ਜਲੰਧਰ/ਲੁਧਿਆਣਾ:
- ਜਲੰਧਰ ਵਿੱਚ ਬਾਜ਼ਾਰ ਬੰਦ, ਪਰਾਗਪੁਰ ਨੇੜੇ ਹਾਈਵੇਅ ’ਤੇ ਲੱਗਾ ਜਾਮ
- ਲਾਢੋਵਾਲ ਟੋਲ ਪਲਾਜ਼ਾ ’ਤੇ ਪ੍ਰਦਰਸ਼ਨ, ਦੋਵੇਂ ਪਾਸੇ ਵਾਹਨਾਂ ਦੀਆਂ ਕਤਾਰਾਂ
- ਖਡੂਰ ਸਾਹਿਬ ਦੇ ਕਈ ਕਸਬਿਆਂ ਵਿੱਚ ਰੋਸ ਮਾਰਚ
- ਮੋਰਿੰਡਾ ਵਿੱਚ ਕਾਈਨੌਰ ਚੌਕ ’ਚ ਧਰਨਾ, ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ
- ਮਜੀਠਾ ਵਿੱਚ ਵੀ ਬੰਦ ਦਾ ਅਸਰ, ਵਾਰਿਸ ਪੰਜਾਬ ਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਮਾਰਚ
- ਬੰਦ ਕਾਰਨ ਕਾਰੋਬਾਰ ਅਤੇ ਆਵਾਜਾਈ ਪ੍ਰਭਾਵਿਤ
ਪਰਵਿੰਦਰ ਸਿੰਘ ਝੋਟਾ ਦੀ ਮੌਤ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੇ ਕਈ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਮਰਥਨ ਮਿਲਿਆ। ਜਲੰਧਰ, ਮੋਰਿੰਡਾ, ਮਜੀਠਾ ਅਤੇ ਖਡੂਰ ਸਾਹਿਬ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਬਾਜ਼ਾਰ ਬੰਦ ਰਹੇ ਅਤੇ ਕਈ ਜਥੇਬੰਦੀਆਂ ਨੇ ਰੋਸ ਮਾਰਚ ਤੇ ਧਰਨੇ ਦਿੱਤੇ। ਲੁਧਿਆਣਾ ਦੇ ਲਾਢੋਵਾਲ ਟੋਲ ਪਲਾਜ਼ਾ ’ਤੇ ਵੀ ਪ੍ਰਦਰਸ਼ਨ ਕਾਰਨ ਆਵਾਜਾਈ ਪ੍ਰਭਾਵਿਤ ਹੋਈ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਵਿੱਚ ਇਨਸਾਫ਼ ਯਕੀਨੀ ਬਣਾਉਣ ਦੀ ਮੰਗ ਕਰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।

ਜਲੰਧਰ ਵਿੱਚ ਬਾਜ਼ਾਰ ਬੰਦ, ਪਰਾਗਪੁਰ ਨੇੜੇ ਹਾਈਵੇਅ ’ਤੇ ਲੱਗਾ ਜਾਮ
ਜਲੰਧਰ ਵਿੱਚ ਪੰਜਾਬ ਬੰਦ ਦਾ ਅਸਰ ਸ਼ਹਿਰ ਦੇ ਮੁੱਖ ਬਾਜ਼ਾਰਾਂ ਦੇ ਨਾਲ-ਨਾਲ ਪੇਂਡੂ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲਿਆ। ਜ਼ਿਆਦਾਤਰ ਦੁਕਾਨਾਂ ਬੰਦ ਰਹੀਆਂ ਅਤੇ ਸ਼ਾਮ 4 ਵਜੇ ਤੋਂ ਬਾਅਦ ਕੁਝ ਬਾਜ਼ਾਰ ਖੁੱਲ੍ਹਣੇ ਸ਼ੁਰੂ ਹੋਏ। ਹਾਲਾਂਕਿ, ਕਾਰੋਬਾਰੀ ਸਰਗਰਮੀਆਂ ਘੱਟ ਰਹੀਆਂ।
ਅਕਾਲੀ ਦਲ ਅਤੇ ਕਿਸਾਨ ਜਥੇਬੰਦੀਆਂ ਨਾਲ ਜੁੜੇ ਆਗੂਆਂ ਨੇ ਵੱਖ-ਵੱਖ ਥਾਵਾਂ ’ਤੇ ਪ੍ਰਦਰਸ਼ਨ ਕੀਤੇ। ਗੁਰੂ ਨਾਨਕ ਮਿਸ਼ਨ ਚੌਕ ਵਿਖੇ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕਈ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ। ਉੱਧਰ, ਪਰਾਗਪੁਰ ਨੇੜੇ ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ’ਤੇ ਕਿਸਾਨਾਂ ਦੇ ਧਰਨੇ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।
ਪੁਲਿਸ ਅਧਿਕਾਰੀਆਂ ਨੇ ਮੌਕੇ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਆਵਾਜਾਈ ਬਹਾਲ ਕਰਵਾਉਣ ਦੇ ਯਤਨ ਕੀਤੇ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਆਮ ਜਨਤਾ ਦੀ ਆਵਾਜਾਈ ਵਿੱਚ ਵਿਘਨ ਨਾ ਪਾਉਣ ਦੀ ਅਪੀਲ ਕੀਤੀ।
ਬੰਦ ਕਾਰਨ ਕੁਝ ਨਿੱਜੀ ਸਕੂਲ ਬੰਦ ਰਹੇ, ਜਦਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਘੱਟ ਰਹੀ। ਸਿਵਲ ਹਸਪਤਾਲ ਦੀ ਓਪੀਡੀ ਵੀ ਪ੍ਰਭਾਵਿਤ ਹੋਈ। ਬੈਂਕ ਅਤੇ ਰੇਲ ਸੇਵਾਵਾਂ ਆਮ ਵਾਂਗ ਚੱਲੀਆਂ, ਪਰ ਬੱਸਾਂ ਦੀ ਆਵਾਜਾਈ ਵਿੱਚ ਕਮੀ ਦੇਖੀ ਗਈ।
ਲਾਢੋਵਾਲ ਟੋਲ ਪਲਾਜ਼ਾ ’ਤੇ ਪ੍ਰਦਰਸ਼ਨ, ਦੋਵੇਂ ਪਾਸੇ ਵਾਹਨਾਂ ਦੀਆਂ ਕਤਾਰਾਂ
ਲੁਧਿਆਣਾ ਦੇ ਲਾਢੋਵਾਲ ਟੋਲ ਪਲਾਜ਼ਾ ’ਤੇ ਸਵੇਰ ਤੋਂ ਵਾਹਨਾਂ ਨੂੰ ਮੁਫ਼ਤ ਲੰਘਣ ਦਿੱਤਾ ਜਾ ਰਿਹਾ ਸੀ। ਪਰ ਦੁਪਹਿਰ ਕਰੀਬ 1 ਵਜੇ ਵਾਰਿਸ ਪੰਜਾਬ ਦੇ ਵਰਕਰਾਂ ਨੇ ਉੱਥੇ ਪਹੁੰਚ ਕੇ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ, ਜਿਸ ਕਾਰਨ ਦੋਵੇਂ ਪਾਸਿਆਂ ਦੀ ਆਵਾਜਾਈ ਰੁਕ ਗਈ।
ਸੂਚਨਾ ਮਿਲਣ ’ਤੇ ਡੀਐੱਸਪੀ ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੁਲਿਸ ਫੋਰਸ ਮੌਕੇ ’ਤੇ ਪਹੁੰਚੀ। ਪੁਲਿਸ ਅਧਿਕਾਰੀਆਂ ਨੇ ਵਾਰਿਸ ਪੰਜਾਬ ਦੇ ਮਹਿਲਾ ਵਿੰਗ ਦੀ ਪ੍ਰਧਾਨ ਹਰਪ੍ਰੀਤ ਕੌਰ ਨਾਲ ਗੱਲਬਾਤ ਕੀਤੀ।
ਬਾਅਦ ਵਿੱਚ ਦੋਵੇਂ ਪਾਸਿਆਂ ’ਤੇ ਇੱਕ-ਇੱਕ ਐਮਰਜੈਂਸੀ ਬੂਥ ਖੋਲ੍ਹਣ ਲਈ ਸਹਿਮਤੀ ਬਣੀ। ਇਸ ਦੇ ਬਾਵਜੂਦ ਵਾਹਨਾਂ ਦੀ ਵੱਡੀ ਗਿਣਤੀ ਕਾਰਨ ਪਿੱਛੇ ਲੰਮਾ ਜਾਮ ਲੱਗਿਆ ਰਿਹਾ। ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੀਤੇ ਗਏ।
ਖਡੂਰ ਸਾਹਿਬ ਦੇ ਕਈ ਕਸਬਿਆਂ ਵਿੱਚ ਰੋਸ ਮਾਰਚ

ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ-ਵੱਖ ਕਸਬਿਆਂ ਵਿੱਚ ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਹੋਰ ਜਥੇਬੰਦੀਆਂ ਵੱਲੋਂ ਭਾਈ ਕੁਲਦਮਨਰੂਪ ਸਿੰਘ ਖਾਲਸਾ ਦੀ ਅਗਵਾਈ ਹੇਠ ਰੋਸ ਮਾਰਚ ਕੱਢੇ ਗਏ।
ਇਹ ਮਾਰਚ ਸ੍ਰੀ ਗੋਇੰਦਵਾਲ ਸਾਹਿਬ, ਫਤਿਆਬਾਦ, ਜਾਮਾਰਾਏ, ਡੇਹਰਾ ਸਾਹਿਬ, ਚੋਹਲਾ ਸਾਹਿਬ, ਸ਼ੇਖਚੱਕ ਅਤੇ ਕੰਗ ਕੱਲਾ ਸਮੇਤ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੇ ਹੋਏ ਖਡੂਰ ਸਾਹਿਬ ਵਿਖੇ ਸਮਾਪਤ ਹੋਏ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕੀਤੀ। ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਡੀਜੀਪੀ ਦੇ ਅਸਤੀਫ਼ੇ ਦੀ ਮੰਗ ਵੀ ਦੁਹਰਾਈ।
ਮੋਰਿੰਡਾ ਵਿੱਚ ਕਾਈਨੌਰ ਚੌਕ ’ਚ ਧਰਨਾ, ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ
ਮੋਰਿੰਡਾ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਜਥੇਬੰਦੀਆਂ, ਕਿਸਾਨ ਯੂਨੀਅਨਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਗਿਆ। ਸ਼ਹਿਰ ਦੇ ਬਾਜ਼ਾਰ ਬੰਦ ਰਹੇ ਅਤੇ ਪ੍ਰਦਰਸ਼ਨਕਾਰੀਆਂ ਨੇ ਕਾਈਨੌਰ ਚੌਕ ਵਿੱਚ ਧਰਨਾ ਦੇ ਕੇ ਆਵਾਜਾਈ ਪ੍ਰਭਾਵਿਤ ਕੀਤੀ।
ਧਰਨੇ ਦੌਰਾਨ ਬੁਲਾਰਿਆਂ ਨੇ ਪੰਜਾਬ ਵਿੱਚ ਨਸ਼ਿਆਂ ਦੇ ਫੈਲਾਅ ਨੂੰ ਲੈ ਕੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ।
ਆਗੂਆਂ ਨੇ ਸੂਬੇ ਦੇ ਮੈਡੀਕਲ ਸਟੋਰਾਂ ਦੀ ਮਾਲਕੀ ਅਤੇ ਜਾਇਦਾਦਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਲੋਕਾਂ ਨੂੰ ਪਿੰਡ-ਪਿੰਡ ਕਮੇਟੀਆਂ ਬਣਾਉਣ ਅਤੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੱਦਾ ਦਿੱਤਾ।
ਸੁਰੱਖਿਆ ਪ੍ਰਬੰਧਾਂ ਤਹਿਤ ਡੀਐੱਸਪੀ ਗੁਰਜੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਫੋਰਸ ਤਾਇਨਾਤ ਰਹੀ। ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਫਾਇਰ ਬ੍ਰਿਗੇਡ ਦੀ ਗੱਡੀ ਵੀ ਮੌਕੇ ’ਤੇ ਮੌਜੂਦ ਸੀ।
ਮਜੀਠਾ ਵਿੱਚ ਵੀ ਬੰਦ ਦਾ ਅਸਰ, ਵਾਰਿਸ ਪੰਜਾਬ ਦੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਮਾਰਚ
ਮਜੀਠਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਵੀ ਪੰਜਾਬ ਬੰਦ ਦੇ ਸੱਦੇ ਨੂੰ ਸਮਰਥਨ ਮਿਲਿਆ। ਸ਼ਹਿਰ ਅਤੇ ਨੇੜਲੇ ਇਲਾਕਿਆਂ ਵਿੱਚ ਦੁਕਾਨਾਂ ਤੇ ਸਿੱਖਿਆ ਅਦਾਰੇ ਬੰਦ ਰਹੇ। ਬੈਂਕਾਂ ਦੇ ਕੰਮਕਾਜ ’ਤੇ ਵੀ ਅਸਰ ਪਿਆ, ਜਦਕਿ ਸਰਕਾਰੀ ਬੱਸਾਂ ਆਮ ਵਾਂਗ ਚੱਲਦੀਆਂ ਰਹੀਆਂ ਅਤੇ ਨਿੱਜੀ ਬੱਸਾਂ ਬੰਦ ਰਹੀਆਂ।
ਅਕਾਲੀ ਦਲ ਵਾਰਿਸ ਪੰਜਾਬ ਦੇ ਵਰਕਰਾਂ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂਆਂ ਨੇ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਤੋਂ ਮਾਮਲੇ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮਾਮਲੇ ਵਿੱਚ ਕਥਿਤ ਤੌਰ ’ਤੇ ਜ਼ਿੰਮੇਵਾਰ ਹੋਰ ਪੁਲਿਸ ਅਧਿਕਾਰੀਆਂ ਅਤੇ ਸਿਆਸੀ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕਰਵਾਉਣ ਦੀ ਅਪੀਲ ਕੀਤੀ।
ਬੰਦ ਕਾਰਨ ਕਾਰੋਬਾਰ ਅਤੇ ਆਵਾਜਾਈ ਪ੍ਰਭਾਵਿਤ
ਪੰਜਾਬ ਬੰਦ ਦੌਰਾਨ ਕਈ ਇਲਾਕਿਆਂ ਵਿੱਚ ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰਹੇ। ਕਾਰੋਬਾਰੀਆਂ ਅਨੁਸਾਰ, ਨਰਾਤਿਆਂ ਦੇ ਦਿਨਾਂ ਵਿੱਚ ਬਾਜ਼ਾਰ ਬੰਦ ਰਹਿਣ ਕਾਰਨ ਵਪਾਰ ’ਤੇ ਅਸਰ ਪਿਆ। ਕੁਝ ਥਾਵਾਂ ’ਤੇ ਵਾਹਨਾਂ ਦੀ ਵਿਕਰੀ ਵਿੱਚ ਵੀ ਕਮੀ ਦਰਜ ਕੀਤੀ ਗਈ।
ਜਲੰਧਰ ਅਤੇ ਲੁਧਿਆਣਾ ਵਿੱਚ ਸੜਕੀ ਆਵਾਜਾਈ ਪ੍ਰਭਾਵਿਤ ਹੋਈ, ਜਦਕਿ ਹੋਰ ਕਈ ਥਾਵਾਂ ’ਤੇ ਰੋਸ ਮਾਰਚ ਅਤੇ ਧਰਨੇ ਦਿੱਤੇ ਗਏ। ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਸੁਰੱਖਿਆ ਪ੍ਰਬੰਧ ਕਰਦਿਆਂ ਆਵਾਜਾਈ ਬਹਾਲ ਕਰਨ ਦੀ ਕੋਸ਼ਿਸ਼ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਸਪੱਸ਼ਟ ਕੀਤਾ ਕਿ ਪਰਵਿੰਦਰ ਸਿੰਘ ਝੋਟਾ ਦੇ ਮਾਮਲੇ ਵਿੱਚ ਇਨਸਾਫ਼ ਮਿਲਣ ਅਤੇ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਕਾਰਵਾਈ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
