ਚੰਡੀਗੜ੍ਹ: major times
‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ-2026’ ਨੂੰ ਲਾਗੂ ਕਰਨ ਨਾਲ ਜੁੜੇ ਮਾਮਲਿਆਂ ’ਤੇ ਵਿਚਾਰ ਕਰਨ ਲਈ ਬਣਾਈ ਗਈ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਦੁਪਹਿਰ 1 ਵਜੇ ਸੈਕਟਰ-2 ਸਥਿਤ ਮੁੱਖ ਮੰਤਰੀ ਰਿਹਾਇਸ਼ ’ਤੇ ਹੋਣੀ ਤੈਅ ਹੈ। ਇਸ ਦੌਰਾਨ ਕਮੇਟੀ ਵੱਲੋਂ ਕਾਨੂੰਨ ਦੀਆਂ ਵੱਖ-ਵੱਖ ਮੱਦਾਂ, ਉਨ੍ਹਾਂ ਨੂੰ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨਾਲ ਸਬੰਧਤ ਪ੍ਰਬੰਧਾਂ ’ਤੇ ਚਰਚਾ ਕੀਤੇ ਜਾਣ ਦੀ ਜਾਣਕਾਰੀ ਹੈ। ਕਮੇਟੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ, ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦਮਦਮੀ ਟਕਸਾਲ, ਸੰਤ ਬਾਬਾ ਸੇਵਾ ਸਿੰਘ, ਸਾਬਕਾ ਜਸਟਿਸ ਜਸਵਿੰਦਰ ਸਿੰਘ, ਸਾਬਕਾ ਜਸਟਿਸ ਗੁਰਬੀਰ ਸਿੰਘ, ਸਾਬਕਾ ਆਈਪੀਐੱਸ ਜਤਿੰਦਰ ਸਿੰਘ ਔਲਖ ਅਤੇ ਵਕੀਲ ਐੱਸ. ਪ੍ਰੀਤ ਇੰਦਰਪਾਲ ਸਿੰਘ ਸ਼ਾਮਲ ਹਨ। ਕਾਨੂੰਨ ਦੇ ਨਿਯਮਾਂ ਅਤੇ ਇਸ ਦੀ ਲਾਗੂ ਕਰਨ ਦੀ ਪ੍ਰਕਿਰਿਆ ’ਤੇ ਕਮੇਟੀ ਦੀ ਸਿੱਧੀ ਭੂਮਿਕਾ ਹੋਣ ਕਾਰਨ ਅੱਜ ਹੋਣ ਵਾਲੀ ਬੈਠਕ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।
