ਜਲੰਧਰ Major Times : ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐੱਲਪੀਯੂ) ਵਿੱਚ ਹੋਈ ਹਿੰਸਾ, ਭੰਨਤੋੜ ਅਤੇ ਅੱਗਜ਼ਨੀ ਦੇ ਮਾਮਲੇ ਵਿੱਚ ਪੁਲਿਸ ਨੇ ਕਾਰਵਾਈ ਤੇਜ਼ ਕਰਦਿਆਂ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਪੰਜ ਹੋਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਐੱਲਪੀਯੂ ਦੇ ਬੀ.ਟੈਕ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਦੇ ਵਿਦਿਆਰਥੀ ਜੇਮਸ ਦਹੀਆ, ਫਗਵਾੜਾ ਵਾਸੀ ਗਗਨ ਅਤੇ ਟਿੱਬੀ ਵਾਸੀ ਕਮਲ ਵਜੋਂ ਹੋਈ ਹੈ। ਤਿੰਨਾਂ ਨੂੰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ।
ਵੀਡੀਓ ਅਤੇ ਸੀਸੀਟੀਵੀ ਫੁਟੇਜ ਦੀ ਜਾਂਚ
ਜਾਂਚ ਏਜੰਸੀਆਂ ਵੱਲੋਂ ਘਟਨਾ ਨਾਲ ਸਬੰਧਤ ਵੀਡੀਓਜ਼, ਸੀਸੀਟੀਵੀ ਫੁਟੇਜ ਅਤੇ ਹੋਰ ਡਿਜੀਟਲ ਸਬੂਤਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਜੇਮਸ ਦਹੀਆ ਨਾਲ ਸਬੰਧਤ ਕੁਝ ਵੀਡੀਓਜ਼ ਵੀ ਮਿਲੀਆਂ ਹਨ, ਜਿਨ੍ਹਾਂ ਦੇ ਆਧਾਰ ’ਤੇ ਘਟਨਾ ਵਾਲੀ ਥਾਂ ’ਤੇ ਉਸ ਦੀ ਮੌਜੂਦਗੀ ਅਤੇ ਕਥਿਤ ਗਤੀਵਿਧੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ।
ਪੁਲਿਸ ਵੱਲੋਂ ਗਗਨ ਦੀ ਪਿਛੋਕੜ ਅਤੇ ਘਟਨਾ ਵਾਲੇ ਦਿਨ ਉਸ ਦੀ ਮੌਜੂਦਗੀ ਬਾਰੇ ਵੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਗਗਨ ਡਿਲਿਵਰੀ ਬੁਆਏ ਵਜੋਂ ਕੰਮ ਕਰਦਾ ਹੈ ਅਤੇ ਉਸ ਨੇ ਲਗਭਗ ਡੇਢ ਮਹੀਨਾ ਪਹਿਲਾਂ ਹੀ ਇਹ ਕੰਮ ਸ਼ੁਰੂ ਕੀਤਾ ਸੀ।
ਉੱਧਰ ਕਮਲ ਬਾਰੇ ਦੱਸਿਆ ਗਿਆ ਹੈ ਕਿ ਉਹ ਪਹਿਲਾਂ ਐੱਲਪੀਯੂ ਵਿੱਚ ਪੜ੍ਹ ਚੁੱਕਾ ਹੈ ਅਤੇ ਇਸ ਸਮੇਂ ਇੱਕ ਦੁਕਾਨ ’ਤੇ ਕੰਮ ਕਰ ਰਿਹਾ ਸੀ। ਪੁਲਿਸ ਵੱਲੋਂ ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਘਟਨਾ ਵਾਲੇ ਦਿਨ ਉਸ ਨੂੰ ਕਥਿਤ ਤੌਰ ’ਤੇ ਫੋਨ ਕਰਕੇ ਮੌਕੇ ’ਤੇ ਬੁਲਾਇਆ ਗਿਆ ਸੀ ਜਾਂ ਨਹੀਂ।
ਦੋ ਐੱਸਆਈਟੀ ਕਰ ਰਹੀਆਂ ਜਾਂਚ
ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਪੁਲਿਸ ਵੱਲੋਂ ਦੋ ਵਿਸ਼ੇਸ਼ ਜਾਂਚ ਟੀਮਾਂ (ਐੱਸਆਈਟੀ) ਬਣਾਈਆਂ ਗਈਆਂ ਹਨ। ਇੱਕ ਟੀਮ ਐੱਫਆਈਆਰ ਨੰਬਰ 163, 105 ਅਤੇ 106 ਨਾਲ ਸਬੰਧਤ ਮਾਮਲਿਆਂ ਦੀ ਜਾਂਚ ਕਰ ਰਹੀ ਹੈ, ਜਦਕਿ ਦੂਜੀ ਟੀਮ ਐੱਲਪੀਯੂ ਕੈਂਪਸ ਅਤੇ ਇਸ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲ ਰਹੀ ਹੈ।
ਇਸ ਦੇ ਨਾਲ ਹੀ ਸੋਸ਼ਲ ਮੀਡੀਆ ’ਤੇ ਸਾਹਮਣੇ ਆਈਆਂ ਵੀਡੀਓਜ਼ ਅਤੇ ਹੋਰ ਡਿਜੀਟਲ ਸਮੱਗਰੀ ਨੂੰ ਵੀ ਜਾਂਚ ਦਾ ਹਿੱਸਾ ਬਣਾਇਆ ਗਿਆ ਹੈ। ਪੁਲਿਸ ਨੇ ਪੰਜ ਹੋਰ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਕੇ ਉਨ੍ਹਾਂ ਦੀ ਘਟਨਾ ਵਾਲੇ ਦਿਨ ਦੀ ਮੌਜੂਦਗੀ ਅਤੇ ਮਾਮਲੇ ਨਾਲ ਸੰਭਾਵਿਤ ਸਬੰਧ ਬਾਰੇ ਪੁੱਛਗਿੱਛ ਸ਼ੁਰੂ ਕੀਤੀ ਹੈ। ਇਸ ਤੋਂ ਇਲਾਵਾ ਫਰਹਤ ਨਾਮ ਦੇ ਵਿਅਕਤੀ ਦੀ ਭੂਮਿਕਾ ਬਾਰੇ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਅਨੁਸਾਰ ਸੀਸੀਟੀਵੀ ਫੁਟੇਜ, ਵੀਡੀਓਜ਼ ਅਤੇ ਹੋਰ ਡਿਜੀਟਲ ਸਬੂਤਾਂ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਮਾਮਲੇ ਨਾਲ ਜੁੜੇ ਹੋਰ ਤੱਥ ਸਪੱਸ਼ਟ ਹੋਣ ਦੀ ਉਮੀਦ ਹੈ।
