ਅੰਮ੍ਰਿਤਸਰ : 
ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਨੇ 328 ਪਾਵਨ ਸਰੂਪਾਂ ਦੇ ਗਾਇਬ ਹੋਣ ਦੇ ਮਾਮਲੇ ’ਚ ਸ਼ਨਿਚਰਵਾਰ ਨੂੰ ਸੁਣਵਾਈ ਦੌਰਾਨ ਦਸ ਮੁਲਜ਼ਮਾਂ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ। ਮਾਮਲੇ ’ਚ ਨਾਮਜ਼ਦ 16 ਮੁਲਜ਼ਮਾਂ ’ਚੋਂ 10 ਨੇ ਕੋਰਟ ’ਚ ਕੁਝ ਦਿਨ ਪਹਿਲਾਂ ਆਪੋ-ਆਪਣੀਆਂ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਸਨ। ਪਹਿਲੀ ਸੁਣਵਾਈ ਦੌਰਾਨ ਕੋਰਟ ਨੇ ਪੁਲਿਸ ਨੂੰ ਨੋਟਿਸ ਜਾਰੀ ਕਰਦੇ ਹੋਏ ਸ਼ਨਿਚਰਵਾਰ ਨੂੰ ਸੁਣਵਾਈ ਦਾ ਸਮਾਂ ਦਿੱਤਾ ਸੀ। ਜ਼ਿਕਰਯੋਗ ਹੈ ਕਿ ਸਿੱਖ ਸਦਭਾਵਨਾ ਦਲ ਦੇ ਬਲਦੇਵ ਸਿੰਘ ਵੱਲੋਂ ਸੱਤ ਦਸੰਬਰ ਨੂੰ ਐੱਫਆਈਆਰ ਦਰਜ ਕਰਵਾਈ ਗਈ ਸੀ। ਇਸ ਤੋਂ ਬਾਅਦ ਮਨਜੀਤ ਸਿੰਘ, ਗੁਰਬਚਨ ਸਿੰਘ, ਸਤਿੰਦਰ ਸਿੰਘ, ਪਰਮਦੀਪ ਸਿੰਘ, ਗੁਰਮੁਖ ਸਿੰਘ, ਜੁਝਾਰ ਸਿੰਘ, ਬਾਜ ਸਿੰਘ, ਦਲਬੀਰ ਸਿੰਘ, ਕੁਲਵੰਤ ਸਿੰਘ ਤੇ ਸਤਿੰਦਰ ਸਿੰਘ ਕੋਹਲੀ ਨੇ ਕੁਝ ਦਿਨ ਪਹਿਲਾਂ ਆਪਣੀਆਂ ਜ਼ਮਾਨਤ ਅਰਜ਼ੀਆਂ ਦਾਇਰ ਕੀਤੀਆਂ ਸਨ। ਸਥਾਨਕ ਕੋਰਟ ਤੋਂ ਅਰਜ਼ੀ ਖ਼ਾਰਜ ਹੋਣ ਤੋਂ ਬਾਅਦ ਹੁਣ ਮੁਲਜ਼ਮਾਂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ।

