ਜਲੰਧਰ:
ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਲੈ ਕੇ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਵੱਲੋਂ ਹਲਕਾ ਸੈਂਟਰਲ ਦੇ ਸ਼ਹੀਦ ਊਧਮ ਸਿੰਘ ਨਗਰ ਵਿਖੇ ਵਿਸ਼ਾਲ ਮੀਟਿੰਗ ਕੀਤੀ ਗਈ। ਇਸ ਮੌਕੇ ਪ੍ਰਧਾਨ ਸੰਦੀਪ ਲੱਕੀ ਅਤੇ ਸ਼ਹੀਦ ਊਧਮ ਸਿੰਘ ਨਗਰ ਦੇ ਵਸਨੀਕਾਂ ਵੱਲੋਂ ਕਮੇਟੀ ਦੇ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਮੀਟਿੰਗ ਵਿੱਚ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਅਤੇ ਵਾਲਮੀਕਿ ਵੈਲਫੇਅਰ ਟਰੱਸਟ, ਸ਼ਕਤੀ ਨਗਰ ਜਲੰਧਰ ਦੇ ਚੇਅਰਮੈਨ ਵਿਪਨ ਸਭਰਵਾਲ ਆਪਣੇ ਸਾਥੀਆਂ ਸਮੇਤ ਸ਼ਾਮਲ ਹੋਏ। ਇਸ ਮੌਕੇ ਸ਼ਹੀਦ ਊਧਮ ਸਿੰਘ ਨਗਰ ਦੇ ਸਮੂਹ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਪਨ ਸਭਰਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਅਤੇ ਵਾਲਮੀਕਿ ਵੈਲਫੇਅਰ ਟਰੱਸਟ ਵੱਲੋਂ ਹਰ ਸਾਲ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਫਿਜ਼ੀਓਥੈਰੇਪੀ ਕੈਂਪ, ਖੂਨਦਾਨ ਕੈਂਪ ਅਤੇ ਮੈਡੀਕਲ ਸਿਹਤ ਜਾਂਚ ਕੈਂਪ ਲਗਾਏ ਜਾਂਦੇ ਹਨ। ਇਸ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਆਰਥਿਕ ਸਹਾਇਤਾ ਵੀ ਦਿੱਤੀ ਜਾਂਦੀ ਹੈ।
ਉਨ੍ਹਾਂ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਅਕਤੂਬਰ ਨੂੰ ਦੁਪਹਿਰ 12 ਵਜੇ ਸੰਤ ਸਮਾਜ ਦੀ ਅਗਵਾਈ ਹੇਠ ਵਿਸ਼ਾਲ ਬੱਸ ਯਾਤਰਾ ਪ੍ਰਾਚੀਨ ਅਲੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਪਾਵਨ ਵਾਲਮੀਕਿ ਤੀਰਥ, ਅੰਮ੍ਰਿਤਸਰ ਲਈ ਰਵਾਨਾ ਹੋਵੇਗੀ। ਇਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਪਰਿਵਾਰਾਂ ਵੱਲੋਂ ਨਿੱਜੀ ਗੱਡੀਆਂ ਰਾਹੀਂ ਵੀ ਅੰਮ੍ਰਿਤਸਰ ਜਾਣ ਦੀ ਵਿਵਸਥਾ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ 24 ਅਕਤੂਬਰ ਨੂੰ ਦੁਪਹਿਰ 1 ਵਜੇ ਜਲੰਧਰ ਸ਼ਹਿਰ ਵਿੱਚ ਭਗਵਾਨ ਵਾਲਮੀਕਿ ਜੀ ਦੀ ਵਿਸ਼ਾਲ ਸ਼ੋਭਾ ਯਾਤਰਾ ਪ੍ਰਾਚੀਨ ਅਲੀ ਮੁਹੱਲਾ ਸਥਿਤ ਭਗਵਾਨ ਵਾਲਮੀਕਿ ਮੰਦਰ ਤੋਂ ਕੱਢੀ ਜਾਵੇਗੀ। ਇਸੇ ਤਰ੍ਹਾਂ 26 ਅਕਤੂਬਰ ਦੀ ਰਾਤ 8 ਵਜੇ ਸ਼ਕਤੀ ਨਗਰ ਸਥਿਤ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਪ੍ਰਗਟ ਦਿਵਸ ਸਬੰਧੀ ਵਿਸ਼ਾਲ ਸਮਾਗਮ ਅਤੇ ਦੀਪਮਾਲਾ ਕੀਤੀ ਜਾਵੇਗੀ। ਇਨ੍ਹਾਂ ਸਮਾਗਮਾਂ ਵਿੱਚ ਸਹਿਯੋਗ ਦੇਣ ਵਾਲੀਆਂ ਸੰਸਥਾਵਾਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਸ਼ਹੀਦ ਊਧਮ ਸਿੰਘ ਨਗਰ ਦੇ ਪ੍ਰਧਾਨ ਸੰਦੀਪ ਲੱਕੀ ਨੇ ਕਿਹਾ ਕਿ ਉਤਸਵ ਕਮੇਟੀ ਵੱਲੋਂ ਭਗਵਾਨ ਵਾਲਮੀਕਿ ਆਸ਼ਰਮ ਵਿਖੇ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਸਮਾਗਮ ਕਰਵਾਏ ਜਾਂਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹੀਦ ਊਧਮ ਸਿੰਘ ਨਗਰ ਦੇ ਸਮੂਹ ਮੈਂਬਰ ਕਮੇਟੀ ਦੇ ਨਾਲ ਖੜ੍ਹੇ ਹਨ ਅਤੇ ਇਸ ਦੇ ਸਾਰੇ ਪ੍ਰੋਗਰਾਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣਗੇ।
ਇਸ ਮੌਕੇ ਸੁਭਾਸ਼ ਸੋਂਧੀ, ਜਤਿੰਦਰ ਨਿੱਕਾ, ਗੁਲਜ਼ਾਰ ਖੋਸਲਾ, ਚੇਤਨ ਨਾਹਰ, ਆਨੰਦ ਬੈਂਸ, ਰਮਨ ਗਿੱਲ, ਗੌਰਵ ਜੀਕੇ, ਅਭੀ ਸਭਰਵਾਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
