ਸੁਲਤਾਨਪੁਰ ਲੋਧੀ :
ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਬੈਠਕ ’ਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਮੁੱਢਲੇ ਤੌਰ ’ਤੇ 20 ਕਰੋੜ ਰੁਪਏ ਰਾਖਵੇਂ ਰੱਖਣ ਦਾ ਫੈਸਲਾ ਕਰਦਿਆਂ ਪ੍ਰਭਾਵਿਤ ਲੋਕਾਂ ਵਾਸਤੇ ਵੱਖ-ਵੱਖ ਖੇਤਰਾਂ ਲਈ ਵੱਡੇ ਫੈਸਲੇ ਕੀਤੇ ਗਏ ਸਨ। ਇਸ ਉਪਰੰਤ ਪ੍ਰਧਾਨ ਐਸਜੀਪੀਸੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਹੜਾਂ ਦਾ ਮੁਕਾਬਲਾ ਕਰ ਰਹੇ ਲੋਕਾਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਅੰਦਰ ਹੜ੍ਹਾਂ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋਇਆ ਹੈ। ਇਸ ਨਾਲ ਜਿਥੇ ਕਿਸਾਨਾਂ ਦੀਆਂ ਫਸਲਾਂ ਬਰਬਾਦ ਹੋਈਆਂ ਹਨ, ਉਥੇ ਹੀ ਜ਼ਮੀਨਾਂ ਵਿੱਚ ਆਈ ਰੇਤ ਨੇ ਵੀ ਕਿਸਾਨਾਂ ਲਈ ਵੱਡੀ ਮੁਸੀਬਤ ਖੜ੍ਹੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹੜ੍ਹ ਆਉਣ ਦੇ ਦਿਨਾਂ ਤੋਂ ਲੈ ਕੇ ਪ੍ਰਭਾਵਿਤ ਇਲਾਕਿਆਂ ਵਿੱਚ ਨਿਰੰਤਰ ਕਾਰਜਸ਼ੀਲ ਰਹੀ ਹੈ ਅਤੇ ਅੱਜ ਹੜ ਪੀੜਤਾਂ ਲਈ 8 ਹਜ਼ਾਰ ਲੀਟਰ ਡੀਜ਼ਲ ਦੀ ਸੇਵਾ ਕੀਤੀ ਗਈ ਹੈ ਅਤੇ ਨਾਲ ਹੀ ਪ੍ਰਧਾਨ ਧਾਮੀ ਵੱਲੋਂ 38000 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੁਲਤਾਨਪੁਰ ਲੋਧੀ ਦੇ ਹੜ੍ਹਾਂ ਤੋਂ ਪ੍ਰਭਾਵਿਤ ਕਿਸਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਖੇਤਾਂ ਨੂੰ ਪੱਧਰਾ ਕਰਕੇ ਬਿਜਾਈ ਯੋਗ ਬਣਾਉਣਾ ਹੈ, ਜਿਸ ਵਾਸਤੇ ਸ਼੍ਰੋਮਣੀ ਕਮੇਟੀ ਕੁੱਲ 8 ਲੱਖ ਲੀਟਰ ਡੀਜ਼ਲ ਲੋੜਵੰਦਾਂ ਨੂੰ ਦੇਵੇਗੀ। ਇਸ ਦੇ ਨਾਲ ਹੀ 10 ਏਕੜ ਤੋਂ ਘੱਟ ਜ਼ਮੀਨ ਵਾਲੇ ਕਿਸਾਨਾਂ ਨੂੰ ਚੰਗੀ ਕੁਆਲਿਟੀ ਦਾ ਕਣਕ ਦਾ ਬੀਜ ਵੀ ਦਿੱਤਾ ਜਾਵੇਗਾ ਅਤੇ ਗੁਰੂ ਘਰਾਂ ਦੀ ਮੁਰੰਮਤ ਵਾਸਤੇ ਵੀ 50 ਹਜਾਰ ਰੁਪਏ ਦਿੱਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਡੀਜ਼ਲ ਤੋਂ ਵੈਟ ਖ਼ਤਮ ਕੀਤਾ ਜਾਵੇ ਤਾਂ ਜੋ ਲੋਕਾਂ ਦੀ ਵੱਧ ਤੋਂ ਵੱਧ ਸਹਾਇਤਾ ਹੋ ਸਕੇ। ਉਨ੍ਹਾਂ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜ ਗੁਰੂ ਕੀ ਗੋਲਕ ਅਤੇ ਸੰਗਤਾਂ ਦੇ ਸਹਿਯੋਗ ਨਾਲ ਹੋ ਰਹੇ ਹਨ। ਇਸ ਲਈ ਸੰਗਤਾਂ ਖੁਲ੍ਹਦਿਲੀ ਨਾਲ ਇਨ੍ਹਾਂ ਕਾਰਜਾਂ ਵਿਚ ਯੋਗਦਾਨ ਪਾਉਣਾ ਚਾਹੀਦਾ। ਇਸ ਮੌਕੇ ਪ੍ਰਧਾਨ ਧਾਮੀ ਨੇ ਪੰਜਾਬ ਸਰਕਾਰ ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਲੋਕ ਆਪ ਮੁਹਾਰੇ ਇੱਕ ਦੂਜੇ ਦੀ ਮਦਦ ਕਰ ਰਹੇ ਹਨ। ਸਰਕਾਰ ਕਿਤੇ ਨਜ਼ਰ ਨਹੀਂ ਆ ਰਹੀ।