ਸਿਹਤ ਵਿਭਾਗ ਜਲੰਧਰ ਨੇ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ ਸਿਵਲ ਹਸਪਤਾਲ ਵਿਖੇ ਮਨਾਈ “ਧੀਆਂ ਦੀ ਲੋਹੜੀ”
ਜਲੰਧਰ
ਸਿਹਤ ਵਿਭਾਗ ਜਲੰਧਰ ਵੱਲੋਂ ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਅਗਵਾਈ ਹੇਠ ਮੰਗਲਵਾਰ ਨੂੰ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਨਰਸਿੰਗ ਸਕੂਲ, ਸਿਵਲ ਹਸਪਤਾਲ ਜਲੰਧਰ ਵਿਖੇ “ਧੀਆਂ ਦੀ ਲੋਹੜੀ” ਮਨਾਈ ਗਈ। ਇਸ ਸ਼ੁਭ ਮੌਕੇ ਮੈਡੀਕਲ ਸੁਪਰਡੈਂਟ ਈ.ਐਸ.ਆਈ. ਹਸਪਤਾਲ ਜਲੰਧਰ ਡਾ. ਜਯੋਤੀ ਸ਼ਰਮਾ, ਪ੍ਰਿੰਸੀਪਲ ਨਰਸਿੰਗ ਸਕੂਲ ਸੁਨੀਤਾ ਕੁਮਾਰੀ, ਸਮੂਹ ਜਿਲ੍ਹਾ ਪ੍ਰੋਗਰਾਮ ਅਫ਼ਸਰਾਂ ਅਤੇ ਸਿਹਤ ਵਿਭਾਗ ਦੇ ਸਟਾਫ ਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਨਵਜੰਮੀਆਂ ਬੱਚੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਤੋਹਫੇ ਦਿੱਤੇ ਗਏ। ਇਸ ਦੌਰਾਨ ਨਰਸਿੰਗ ਵਿਦਿਆਰਥਣਾਂ ਵੱਲੋਂ ਲੋਹੜੀ ਦੀਆਂ ਬੋਲੀਆਂ ‘ਤੇ ਗਿੱਦਾ ਪਾਉਂਦੇ ਹੋਏ ਰੋਣਕਾਂ ਲਗਾ ਦਿੱਤੀਆਂ ਗਈਆਂ।
ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਬੇਟੀ ਨੂੰ ਵੀ ਬੇਟੇ ਦੇ ਬਰਾਬਰ ਦਰਜਾ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਪੀ.ਸੀ.-ਪੀ.ਐਨ.ਡੀ.ਟੀ. ਐਕਟ ਤਹਿਤ ਧੀਆਂ ਦੀ ਲੋਹੜੀ ਮਨਾਈ ਜਾਂਦੀ ਹੈ। ਇਸ ਲੋਹੜੀ ਦਾ ਮਕਸਦ ਕੁੜੀਆਂ ਨੂੰ ਮੁੰਡਿਆਂ ਦੇ ਬਰਾਬਰ ਦਾ ਦਰਜਾ ਦਿੱਤੇ ਜਾਣ ਦਾ ਸੰਦੇਸ਼ ਦੇਣਾ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚ ਲੜਕੇ-ਲੜਕੀ ਦਾ ਭੇਦਭਾਵ ਖਤਮ ਕਰਕੇ ਦੋਵਾਂ ਨੂੰ ਅੱਗੇ ਵੱਧਣ ਦੇ ਬਰਾਬਰ ਮੌਕੇ ਦਿੱਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਇਸ ਸਬੰਧੀ ਸਮੇਂ-ਸਮੇਂ ‘ਤੇ ਜਾਗਰੂਕਤਾ ਗਤੀਵਧਿੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਨੇ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਸਮਾਜ ਵਿੱਚ ਬੇਟੀਆਂ ਨਾਲ ਹੁੰਦੇ ਵਿਤਕਰੇ ਨੂੰ ਰੋਕੀਏੇ ਅਤੇ ਉਨ੍ਹਾਂ ਨੂੰ ਅੱਗੇ ਵਧਣ ਵਿੱਚ ਮਦਦ ਕਰੀਏ। ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਕਮ ਨੋਡਲ ਅਫ਼ਸਰ ਪੀ.ਸੀ.-ਪੀ.ਐਨ.ਡੀ.ਟੀ. ਐਕਟ ਡਾ. ਰਮਨ ਗੁਪਤਾ ਨੇ ਸਭ ਨੂੰ ਲੋਹੜੀ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸਿਹਤ ਵਿਭਾਗ ਲੜਕੀ ਨੂੰ ਕੁੱਖ ‘ਚ ਹੀ ਕਤਲ ਕਰਨ ਦੇ ਘਿਨੋਣੇ ਕੰਮ ਦੀ ਨਿੰਦਾ ਕਰਦਾ ਹੈ ਅਤੇ ਪੀ.ਸੀ.-ਪੀ.ਐਨ.ਡੀ.ਟੀ ਐਕਟ ਦੀ ਪਾਲਣਾ ਕਰਨਾ ਯਕੀਨੀ ਬਣਾਉਂਦਾ ਹੈ। ਉਨ੍ਹਾਂ ਕਿਹਾ ਕਿ ਮਾਪਿਆਂ ਨੂੰ ਲੜਕੀਆਂ ਪ੍ਰਤੀ ਸਕਾਰਾਤਮਕ ਸੋਚ ਰੱਖਣ ਦੀ ਲੋੜ ਹੈ ਅਤੇ ਅੱਜ ਲੜਕੀਆਂ ਕਿਸੇ ਵੀ ਖੇਤਰ ਵਿੱਚ ਮੁੰਡਿਆਂ ਨਾਲੋਂ ਘੱਟ ਨਹੀਂ ਹਨ। ਸਮਾਜਿਕ, ਰਾਜਨੀਤਿਕ, ਖੇਡਾਂ, ਕਲਾ, ਵਿਗਿਆਨ ਸਮੇਤ ਹਰ ਖੇਤਰ ਵਿੱਚ ਕੁੜੀਆਂ ਨੇ ਆਪਣੀ ਕਾਬਲੀਅਤ ਨਾਲ ਵੱਖਰੀ ਪਹਿਚਾਣ ਬਣਾਈ ਹੈ। ਹੁਣ ਲੋੜ ਹੈ ਤਾਂ ਸਾਡੇ ਸਾਰਿਆਂ ਨੂੰ ਲੜਕੀਆਂ ਪ੍ਰਤੀ ਆਪਣੀ ਸੋਚ ਬਦਲਣ ਦੀ ਤਾਂ ਜੋ ਉਨ੍ਹਾਂ ਨੂੰ ਵੀ ਬਰਾਬਰ ਦੇ ਮੌਕੇ ਮਿਲਣ ਅਤੇ ਉਹ ਪੜ੍ਹ-ਲਿਖ ਕੇ ਆਪਣਾ, ਮਾਪਿਆਂ ਦਾ ਅਤੇ ਸਮਾਜ ਦਾ ਨਾਂ ਰੋਸ਼ਨ ਕਰ ਸਕਣ।
ਮੈਡੀਕਲ ਸੁਪਰਡੈਂਟ ਈ.ਐਸ.ਆਈ. ਹਸਪਤਾਲ ਡਾ. ਜਯੋਤੀ ਸ਼ਰਮਾ ਅਤੇ ਪ੍ਰਿੰਸੀਪਲ ਨਰਸਿੰਗ ਸਕੂਲ ਸੁਨੀਤਾ ਕੁਮਾਰੀ ਵੱਲੋਂ ਵੀ ਸਭ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਜੋਤੀ ਫੋਕੇਲਾ, ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ, ਸਹਾਇਕ ਸਿਹਤ ਅਫ਼ਸਰ ਡਾ. ਮੀਰਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਐਸ.ਐਮ.ਓ. ਡਾ. ਵਰਿੰਦਰ ਕੌਰ ਥਿੰਦ, ਐਸ.ਐਮ.ਓ. ਡਾ. ਗੁਰਪ੍ਰੀਤ ਕੌਰ, ਜਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਗੁਰਦੀਪ ਸਿੰਘ, ਡਿਪਟੀ ਮਾਸ ਮੀਡੀਆ ਅਫ਼ਸਰ ਅਸੀਮ ਸ਼ਰਮਾ, ਸੀਨੀਅਰ ਸਹਾਇਕ ਵਿਨੋਦ ਕੁਮਾਰ, ਜਿਲ੍ਹਾ ਪੀ.ਸੀ.-ਪੀ.ਐਨ.ਡੀ.ਟੀ. ਕੋਆਰਡੀਨੇਟਰ ਦੀਪਕ ਬਪੋਰੀਆ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਨੀਰਜ ਸ਼ਰਮਾ ਅਤੇ ਸਿਹਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

