ਨਵੀਂ ਦਿੱਲੀ : 
ਰਾਸ਼ਟਰੀ ਜਾਂਚ ਏਜੰਸੀ (NIA) ਨੇ ਦਿੱਲੀ ਧਮਾਕੇ ਦੇ ਮਾਮਲੇ ਵਿੱਚ ਇੱਕ ਹੋਰ ਮੁੱਖ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਨੇ ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਬਾਰਾਮੂਲਾ ਦੇ ਰਹਿਣ ਵਾਲੇ ਡਾਕਟਰ ਬਿਲਾਲ ਨਸੀਰ ਮੱਲਾ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ। ਉਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਅੱਠਵਾਂ ਮੁਲਜ਼ਮ ਹੈ। ਐੱਨਆਈਏ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਡਾਕਟਰ ਬਿਲਾਲ ਨਸੀਰ ਮੱਲਾ ਪਿਛਲੇ ਮਹੀਨੇ ਲਾਲ ਕਿਲ੍ਹੇ ‘ਤੇ ਹੋਏ ਬੰਬ ਧਮਾਕੇ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ, ਜਿਸ ਵਿੱਚ 11 ਲੋਕ ਮਾਰੇ ਗਏ ਸਨ ਅਤੇ ਕਈ ਹੋਰ ਜ਼ਖ਼ਮੀ ਹੋ ਗਏ ਸਨ। ਏਜੰਸੀ ਦੇ ਅਨੁਸਾਰ, ਉਸਨੇ ਆਤਮਘਾਤੀ ਹਮਲਾਵਰ ਉਮਰ ਉਨ ਨਬੀ ਨੂੰ ਪਨਾਹ ਦੇ ਕੇ ਅਤੇ ਹਮਲੇ ਨਾਲ ਸਬੰਧਤ ਮਹੱਤਵਪੂਰਨ ਸਬੂਤਾਂ ਨੂੰ ਨਸ਼ਟ ਕਰਕੇ ਉਸਦੀ ਸਹਾਇਤਾ ਕੀਤੀ। ਏਜੰਸੀ ਇਸ ਭਿਆਨਕ ਅੱਤਵਾਦੀ ਹਮਲੇ ਦੇ ਪਿੱਛੇ ਦੀ ਸਾਜ਼ਿਸ਼ ਨੂੰ ਬੇਪਰਦ ਕਰਨ ਲਈ ਆਪਣੀ ਜਾਂਚ ਜਾਰੀ ਰੱਖ ਰਹੀ ਹੈ। ਐਨਆਈਏ ਸਾਜ਼ਿਸ਼ ਦੇ ਹਰ ਪਹਿਲੂ ਦਾ ਪਰਦਾਫਾਸ਼ ਕਰਨ ਲਈ ਕੇਂਦਰੀ ਅਤੇ ਰਾਜ ਏਜੰਸੀਆਂ ਨਾਲ ਤਾਲਮੇਲ ਕਰਕੇ ਕੰਮ ਕਰ ਰਹੀ ਹੈ। ਐਨਆਈਏ ਨੇ ਡਾ. ਬਿਲਾਲ ਨਸੀਰ ਮੱਲਾ ਨੂੰ ਪਟਿਆਲਾ ਹਾਊਸ ਕੋਰਟ ਵਿੱਚ ਪੇਸ਼ ਕੀਤਾ।

