21 ਅਕਤੂਬਰ ਨੂੰ ਹੋਵੇਗੀ ਅਹਿਮ ਬੈਠਕ
ਜਲੰਧਰ :Major Times
ਪੰਜਾਬ ਵਿੱਚ ਬੇਸਹਾਰਾ ਗਊ-ਵੰਸ਼ ਦੀ ਸੰਭਾਲ, ਗਊਸ਼ਾਲਾਵਾਂ ਦੇ ਸੁਚੱਜੇ ਪ੍ਰਬੰਧ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਵਿਆਪਕ ਯੋਜਨਾ ਤਿਆਰ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਲੰਧਰ ਵਿੱਚ ਹੋਈ ਉੱਚ ਪੱਧਰੀ ਬੈਠਕ ਦੌਰਾਨ ਇਸ ਮੁੱਦੇ ਸਮੇਤ ਨਸ਼ਿਆਂ ਖ਼ਿਲਾਫ਼ ਮੁਹਿੰਮ ਅਤੇ ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 21 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਮੰਤਰੀ ਪੱਧਰੀ ਕਮੇਟੀ ਦੀ ਬੈਠਕ ਹੋਵੇਗੀ। ਇਸ ਦੌਰਾਨ ਗਊਸ਼ਾਲਾਵਾਂ ਦੇ ਪ੍ਰਬੰਧਨ, ਲੋੜੀਂਦੇ ਬਜਟ ਅਤੇ ਸੜਕਾਂ ’ਤੇ ਘੁੰਮ ਰਹੇ ਬੇਸਹਾਰਾ ਪਸ਼ੂਆਂ ਕਾਰਨ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਜਾਵੇਗੀ। ਇਸ ਯੋਜਨਾ ਨੂੰ ‘360 ਡਿਗਰੀ ਪ੍ਰਸਤਾਵ’ ਦੇ ਰੂਪ ਵਿੱਚ ਮੁੱਖ ਮੰਤਰੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ।
ਝੋਟਾ ਕਤਲ ਮਾਮਲੇ ਵਿੱਚ ਇਨਸਾਫ਼ ਦਾ ਭਰੋਸਾ
ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ’ਤੇ ਦੁੱਖ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਪਰਿਵਾਰ ਅਤੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਉਹ ਸਸਕਾਰ ਵਿੱਚ ਹੋਰ ਦੇਰੀ ਨਾ ਕਰਨ ਅਤੇ ਪ੍ਰਸ਼ਾਸਨ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ।
ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਜਾਂ ਕਿਸੇ ਇੱਕ ਵਿਅਕਤੀ ਦੀ ਜ਼ਿੰਮੇਵਾਰੀ ਨਹੀਂ, ਸਗੋਂ ਪੰਜਾਬ ਦੇ ਤਿੰਨ ਕਰੋੜ ਲੋਕਾਂ, ਪੁਲਿਸ, ਪ੍ਰਸ਼ਾਸਨ ਅਤੇ ਸਰਕਾਰ ਨੂੰ ਮਿਲ ਕੇ ਇਸ ਚੁਣੌਤੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਖ਼ੁਦ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਵਰਗੇ ਸੰਵੇਦਨਸ਼ੀਲ ਸਰਹੱਦੀ ਸੂਬੇ ਨਾਲ ਜੁੜੇ ਗੰਭੀਰ ਮਾਮਲਿਆਂ ’ਤੇ ਸਿਆਸੀ ਲਾਹਾ ਲੈਣ ਤੋਂ ਗੁਰੇਜ਼ ਕੀਤਾ ਜਾਵੇ।
ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ ਨੂੰ ਦੱਸਿਆ ਚੋਣ ਸਟੰਟ
ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਸੀਬੀਆਈ ਜਾਂਚ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਦਾਅਵਾ ਕੀਤਾ ਕਿ ਚੋਣਾਂ ਦੇ ਨੇੜੇ ਜਾਂਚ ਸ਼ੁਰੂ ਕਰਨਾ ਸਿਆਸੀ ਸਟੰਟ ਹੈ। ਉਨ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ ਨਾਲ ਸਬੰਧਤ ਮਾਮਲਿਆਂ ਵਿੱਚ ਰਿਸ਼ਤੇਦਾਰਾਂ ਦੇ ਘਰਾਂ ਵਿੱਚੋਂ ਕਰੋੜਾਂ ਰੁਪਏ ਮਿਲਣ ਦੇ ਦੋਸ਼ਾਂ ਦਾ ਸਾਹਮਣਾ ਕਰ ਚੁੱਕੇ ਲੋਕਾਂ ਵੱਲੋਂ ਇਸ ਮੁੱਦੇ ’ਤੇ ਬਿਆਨਬਾਜ਼ੀ ਕਰਨਾ ਬੇਮਤਲਬ ਹੈ।
ਇਸ ਉੱਚ ਪੱਧਰੀ ਬੈਠਕ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਬਲਤੇਜ ਪੰਨੂ ਅਤੇ ਹੋਰ ਆਗੂ ਵੀ ਮੌਜੂਦ ਸਨ।
