ਼ਤ ਦੇ ਖੇਤੀਬਾੜੀ ਖੇਤਰ ’ਤੇ ਬੇਹੱਦ ਮਾੜੇ ਪ੍ਰਭਾਵ ਨੂੰ ਉਜਾਗਰ ਕੀਤਾ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਣ ਉਪਰੰਤ ਖੁੱਡੀਆਂ ਨੇ ਚੌਹਾਨ ਨੂੰ ਰਿਸੀਵ ਕੀਤਾ, ਜੋ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪ੍ਰਭਾਵਿਤ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਸੂਬੇ ਦੇ ਦੌਰੇ ’ਤੇ ਆਏ ਸਨ।ਹੜ੍ਹਾਂ ਕਾਰਨ ਵੱਡੇ ਪੱਧਰ ’ਤੇ ਹੋਏ ਨੁਕਸਾਨ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਮੁਢਲੀ ਪੜਤਾਲ ਅਨੁਸਾਰ 4 ਲੱਖ ਏਕੜ ਤੋਂ ਵੱਧ ਰਕਬੇ ’ਚ ਖੜ੍ਹੀਆਂ ਫ਼ਸਲਾਂ ਹੜ੍ਹਾਂ ਦੇ ਪਾਣੀ ਦੀ ਮਾਰ ਹੇਠ ਆਈਆਂ ਹਨ। ਵਾਢੀ ਦੇ ਸੀਜ਼ਨ ਤੋਂ ਕੁਝ ਹਫ਼ਤੇ ਪਹਿਲਾਂ ਝੋਨੇ ਦੀ ਫ਼ਸਲ ਸਭ ਤੋਂ ਵੱਧ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਬਾਹੀ ਦੇ ਨਤੀਜੇ ਵਜੋਂ ਕਿਸਾਨਾਂ ਤੇ ਸੂਬੇ ਦੀ ਖੇਤੀਬਾੜੀ ਆਰਥਿਕਤਾ ਨੂੰ ਕਾਫ਼ੀ ਨੁਕਸਾਨ ਹੋਇਆ ਹੈ। ਪਸ਼ੂਧਨ ਨੂੰ ਹੋਏ ਭਾਰੀ ਨੁਕਸਾਨ ਨਾਲ ਪੇਂਡੂ ਆਰਥਿਕਤਾ ’ਤੇ ਹੋਰ ਵੀ ਮਾੜਾ ਪ੍ਰਭਾਵ ਪਿਆ ਹੈ। ਉਨ੍ਹਾਂ ਕਿਹਾ ਸੂਬੇ ਦੀ ਆਰਥਿਕ ਰੀੜ੍ਹ ਦੀ ਹੱਡੀ ਖੇਤੀਬਾੜੀ ਬਹੁਤ ਜ਼ਿਆਦਾ ਦਬਾਅ ਹੇਠ ਹੈ, ਇਸ ਲਈ ਇਸ ਖੇਤਰ ਨੂੰ ਮੁੜ ਸੁਰਜੀਤ ਕਰਨ ਅਤੇ ਕਿਸਾਨਾਂ ਨੂੰ ਫ਼ੌਰੀ ਸਹਾਇਤਾ ਦੀ ਲੋੜ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਫ਼ਸਲਾਂ ਦੇ ਨੁਕਸਾਨ ਦੀ ਮੌਜੂਦਾ ਮੁਆਵਜ਼ਾ ਰਾਸ਼ੀ 6,800 ਰੁਪਏ ਪ੍ਰਤੀ ਏਕੜ ਹੈ, ਜੋ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੁਕਾਬਲੇ ਬਹੁਤ ਘੱਟ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮੁਆਵਜ਼ੇ ਨੂੰ ਵਧਾ ਕੇ ਘੱਟੋ-ਘੱਟ 50,000 ਰੁਪਏ ਪ੍ਰਤੀ ਏਕੜ ਕੀਤਾ ਜਾਵੇ। ਖੁੱਡੀਆਂ ਨੇ ਕੇਂਦਰ ਸਰਕਾਰ ਵੱਲੋਂ ਰੋਕੇ ਗਏ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਅਤੇ ਮਾਰਕੀਟ ਵਿਕਾਸ ਫੰਡ (ਐਮ.ਡੀ.ਐਫ.) ਦੇ 8,000 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ ਹੈ। ਉਨਾਂ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਰਾਜ ਦੀ ਆਰਥਿਕਤਾ ਨੂੰ ਮੁੜ ਬਹਾਲ ਕਰਨ ਲਈ ਵਿਸ਼ੇਸ਼ ਆਰਥਿਕ ਪੈਕੇਜ ਦੀ ਲੋੜ ਹੈ।