ਮ੍ਰਿਤਕਾਂ ‘ਚ 4 ਬੱਚੇ ਅਤੇ 4 ਔਰਤਾਂ ਸ਼ਾਮਲ, ਇਕ ਵਿਅਕਤੀ ਜ਼ਖ਼ਮੀ
ਝਾਰਖੰਡ Major Times
: ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਵਾਪਰੇ ਭਿਆਨਕ ਸੜਕ ਹਾਦਸੇ ਨੇ ਕਈ ਪਰਿਵਾਰਾਂ ਦੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਦਿੱਤੀਆਂ। ਇਸ ਦਰਦਨਾਕ ਹਾਦਸੇ ਵਿੱਚ 13 ਲੋਕਾਂ ਦੀ ਜਾਨ ਚਲੀ ਗਈ, ਜਿਨ੍ਹਾਂ ਵਿੱਚ ਚਾਰ ਬੱਚੇ ਅਤੇ ਚਾਰ ਔਰਤਾਂ ਵੀ ਸ਼ਾਮਲ ਹਨ। ਹਾਦਸੇ ਦੌਰਾਨ ਇਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ।
ਜਾਣਕਾਰੀ ਅਨੁਸਾਰ ਇਹ ਹਾਦਸਾ ਸ਼ਨੀਵਾਰ ਤੜਕੇ ਕਰੀਬ 2 ਵਜੇ ਰਾਂਚੀ-ਪਟਨਾ ਨੈਸ਼ਨਲ ਹਾਈਵੇਅ-33 ‘ਤੇ ਵਾਪਰਿਆ। ਬਿਹਾਰ ਦੇ ਨਾਲੰਦਾ ਜ਼ਿਲ੍ਹੇ ਦੇ ਜੰਘਾਰੋ ਪਿੰਡ ਦੇ ਰਹਿਣ ਵਾਲੇ 14 ਲੋਕ ਸਕਾਰਪੀਓ ਗੱਡੀ ਵਿੱਚ ਸਵਾਰ ਹੋ ਕੇ ਰਾਜਰੱਪਾ ਮੰਦਰ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ।
ਹਾਦਸਾ ਇੰਨਾ ਭਿਆਨਕ ਸੀ ਕਿ ਮੌਕੇ ‘ਤੇ ਚੀਕ-ਚਿਹਾੜਾ ਮੱਚ ਗਿਆ। ਆਵਾਜ਼ ਸੁਣ ਕੇ ਸਥਾਨਕ ਲੋਕ ਤੁਰੰਤ ਮਦਦ ਲਈ ਪਹੁੰਚੇ ਅਤੇ ਗੱਡੀ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰਾਹਤ ਕਾਰਜ ਸ਼ੁਰੂ ਕੀਤੇ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।
ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀ ਨੂੰ ਤੁਰੰਤ ਸਦਰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ।
ਮੌਕੇ ‘ਤੇ ਪਹੁੰਚੇ ਮ੍ਰਿਤਕਾਂ ਦੇ ਇਕ ਰਿਸ਼ਤੇਦਾਰ ਨੇ ਦੱਸਿਆ ਕਿ ਪੂਰਾ ਪਰਿਵਾਰ ਬਿਹਾਰ ਸ਼ਰੀਫ ਤੋਂ ਰਾਜਰੱਪਾ ਮੰਦਰ ਵਿੱਚ ਦਰਸ਼ਨ ਕਰਨ ਲਈ ਜਾ ਰਿਹਾ ਸੀ। ਇਸ ਦੌਰਾਨ ਹਾਈਵੇਅ ‘ਤੇ ਉਨ੍ਹਾਂ ਦੀ ਸਕਾਰਪੀਓ ਨੂੰ ਕਿਸੇ ਹੋਰ ਵਾਹਨ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ।
ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
