ਅੰਮ੍ਰਿਤਸਰ: 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸ੍ਰੀ ਰਾਮਸਰ ਸਾਹਿਬ ਅੰਮ੍ਰਿਤਸਰ ਤੋਂ 328 ਪਾਵਨ ਸਰੂਪ ਦੇ ਚੱਲ ਰਹੇ ਮਾਮਲੇ ਸਬੰਧੀ 7 ਦਸੰਬਰ 2024 ਨੂੰ ਸਿੱਖ ਸਦਭਾਵਨਾ ਦਲ ਦੇ ਬਲਦੇਵ ਸਿੰਘ ਵਡਾਲਾ ਵੱਲੋਂ ਕਰਵਾਈ ਗਈ ਥਾਣਾ ਸੀ ਡਵੀਜ਼ਨ ਵਿਖੇ ਐਫਆਈਆਰ ਦੇ ਤਹਿਤ 16 ਵਿਅਕਤੀਆਂ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਚਾਰਟਡ ਅਕਾਊਂਟਡ ਰਹੇ ਸਤਿੰਦਰ ਸਿੰਘ ਕੋਹਲੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। CA ਕੋਹਲੀ ਦੀ ਗ੍ਰਿਫਤਾਰੀ ਤੋਂ ਬਾਅਦ ਇਸ ਕੇਸ ਨਾਲ ਸਬੰਧਿਤ ਬਾਕੀ ਵਿਅਕਤੀਆਂ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ। ਕਿਉਂਕਿ ਪਿਛਲੇ ਸਮੇਂ ਦਰਮਿਆਨ 10 ਵਿਅਕਤੀਆਂ ਵੱਲੋਂ ਅੰਮ੍ਰਿਤਸਰ ਅਦਾਲਤ ਵਿੱਚ ਅਗਾਂਹੂ ਜ਼ਮਾਨਤ ਦੀ ਅਰਜ਼ੀ ਦਿੱਤੀ ਗਈ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ। ਇਸ ਜ਼ਮਾਨਤ ਅਰਜ਼ੀ ਵਿੱਚ ਸਤਿੰਦਰ ਸਿੰਘ ਕੋਹਲੀ ਵੀ ਸ਼ਾਮਿਲ ਸਨ । ਸੂਚਨਾ ਹੈ ਕਿ ਪੁਲਿਸ ਨੇ ਕੋਹਲੀ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਹੈ। ਉਹ ਸੁਖਬੀਰ ਸਿੰਘ ਬਾਦਲ ਦੇ ਬੇਹੱਦ ਕਰੀਬੀ ਮੰਨੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੁਖਬੀਰ ਬਾਦਲ ਅਤੇ SGPC, ਦੋਵਾਂ ਦੇ ਸੀਏ ਕੋਹਲੀ ਹੀ ਹਨ।ਦੱਸਿਆ ਜਾਂਦਾ ਹੈ ਕਿ ਸਤਿੰਦਰ ਕੋਹਲੀ ਲੰਬੇ ਸਮੇਂ ਤੋਂ ਜਾਂਚ ਏਜੰਸੀਆਂ ਦੇ ਰਡਾਰ ‘ਤੇ ਸਨ। ਉਨ੍ਹਾਂ ‘ਤੇ ਕਾਲੇ ਧਨ, ਸ਼ੱਕੀ ਵਿੱਤੀ ਲੈਣ-ਦੇਣ ਤੇ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਨਾਲ ਜੁੜੇ ਗੰਭੀਰ ਦੋਸ਼ ਦੱਸੇ ਜਾ ਰਹੇ ਹਨ। ਮੁਢਲੀ ਜਾਂਚ ਵਿਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਏਜੰਸੀਆਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ ਤੋਂ ਲੰਬੀ ਪੁੱਛਗਿੱਛ ਹੋ ਸਕਦੀ ਹੈ।ਸਤਿੰਦਰ ਕੋਹਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨਾਲ ਵੀ ਜੁੜੇ ਰਹੇ ਹਨ। ਇਲਜ਼ਾਮ ਹੈ ਕਿ ਉਹ ਐਸਜੀਪੀਸੀ ਦੇ ਆਡਿਟ ਅਤੇ ਹੋਰ ਵਿੱਤੀ ਕੰਮਾਂ ਨਾਲ ਸਬੰਧਤ ਜ਼ਿੰਮੇਵਾਰੀਆਂ ਨਿਭਾ ਚੁੱਕੇ ਹਨ ਅਤੇ ਕਥਿਤ ਤੌਰ ‘ਤੇ ਉਨ੍ਹਾਂ ਨੂੰ ਸਾਲਾਨਾ ਇੱਕ ਕਰੋੜ ਰੁਪਏ ਤੱਕ ਮਿਹਨਤਾਨਾ ਮਿਲਦਾ ਰਿਹਾ। ਇਸ ਤੋਂ ਇਲਾਵਾ, ਉਹ ਸੁਖਬੀਰ ਸਿੰਘ ਬਾਦਲ ਨਾਲ ਜੁੜੀਆਂ ਕੁਝ ਕੰਪਨੀਆਂ ਵਿੱਚ ਚਾਰਟਰਡ ਅਕਾਊਂਟੈਂਟ (CA) ਵਜੋਂ ਵੀ ਕੰਮ ਕਰ ਚੁੱਕੇ ਹਨ। ਹੁਣ ਜਾਂਚ ਏਜੰਸੀਆਂ ਇਨ੍ਹਾਂ ਸਾਰੇ ਵਿੱਤੀ ਲੈਣ-ਦੇਣ, ਖਾਤਿਆਂ ਅਤੇ ਆਮਦਨ ਦੇ ਸਰੋਤਾਂ ਦੀ ਡੂੰਘਾਈ ਨਾਲ ਪੜਤਾਲ ਕਰ ਰਹੀਆਂ ਹਨ।

