ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਵਿੱਦਿਅਕ ਸੰਸਥਾਵਾਂ ’ਚ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼
ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ’ਚ ਤੇਜ਼ੀ ਲਿਆਉਣ ਲਈ ਕਿਹਾ
ਜਲੰਧਰ, major times
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਸ਼ਿਆਂ ਖਿਲਾਫ਼ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀ ਜਾ ਰਹੀ ਕਾਰਵਾਈ ਦਾ ਜਾਇਜ਼ਾ ਲੈਂਦਿਆਂ ਨਸ਼ਿਆਂ ਖਿਲਾਫ਼ ਵਿਆਪਕ ਜਾਗਰੂਕਤਾ ਅਤੇ ਨਸ਼ੇ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਵਿੱਚ ਤੇਜ਼ੀ ਲਿਆਉਣ ’ਤੇ ਜ਼ੋਰ ਦਿੱਤਾ। ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਵਿੱਦਿਅਕ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਵਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨੌਜਵਾਨਾਂ ਨੂੰ ਨਸ਼ਿਆਂ ਦੀ ਜਕੜ ਵਿੱਚ ਜਾਣ ਤੋਂ ਰੋਕਿਆ ਜਾ ਸਕੇ। ਡਾ. ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਫੈਸਲਾਕੁੰਨ ਜੰਗ ਵਿੱਢੀ ਹੋਈ ਹੈ। ਉਨ੍ਹਾਂ ਨਸ਼ੇ ਦੇ ਆਦੀ ਵਿਅਕਤੀਆਂ ਦੇ ਇਲਾਜ, ਢੁੱਕਵੀਂ ਕਾਊਂਸਲਿੰਗ, ਰੋਜ਼ਗਾਰ ਮੁਖੀ ਸਿਖ਼ਲਾਈ ਆਦਿ ’ਤੇ ਜ਼ੋਰ ਦਿੱਤਾ ਤਾਂ ਜੋ ਉਹ ਨਸ਼ੇ ਦੀ ਲਤ ਵੱਲ ਫਿਰ ਕਦੇ ਨਾ ਪਰਤਣ। ਇਸ ਦੌਰਾਨ ਉਨ੍ਹਾਂ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਨੂੰ ਮਾਡਲ ਕੇਂਦਰ ਵਜੋਂ ਵਿਕਸਿਤ ਕਰਨ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਦਵਾਈਆਂ ਦੀ ਨਸ਼ਿਆਂ ਵਜੋਂ ਵਰਤੋਂ ਨੂੰ ਰੋਕਣ ਦੇ ਵੀ ਸਖ਼ਤ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਵਰਤੋਂ ਨੂੰ ਸਿੰਥੈਟਿਕ ਨਸ਼ਿਆਂ ਦੇ ਬਰਾਬਰ ਸਮਝਿਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਨਸ਼ਿਆਂ ਸਬੰਧੀ ਜਾਣਕਾਰੀ ਵਟਸਐਪ ਨੰਬਰ 9779-100-200 ’ਤੇ ਸਾਂਝੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੜ ਵਸੇਬਾ ਕੇਂਦਰ ਸ਼ੇਖੇ ਅਤੇ ਵੱਖ-ਵੱਖ ਕਲੀਨਿਕਾਂ ਤੋਂ ਇਲਾਵਾ ਸਿਵਲ ਹਸਪਤਾਲ ਜਲੰਧਰ ਅਤੇ ਨੂਰਮਹਿਲ ਵਿਖੇ 2 ਨਸ਼ਾ ਛੁਡਾਊ ਕੇਂਦਰ ਚੱਲ ਰਹੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਜ਼ਿਲ੍ਹਾ ਨਸ਼ਾ ਛੁਡਾਊ ਹੈਲਪਲਾਈਨ ਨੰਬਰ 0181-2911969 ਦੀ ਵੀ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਲਾਹ ਅਤੇ ਸਹਾਇਤਾ ਲੈਣ ਲਈ ਵੱਧ ਤੋਂ ਵੱਧ ਵਰਤੋਂ ਕਰਨ ਦਾ ਸੱਦਾ ਦਿੱਤਾ।
ਮੀਟਿੰਗ ਵਿੱਚ ਏ.ਡੀ.ਸੀ.ਪੀ. ਜਯੰਤ ਪੁਰੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।