ਅੰਮ੍ਰਿਤਸਰ major times
ਅੰਮ੍ਰਿਤਸਰ ਵਿੱਚ ਵੀਰਵਾਰ ਦੇਰ ਰਾਤ ਗਸ਼ਤ ਦੌਰਾਨ ਗੇਟ ਹਕੀਮਾ ਥਾਣੇ ਵਿੱਚ ਤਾਇਨਾਤ ASI ਹਰਜੀਤ ਸਿੰਘ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਮੁਤਾਬਕ ਉਹ ਰਾਤ ਕਰੀਬ 2:30 ਵਜੇ ਦਾਣਾ ਮੰਡੀ ਨੇੜੇ ਮੋਟਰਸਾਈਕਲ ‘ਤੇ ਗਸ਼ਤ ਕਰ ਰਹੇ ਸਨ, ਜਦੋਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ‘ਤੇ ਗੋਲੀਆਂ ਚਲਾ ਦਿੱਤੀਆਂ।
ਗੋਲੀ ਲੱਗਣ ਕਾਰਨ ASI ਹਰਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਮਲਾਵਰਾਂ ਦੀ ਪਛਾਣ ਲਈ ਆਸ-ਪਾਸ ਲੱਗੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ।
CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
ਮੁੱਖ ਮੰਤਰੀ ਭਗਵੰਤ ਮਾਨ ਨੇ ASI ਹਰਜੀਤ ਸਿੰਘ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀ ਬਹਾਦਰੀ ਅਤੇ ਡਿਊਟੀ ਪ੍ਰਤੀ ਸਮਰਪਣ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿੱਚ ਸ਼ਹੀਦ ਦੇ ਪਰਿਵਾਰ ਨਾਲ ਖੜ੍ਹੀ ਹੈ।
CM ਮਾਨ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਵਾਧੂ ਬੀਮਾ ਵੀ ਪਰਿਵਾਰ ਨੂੰ ਮਿਲੇਗਾ।
ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।
