ਰਾਹੁਲ ਗਾਂਧੀ ਅੱਜ ਫਿਰ ਕਰਨਗੇ ਸੀਨੀਅਰ ਆਗੂਆਂ ਨਾਲ ਮੀਟਿੰਗ
ਚੰਡੀਗੜ੍ਹ: Major Times
ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਤੋਂ ਬਾਅਦ ਹੁਣ ਕਾਂਗਰਸ ਨੇ ਵੀ ਆਪਣੀ ਚੋਣ ਰਣਨੀਤੀ ਨੂੰ ਅੰਤਿਮ ਰੂਪ ਦੇਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਇਸੇ ਤਹਿਤ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸੋਮਵਾਰ ਨੂੰ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਅਹਿਮ ਬੈਠਕ ਕਰਨਗੇ। ਇਸ ਮੀਟਿੰਗ ਵਿੱਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੀ ਮੌਜੂਦ ਰਹਿਣਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਦਿੱਲੀ ਦੇ ਇੰਦਰਾ ਭਵਨ ਵਿਖੇ ਪੰਜਾਬ ਕਾਂਗਰਸ ਦੇ ਪ੍ਰਮੁੱਖ ਆਗੂਆਂ ਨਾਲ ਪਾਰਟੀ ਹਾਈਕਮਾਨ ਨੇ ਵਿਚਾਰ-ਵਟਾਂਦਰਾ ਕੀਤਾ ਸੀ। ਇਸ ਬੈਠਕ ਵਿੱਚ ਸੂਬਾ ਕਾਂਗਰਸ ਪ੍ਰਧਾਨ ਪਰਗਟ ਸਿੰਘ, ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਵਿਜੇ ਇੰਦਰ ਸਿੰਗਲਾ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਸਮੇਤ ਕਈ ਆਗੂ ਸ਼ਾਮਲ ਹੋਏ ਸਨ।
ਮੀਟਿੰਗ ਦੌਰਾਨ ਸੂਬੇ ਦੀਆਂ ਲਗਭਗ 50 ਵਿਧਾਨ ਸਭਾ ਸੀਟਾਂ ‘ਤੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ ਗਈ। ਹਾਲਾਂਕਿ, ਅਜੇ ਤੱਕ ਕਿਸੇ ਵੀ ਹਲਕੇ ਲਈ ਉਮੀਦਵਾਰ ਦੀ ਚੋਣ ਨੂੰ ਅੰਤਿਮ ਮਨਜ਼ੂਰੀ ਨਹੀਂ ਦਿੱਤੀ ਗਈ। ਸੋਮਵਾਰ ਦੀ ਬੈਠਕ ਵਿੱਚ ਇਸ ਮੁੱਦੇ ‘ਤੇ ਹੋਰ ਵਿਚਾਰ ਹੋਣ ਦੀ ਸੰਭਾਵਨਾ ਹੈ।
ਸਮੇਂ ਤੋਂ ਪਹਿਲਾਂ ਉਮੀਦਵਾਰਾਂ ਦੇ ਐਲਾਨ ਦੀ ਤਿਆਰੀ
ਕਾਂਗਰਸ ਹਾਈਕਮਾਨ ਇਸ ਵਾਰ ਉਮੀਦਵਾਰਾਂ ਦੀ ਸੂਚੀ ਪਹਿਲਾਂ ਜਾਰੀ ਕਰਨ ਦੇ ਪੱਖ ਵਿੱਚ ਹੈ। ਪਾਰਟੀ ਦੀ ਕੋਸ਼ਿਸ਼ ਹੈ ਕਿ ਉਮੀਦਵਾਰਾਂ ਨੂੰ ਚੋਣ ਪ੍ਰਚਾਰ ਲਈ ਵੱਧ ਤੋਂ ਵੱਧ ਸਮਾਂ ਮਿਲੇ ਅਤੇ ਟਿਕਟਾਂ ਦੇ ਐਲਾਨ ਸਮੇਂ ਕਿਸੇ ਤਰ੍ਹਾਂ ਦੀ ਧੜੇਬੰਦੀ ਜਾਂ ਅੰਦਰੂਨੀ ਨਾਰਾਜ਼ਗੀ ਸਾਹਮਣੇ ਨਾ ਆਵੇ। ਟਿਕਟਾਂ ਦੀ ਵੰਡ ਲਈ ਉਮੀਦਵਾਰਾਂ ਦਾ ਸਾਫ਼ ਅਕਸ, ਲੋਕਾਂ ਵਿੱਚ ਉਨ੍ਹਾਂ ਦੀ ਪਕੜ ਅਤੇ ਚੋਣ ਜਿੱਤਣ ਦੀ ਸਮਰੱਥਾ ਨੂੰ ਅਹਿਮ ਮਾਪਦੰਡ ਬਣਾਇਆ ਜਾ ਰਿਹਾ ਹੈ।
ਸੰਗਰੂਰ ਰੈਲੀ ਨੂੰ ਸਫਲ ਬਣਾਉਣ ਲਈ ਵੀ ਬਣੇਗੀ ਰਣਨੀਤੀ
ਇਸ ਬੈਠਕ ਦਾ ਇੱਕ ਹੋਰ ਵੱਡਾ ਮੁੱਦਾ 4 ਨਵੰਬਰ ਨੂੰ ਸੰਗਰੂਰ ਵਿੱਚ ਹੋਣ ਵਾਲੀ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’ ਹੋਵੇਗਾ। ਕਾਂਗਰਸ ਵੱਲੋਂ ਇਸ ਰੈਲੀ ਵਿੱਚ ਇੱਕ ਲੱਖ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਟੀਚਾ ਰੱਖਿਆ ਗਿਆ ਹੈ।
ਰੈਲੀ ਦੌਰਾਨ ਕਿਸਾਨਾਂ ਦੀਆਂ ਮੁਸ਼ਕਲਾਂ, ਪੰਜਾਬ ਦੇ ਹੱਕਾਂ, ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਕਾਨੂੰਨ-ਵਿਵਸਥਾ ਅਤੇ ਇਨਸਾਫ਼ ਨਾਲ ਜੁੜੇ ਮੁੱਦੇ ਪ੍ਰਮੁੱਖਤਾ ਨਾਲ ਉਠਾਏ ਜਾਣਗੇ। ਕਾਂਗਰਸ ਇਸ ਰੈਲੀ ਰਾਹੀਂ ਪੰਜਾਬ ਵਿੱਚ ਆਪਣੀ ਸਿਆਸੀ ਸਰਗਰਮੀ ਨੂੰ ਨਵੀਂ ਰਫ਼ਤਾਰ ਦੇਣ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮਾਹੌਲ ਤਿਆਰ ਕਰਨ ਦੀ ਕੋਸ਼ਿਸ਼ ਵਿੱਚ ਹੈ।
