ਬਾਊਪੁਰ ਟਾਪੂ ਦੇ ਪਿੰਡਾਂ ਨੂੰ ਹੜ੍ਹਾਂ ਤੋਂ ਬਚਾਉਣ ਲਈ ਪੱਕੇ ਹੱਲ ਦਾ ਭਰੋਸਾ
ਕਿਸ਼ਤੀ ਰਾਹੀਂ ਪ੍ਰਭਾਵਿਤ ਪਿੰਡਾਂ ਵਿੱਚ ਜਾ ਕੇ ਹੜ੍ਹ ਪੀੜਤਾਂ ਨਾਲ ਕੀਤੀ ਮੁਲਾਕਾਤ
ਜਲੰਧਰ/ਸੁਲਤਾਨਪੁਰ ਲੋਧੀ , 31 ਅਗਸਤ (ਮੇਜਰ ਟਾਈਮਸ)
ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ ਏ ਪੀ ਸਿਨਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ ਦੇ ਲੋਕਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਏਗੀ । ਅੱਜ ਇੱਥੇ ਸੁਲਤਾਨਪੁਰ ਲੋਧੀ ਵਿਖੇ ਸਕੱਤਰ ਜਲ ਸਰੋਤ ਵਿਭਾਗ ਸ੍ਰੀ ਕ੍ਰਿਸ਼ਨ ਕੁਮਾਰ ਦੇ ਨਾਲ ਕਪੂਰਥਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਸਮੀਖਿਆ ਕਰਦੇ ਸਮੇਂ ਉਨ੍ਹਾਂ ਬਾਊਪੁਰ ਤੇ ਸਾਂਗਰਾ ਦੇ ਲੋਕਾਂ ਨਾਲ ਗੱਲਬਾਤ ਕੀਤੀ । ਉਨ੍ਹਾਂ ਲੋਕਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਬਾਊਪੁਰ ਟਾਪੂ ਦੇ 16 ਪਿੰਡਾਂ ਨੂੰ ਭਵਿੱਖ ਵਿੱਚ ਹੜ੍ਹ ਤੋਂ ਬਚਾਉਣ ਲਈ ਸਥਾਈ ਹੱਲ ਕਰਨ ਦੇ ਗੰਭੀਰ ਯਤਨ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ , ਰਿਹਾਇਸ਼ ਤੇ ਰਾਸ਼ਨ ਮੁਹੱਈਆ ਕਰਵਾਉਣ , ਬਿਮਾਰੀਆਂ ਤੋਂ ਬਚਾਉਣ ਦੇ ਨਾਲ – ਨਾਲ ਪਸ਼ੂ ਧਨ ਦੀ ਸਿਹਤ ਸੰਭਾਲ ਲਈ ਯਤਨ ਜੰਗੀ ਪੱਧਰ ਉੇਪਰ ਜਾਰੀ ਹਨ । ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਲੱਗੇ ਅਧਿਕਾਰੀ ਤੇ ਕਰਮਚਾਰੀ ਰਾਹਤ ਕਾਰਜਾਂ ਸਬੰਧੀ ਡਿਊਟੀ ਨੂੰ ਸੇਵਾ ਸਮਝਕੇ ਨਿਭਾਉਣ । ਸ੍ਰੀ ਸਿਨਹਾ ਨੇ ਕਿਹਾ ਕਿ ਇਸ ਔਖੀ ਘੜੀ ਵਿੱਚ ਪ੍ਰਸ਼ਾਸਨ ਦੇ ਅਧਿਕਾਰੀ ਲੋਕਾਂ ਦੀ ਜਾਨ -ਮਾਲ ਦੀ ਰਾਖੀ ਨੂੰ ਤਰਜੀਹ ਦੇਣ ਤੇ ਵਿਸ਼ੇਸ਼ ਕਰਕੇ ਹੜ੍ਹ ਮਾਰੇ ਖੇਤਰਾਂ ਵਿੱਚੋਂ ਲੋਕਾਂ ਨੂੰ ਕੱਢਣ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ । ਮੁੱਖ ਸਕੱਤਰ ਨੇ ਬਾਊਪੁਰ ਪੁਲ ਤੋਂ ਰਾਜ ਸਭਾ ਮੈਂਬਰ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਤੇ ਡਿਪਟੀ ਕਮਿਸ਼ਨਰ ਨਾਲ ਕਿਸ਼ਤੀ ਰਾਹੀਂ ਜਾ ਕੇ ਹੜ੍ਹ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ । ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਰਮੀ ਤੇ ਐਸ ਡੀ ਆਰ ਐਫ ਦੀ ਮਦਦ ਨਾਲ ਚਲਾਏ ਜਾ ਰਹੇ ਰਾਹਤ ਕਾਰਜਾਂ ਦਾ ਵੀ ਜਾਇਜ਼ਾ ਲਿਆ । ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਹੜ੍ਹ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਗਏ ਹਨ । ਇਸ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਲਈ ਵਿਸ਼ੇਸ਼ ਤਹਿਸੀਲਦਾਰ ਵੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤੇ ਗਏ ਹਨ । ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੁੱਖ ਸਕੱਤਰ ਨੂੰ ਕਪੂਰਥਲਾ ਜ਼ਿਲ੍ਹੇ ਵਿੱਚ ਪ੍ਰਭਾਵਿਤ ਇਲਾਕਿਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਆਰਮੀ ਤੇ ਐਸ ਡੀ ਆਰ ਐਫ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ । ਇਸ ਤੋਂ ਇਲਾਵਾ ਹੜ੍ਹ ਵਾਲੇ ਪਿੰਡਾਂ ਵਿੱਚ ਘਰ ਘਰ ਜਾ ਕੇ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਆਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਸਮੱਗਰੀ, ਭੋਜਨ, ਡਾਕਟਰੀ ਸੇਵਾਵਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲਗਾਤਾਰ ਪ੍ਰਦਾਨ ਕਰ ਰਿਹਾ ਹੈ। ਇਸ ਤੋਂ ਇਲਾਵਾ ਫਜਲਾਬਾਦ , ਲੱਖ ਵਰਿਆਂਹ , ਆਹਲੀ ਕਲਾਂ , ਮੰਡ ਕੂਕਾ ਗੁਰਦੁਆਰਾ ਸਾਹਿਬ, ਭਰੋਆਣਾ ਗੁਰਦੁਆਰਾ ਰਬਾਬਸਰ ਸਾਹਿਬ ਵਿਖੇ ਰਾਹਤ ਕੈਂਪ ਬਣਾਏ ਗਏ ਹਨ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਲ, ਸਿਹਤ, ਪਸ਼ੂ ਪਾਲਣ, ਜਲ ਸਰੋਤ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੀਆਂ ਟੀਮਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 24 ਘੰਟੇ ਡਿਊਟੀ ‘ਤੇ ਹਨ ਅਤੇ ਪੂਰੀ ਤਿਆਰੀ ਨਾਲ ਰਾਹਤ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਇਸ ਮੌਕੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ , ਕਪੂਰਥਲਾ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ , ਐਸ ਐਸ ਪੀ ਗੌਰਵ ਤੂਰਾ , ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਕਪੂਰਥਲਾ , ਭੁਲੱਥ ਤੇ ਸੁਲਤਾਨਪੁਰ ਲੋਧੀ ਦੇ ਐਸ ਡੀ ਐਮਜ ਤੇ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ ।