ਔਰਤਾਂ ਨੂੰ ਕਿਹਾ– ਘਰ ਦੇ ਮਰਦਾਂ ਨੂੰ ਵੀ ‘ਆਪ’ ਦੇ ਹੱਕ ’ਚ ਕਰੋ ਤਿਆਰ


ਮੋਗਾ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿਖੇ ਕਰਵਾਈ ਗਈ ‘ਖ਼ੁਸ਼ਹਾਲ ਪੰਜਾਬ’ ਮਹਾ ਰੈਲੀ ਦੌਰਾਨ ਪੰਜਾਬ ਵਿੱਚ ਚੋਣ ਮੁਹਿੰਮ ਦਾ ਆਗਾਜ਼ ਕਰ ਦਿੱਤਾ। ਰੈਲੀ ਵਿੱਚ ਕਰੀਬ ਦੋ ਲੱਖ ਲੋਕਾਂ ਦੇ ਇਕੱਠ ਦਾ ਦਾਅਵਾ ਕੀਤਾ ਗਿਆ। ਇਸ ਮੌਕੇ ਕੇਜਰੀਵਾਲ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣ ਲਈ ਖ਼ੁਦ ਵੋਟ ਪਾਉਣ ਦੇ ਨਾਲ-ਨਾਲ ਆਪਣੇ ਘਰ ਦੇ ਮਰਦਾਂ ਨੂੰ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਨ।
ਕੇਜਰੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਗਈਆਂ ਗਾਰੰਟੀਆਂ ਪੂਰੀਆਂ ਕੀਤੀਆਂ ਗਈਆਂ ਹਨ। ਮਾਵਾਂ-ਧੀਆਂ ਸਤਿਕਾਰ ਯੋਜਨਾ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਮੁਫ਼ਤ ਬਿਜਲੀ ਅਤੇ ਤੀਰਥ ਯਾਤਰਾ ਵਰਗੀਆਂ ਸਹੂਲਤਾਂ ਜਾਰੀ ਰੱਖਣ ਲਈ ਭਗਵੰਤ ਮਾਨ ਨੂੰ ਮੁੜ ਮੁੱਖ ਮੰਤਰੀ ਬਣਾਉਣਾ ਜ਼ਰੂਰੀ ਹੈ।
ਉਨ੍ਹਾਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ’ਤੇ ਨਿਸ਼ਾਨਾ ਸੇਧਦਿਆਂ ਲੋਕਾਂ ਨੂੰ ਇਨ੍ਹਾਂ ਪਾਰਟੀਆਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ। ਕੇਜਰੀਵਾਲ ਨੇ ਦੋਸ਼ ਲਾਇਆ ਕਿ ਵਿਰੋਧੀ ਪਾਰਟੀਆਂ ਸੱਤਾ ਵਿੱਚ ਆਉਣ ’ਤੇ ਮੌਜੂਦਾ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬੰਦ ਕਰ ਦੇਣਗੀਆਂ। ਉਨ੍ਹਾਂ ਦਿੱਲੀ ਦੀ ਮਿਸਾਲ ਦਿੰਦਿਆਂ ਕਿਹਾ ਕਿ ਉੱਥੇ ਭਾਜਪਾ ਸਰਕਾਰ ਨੇ ਆਮ ਆਦਮੀ ਪਾਰਟੀ ਦੀਆਂ ਕਈ ਯੋਜਨਾਵਾਂ ਬੰਦ ਕਰ ਦਿੱਤੀਆਂ ਹਨ।
ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ
ਰੈਲੀ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੋਗਾ ਦੀ ਕੁਲਜੀਤ ਕੌਰ ਨੂੰ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟ ਸੌਂਪ ਕੇ ਸੂਬੇ ਵਿੱਚ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ। ਇਸ ਯੋਜਨਾ ਤਹਿਤ ਸੂਬੇ ਦੇ 10 ਲੱਖ ਲੋਕਾਂ ਨੂੰ ਸਮਾਰਟ ਰਾਸ਼ਨ ਕਾਰਡ ਮੁਹੱਈਆ ਕਰਵਾਉਣ ਦੀ ਗੱਲ ਕਹੀ ਗਈ।
ਕੇਜਰੀਵਾਲ ਨੇ ਕਿਹਾ ਕਿ 26 ਨਵੰਬਰ ਨੂੰ ਸੰਵਿਧਾਨ ਦਿਵਸ ਅਤੇ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਵਜੋਂ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਨੇ ਦੇਸ਼ ਨੂੰ ਬਰਾਬਰੀ ਦਾ ਸੰਵਿਧਾਨ ਦਿੱਤਾ ਸੀ ਅਤੇ ਆਮ ਆਦਮੀ ਪਾਰਟੀ ਆਮ ਲੋਕਾਂ ਨੂੰ ਸੱਤਾ ਵਿੱਚ ਭਾਗੀਦਾਰ ਬਣਾਉਣ ਦੇ ਉਦੇਸ਼ ਨਾਲ ਬਣਾਈ ਗਈ ਸੀ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦਾ ਖ਼ਜ਼ਾਨਾ ਸੰਭਾਲਣ ਅਤੇ ਭਰਨ ਵਿੱਚ ਸਰਕਾਰ ਨੂੰ ਚਾਰ ਸਾਲ ਲੱਗੇ, ਜਿਸ ਕਾਰਨ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਨ ਵਿੱਚ ਦੇਰੀ ਹੋਈ। ਉਨ੍ਹਾਂ ਕੇਂਦਰ ਸਰਕਾਰ ’ਤੇ ਪੰਜਾਬ ਦੇ ਫੰਡ ਰੋਕਣ ਅਤੇ ਯੋਜਨਾ ਵਿੱਚ ਰੁਕਾਵਟਾਂ ਪਾਉਣ ਦੇ ਦੋਸ਼ ਵੀ ਲਗਾਏ।
ਪੰਜਾਬ ਖੋਖਲੇ ਵਾਅਦਿਆਂ ਦੀ ਬਜਾਏ ਵਿਕਾਸ ਚੁਣ ਰਿਹੈ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਦੋਂ ਸਰਕਾਰ ਦੀ ਨੀਅਤ ਸਾਫ਼ ਹੋਵੇ ਅਤੇ ਵਾਅਦੇ ਜ਼ਮੀਨੀ ਪੱਧਰ ’ਤੇ ਪੂਰੇ ਕੀਤੇ ਜਾਣ ਤਾਂ ਲੋਕਾਂ ਨੂੰ ਇਕੱਠਾ ਕਰਨ ਲਈ ਖੋਖਲੇ ਨਾਅਰਿਆਂ ਦੀ ਲੋੜ ਨਹੀਂ ਰਹਿੰਦੀ।
ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਨੇ ਜ਼ੀਰੋ ਬਿਜਲੀ ਬਿੱਲਾਂ, ਬਿਨਾਂ ਰਿਸ਼ਵਤ 77 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ, ਖੇਤਾਂ ਦੇ ਆਖ਼ਰੀ ਸਿਰਿਆਂ ਤੱਕ ਨਹਿਰੀ ਪਾਣੀ ਅਤੇ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਵਰਗੇ ਕੰਮ ਕੀਤੇ ਹਨ। ਔਰਤਾਂ ਲਈ ਵਿੱਤੀ ਸਹਾਇਤਾ ਵੀ ਸਰਕਾਰ ਦੀਆਂ ਪ੍ਰਾਪਤੀਆਂ ਵਿੱਚ ਸ਼ਾਮਲ ਹੈ।
ਮਾਨ ਨੇ ਕਿਹਾ ਕਿ ਮੋਗਾ ਵਿੱਚ 8 ਦਸੰਬਰ ਨੂੰ ਪ੍ਰਸਤਾਵਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੌਰਾਨ ਕੁਝ ਅਜਿਹੇ ਆਗੂ ਵੀ ਮੰਚ ਸਾਂਝਾ ਕਰਨਗੇ, ਜਿਨ੍ਹਾਂ ’ਤੇ ਨਸ਼ਾ ਤਸਕਰਾਂ ਨੂੰ ਪਨਾਹ ਦੇਣ ਦੇ ਦੋਸ਼ ਹਨ। ਉਨ੍ਹਾਂ ਪ੍ਰਧਾਨ ਮੰਤਰੀ, ਅਮਿਤ ਸ਼ਾਹ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਪੰਜਾਬ ਲਈ ਕੀਤੇ ਕੰਮਾਂ ਦਾ ਹਿਸਾਬ ਦੇਣ ਦੀ ਚੁਣੌਤੀ ਦਿੱਤੀ।
ਅਕਾਲੀ ਦਲ ਨੇ ਕਿਸਾਨਾਂ ਦਾ ਭਰੋਸਾ ਵੇਚਿਆ : ਮਾਨ
ਮੁੱਖ ਮੰਤਰੀ ਨੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਲੰਬੇ ਸਮੇਂ ਤੱਕ ਪੰਜਾਬ ’ਤੇ ਰਾਜ ਕੀਤਾ, ਪਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਮੰਤਰੀ ਦੇ ਅਹੁਦੇ ਦੀ ਖ਼ਾਤਰ ਭਾਜਪਾ ਨਾਲ ਮੁੜ ਹੱਥ ਮਿਲਾ ਕੇ ਕਿਸਾਨਾਂ ਦੇ ਭਰੋਸੇ ਨੂੰ ਠੇਸ ਪਹੁੰਚਾਈ ਹੈ।
ਮਾਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਚੋਣਾਂ ਦੌਰਾਨ ਵਿਰੋਧੀ ਪਾਰਟੀਆਂ ਵੱਲੋਂ ਦਿੱਤੇ ਜਾਣ ਵਾਲੇ ਪੈਸੇ ਲੈ ਲੈਣ, ਪਰ ਆਪਣੀ ਵੋਟ ਸੋਚ-ਸਮਝ ਕੇ ਪਾਉਣ। ਉਨ੍ਹਾਂ ਕਿਹਾ ਕਿ ਪੋਲਿੰਗ ਬੂਥ ’ਤੇ ਜਾ ਕੇ ਝਾੜੂ ਵਾਲਾ ਬਟਨ ਦਬਾਉਣਾ ਅਤੇ ਪੰਜਾਬ ਦੇ ਭਵਿੱਖ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲਾ ਕਰਨਾ।
