ਬਰਨਾਲਾ –
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਸਹੂਲਤਾਂ ਦੇ ਖੇਤਰ ’ਚ ਕ੍ਰਾਂਤੀਕਾਰੀ ਕਦਮ ਚੁੱਕਦੇ ਹੋਏ 10 ਲੱਖ ਰੁਪਏ ਤੱਕ ਦੇ ਸਿਹਤ ਬੀਮੇ ਲਈ ਰਜਿਸਟ੍ਰੇਸ਼ਨ ਦੀ ਸ਼ੁਰੂਆਤ ਜ਼ਿਲ੍ਹਾ ਤਰਨਤਾਰਨ ਤੋਂ ਕਰ ਦਿੱਤੀ ਗਈ ਹੈ ਅਤੇ ਭਲਕੇ 25 ਸਤੰਬਰ ਤੋਂ ਬਰਨਾਲਾ ’ਚ ਰਜਿਸਟ੍ਰੇਸ਼ਨ ਕੈਂਪ ਲਾਏ ਜਾਣਗੇ। ਇਹ ਪ੍ਰਗਟਾਵਾ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ 600 ਯੂਨਿਟ ਮੁਫ਼ਤ ਬਿਜਲੀ ਦਾ ਲਾਭ ਸੂਬੇ ਦੇ ਹਰ ਪਰਿਵਾਰ ਨੂੰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਲਗਭਗ 90 ਫ਼ੀਸਦੀ ਪਰਿਵਾਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ। ਹੁਣ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬਾ ਵਾਸੀਆਂ ਨੂੰ 10 ਲੱਖ ਤੱਕ ਦੇ ਕੈਸ਼ਲੈਸ ਇਲਾਜ ਦੀ ਸਹੂਲਤ ਛੇਤੀ ਦਿੱਤੀ ਜਾ ਰਹੀ ਹੈ ਜੋ ਕਿ ਬੜਾ ਵੱਡਾ ਫ਼ੈਸਲਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸਿਹਤ ਬੀਮਾ ਸਕੀਮ ਲਈ ਵਧਾਈ ਦਿੱਤੀ ਤੇ ਕਿਹਾ ਕਿ ਇਹ ਸਕੀਮ ਸਿਹਤ ਖੇਤਰ ’ਚ ਵੱਡਾ ਕਦਮ ਹੈ। ਹੁਣ ਸਰਕਾਰੀ ਦੇ ਨਾਲ ਨਾਲ ਪ੍ਰਾਈਵੇਟ ਹਸਪਤਾਲਾਂ ’ਚ ਵੀ 10 ਲੱਖ ਤੱਕ ਦਾ ਕੈਸ਼ਲੈਸ ਇਲਾਜ ਕਰਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ’ਚ ਭਲਕੇ 25 ਸਤੰਬਰ ਤੋਂ ਰਜਿਸਟ੍ਰੇਸ਼ਨ ਕੈਂਪ ਲੱਗਣਗੇ। ਉਨ੍ਹਾਂ ਦੱਸਿਆ ਕਿ ਭਲਕੇ ਬਰਨਾਲਾ ਸ਼ਹਿਰ ਤੋਂ ਸ਼ੁਰੂਆਤ ਕੀਤੀ ਜਾਣੀ ਹੈ ਤੇ ਇਹ ਕੈਂਪ ਸਿਵਲ ਹਸਪਤਾਲ ਬਰਨਾਲਾ, ਆਮ ਆਦਮੀ ਕਲੀਨਿਕ ਚਿੰਟੂ ਪਾਰਕ, ਦਫ਼ਤਰ ਨਗਰ ਕੌਂਸਲ ਬਰਨਾਲਾ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ, ਦਫ਼ਤਰ ਨਗਰ ਸੁਧਾਰ ਟਰੱਸਟ ਬਰਨਾਲਾ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ’ਚ ਬਾਕੀ ਥਾਵਾਂ ”ਤੇ ਵੀ ਕੈਂਪ ਲਾ ਕੇ ਸਾਰੇ ਜ਼ਿਲ੍ਹਾ ਵਾਸੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਲਈ ਆਪਣਾ ਆਧਾਰ ਕਾਰਡ ਜਾਂ ਵੋਟਰ ਕਾਰਡ ਨਾਲ ਲਿਜਾਇਆ ਜਾਵੇ। ਓਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ’ਚ ਜਾ ਕੇ ਰਜਿਸਟ੍ਰੇਸ਼ਨ ਜ਼ਰੂਰ ਕਰਾਉਣ।