ਵਿਰੋਧੀ ਧਿਰ ਸਰਕਾਰ ਨੂੰ ਘੇਰਨ ਦੀ ਤਿਆਰੀ ’ਚ
ਚੰਡੀਗੜ੍ਹ :MAJOR TIMES
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 13ਵੇਂ ਵਿਧਾਨ ਸਭਾ ਇਜਲਾਸ ਦੀ ਸ਼ੁਰੂਆਤ ਵੀਰਵਾਰ ਤੋਂ ਹੋਣ ਜਾ ਰਹੀ ਹੈ। ਸੂਬੇ ਦੇ ਮੌਜੂਦਾ ਸਿਆਸੀ ਹਾਲਾਤ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਵਾਰ ਦਾ ਸੈਸ਼ਨ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ। ਵਿਰੋਧੀ ਧਿਰ ਨੇ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਨ ਦੀ ਰਣਨੀਤੀ ਤਿਆਰ ਕੀਤੀ ਹੈ, ਜਦਕਿ ਸੱਤਾਧਾਰੀ ਆਮ ਆਦਮੀ ਪਾਰਟੀ ਵੀ ਵਿਰੋਧੀਆਂ ਦੇ ਸਵਾਲਾਂ ਦਾ ਜਵਾਬ ਦੇਣ ਲਈ ਤਿਆਰ ਹੈ।
ਸਿਆਸੀ ਹਲਕਿਆਂ ਮੁਤਾਬਕ ਵਿਰੋਧੀ ਧਿਰ ਪਿਛਲੇ ਕੁਝ ਦਿਨਾਂ ਤੋਂ ਸਰਕਾਰ ਖ਼ਿਲਾਫ਼ ਉੱਠ ਰਹੇ ਮੁੱਦਿਆਂ ਨੂੰ ਸਦਨ ਵਿੱਚ ਜ਼ੋਰ-ਸ਼ੋਰ ਨਾਲ ਚੁੱਕਣ ਦੀ ਤਿਆਰੀ ਕਰ ਰਹੀ ਹੈ। ਦੂਜੇ ਪਾਸੇ, ਸੱਤਾਧਾਰੀ ਧਿਰ ਨੇ ਆਪਣੇ ਵਿਧਾਇਕਾਂ ਨੂੰ ਤੱਥਾਂ ਅਤੇ ਅੰਕੜਿਆਂ ਨਾਲ ਲੈਸ ਰਹਿਣ ਲਈ ਕਿਹਾ ਹੈ, ਤਾਂ ਜੋ ਵਿਰੋਧੀ ਧਿਰ ਦੇ ਦੋਸ਼ਾਂ ਦਾ ਢੁੱਕਵਾਂ ਜਵਾਬ ਦਿੱਤਾ ਜਾ ਸਕੇ।
ਨਸ਼ਿਆਂ ਅਤੇ ਗੈਂਗਸਟਰਾਂ ਦੇ ਮੁੱਦੇ ’ਤੇ ਸਰਕਾਰ ਦੀ ਘੇਰਾਬੰਦੀ ਦੀ ਤਿਆਰੀ
ਵਿਰੋਧੀ ਧਿਰ ਵੱਲੋਂ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਦੇ ਮਾਮਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਏ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਮੁੱਦਿਆਂ ’ਤੇ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਵਿਰੋਧੀ ਪਾਰਟੀਆਂ ਸਦਨ ਵਿੱਚ ਹਮਲਾਵਰ ਰੁਖ਼ ਅਪਣਾ ਸਕਦੀਆਂ ਹਨ।
ਉੱਧਰ, ਸੱਤਾਧਾਰੀ ਧਿਰ ਨੇ ਆਪਣੇ ਵਿਧਾਇਕਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ, ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨਾਲ ਸਬੰਧਤ ਅੰਕੜੇ ਮੁਹੱਈਆ ਕਰਵਾਏ ਹਨ। ਇਸ ਦੇ ਨਾਲ ਹੀ ਕੁਝ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੀਬੀਆਈ ਤੇ ਈਡੀ ਵੱਲੋਂ ਦਰਜ ਕੀਤੇ ਗਏ ਕਥਿਤ ਮਾਮਲਿਆਂ ਸਬੰਧੀ ਵੇਰਵੇ ਵੀ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ।
ਗ਼ੈਰ-ਕਾਨੂੰਨੀ ਮਾਈਨਿੰਗ ਤੋਂ ਲੈ ਕੇ ਭ੍ਰਿਸ਼ਟਾਚਾਰ ਤੱਕ ਉੱਠਣਗੇ ਸਵਾਲ
ਵਿਰੋਧੀ ਧਿਰ ਨੇ ਹੁਸ਼ਿਆਰਪੁਰ ਵਿੱਚ ਕਥਿਤ ਗ਼ੈਰ-ਕਾਨੂੰਨੀ ਮਾਈਨਿੰਗ ਦੀ ਸੀਬੀਆਈ ਜਾਂਚ, ਮੁੱਖ ਮੰਤਰੀ ਦੇ ਓਐੱਸਡੀ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸੀਬੀਆਈ ਵੱਲੋਂ ਕੇਸ ਦਰਜ ਕੀਤੇ ਜਾਣ ਅਤੇ ਪਰਵਿੰਦਰ ਝੋਟਾ ਦੇ ਕਤਲ ਦੇ ਮਾਮਲੇ ਨੂੰ ਵੀ ਸੈਸ਼ਨ ਦੌਰਾਨ ਉਠਾਉਣ ਦੀ ਯੋਜਨਾ ਬਣਾਈ ਹੈ।
ਇਨ੍ਹਾਂ ਮੁੱਦਿਆਂ ਰਾਹੀਂ ਵਿਰੋਧੀ ਪਾਰਟੀਆਂ ਸਰਕਾਰ ’ਤੇ ਸਿਆਸੀ ਦਬਾਅ ਵਧਾਉਣ ਅਤੇ ਮੁੱਖ ਮੰਤਰੀ ਤੋਂ ਜਵਾਬ ਮੰਗਣ ਦੀ ਕੋਸ਼ਿਸ਼ ਕਰਨਗੀਆਂ। ਵਿਰੋਧੀ ਧਿਰ ਵੱਲੋਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਉਠਾਏ ਜਾਣ ਦੀ ਵੀ ਸੰਭਾਵਨਾ ਹੈ।
ਵੋਟਰ ਸੂਚੀਆਂ ਦਾ ਮੁੱਦਾ ਵੀ ਬਣ ਸਕਦਾ ਹੈ ਚਰਚਾ ਦਾ ਕੇਂਦਰ
ਵਿਧਾਨ ਸਭਾ ਦੇ ਪਹਿਲੇ ਦਿਨ ਵੋਟਰ ਸੂਚੀਆਂ ਵਿੱਚੋਂ ਵੋਟਾਂ ਕੱਟੇ ਜਾਣ ਦਾ ਮਾਮਲਾ ਵੀ ਚਰਚਾ ਵਿੱਚ ਆ ਸਕਦਾ ਹੈ। ਸੂਤਰਾਂ ਅਨੁਸਾਰ, ਵਿਰੋਧੀ ਧਿਰ ਦੇ ਇੱਕ ਸੀਨੀਅਰ ਵਿਧਾਇਕ ਵੱਲੋਂ ਮਤਾ ਪੇਸ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਐੱਸਆਈਆਰ (ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ) ਤੋਂ ਪਹਿਲਾਂ ਵਾਲੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਕਰਵਾਉਣ ਦੀ ਮੰਗ ਕੀਤੀ ਜਾ ਸਕਦੀ ਹੈ।
ਮਤੇ ਵਿੱਚ ਵੋਟਰ ਸੂਚੀਆਂ ਵਿੱਚੋਂ ਵੱਡੀ ਗਿਣਤੀ ਵਿੱਚ ਵੋਟਾਂ ਹਟਾਏ ਜਾਣ ਬਾਰੇ ਚਿੰਤਾ ਜ਼ਾਹਰ ਕੀਤੇ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, ਇਹ ਮਤਾ ਸਦਨ ਵਿੱਚ ਪੇਸ਼ ਹੁੰਦਾ ਹੈ ਜਾਂ ਨਹੀਂ ਅਤੇ ਇਸ ਨੂੰ ਸੱਤਾਧਾਰੀ ਧਿਰ ਦਾ ਸਮਰਥਨ ਮਿਲਦਾ ਹੈ ਜਾਂ ਨਹੀਂ, ਇਹ ਦੇਖਣਾ ਅਹਿਮ ਹੋਵੇਗਾ।
ਪਹਿਲੇ ਦਿਨ ਸ਼ਰਧਾਂਜਲੀਆਂ ਅਤੇ ਧਿਆਨ ਦਿਵਾਊ ਮਤੇ ਹੋਣਗੇ ਪੇਸ਼
ਵਿਧਾਨ ਸਭਾ ਦੇ ਨਿਯਮਾਂ ਅਨੁਸਾਰ ਵੀਰਵਾਰ ਨੂੰ ਗ਼ੈਰ-ਸਰਕਾਰੀ ਕੰਮਕਾਜ ਹੋਵੇਗਾ। ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਇਲਾਵਾ ਤਿੰਨ ਧਿਆਨ ਦਿਵਾਊ ਮਤੇ ਅਤੇ ਵੱਖ-ਵੱਖ ਵਿਭਾਗਾਂ ਦੀਆਂ ਸਾਲਾਨਾ ਰਿਪੋਰਟਾਂ ਸਦਨ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਮੌਨਸੂਨ ਇਜਲਾਸ ਤੋਂ ਬਾਅਦ ਹੋ ਰਹੇ ਇਸ ਸੈਸ਼ਨ ਵਿੱਚ ਸੱਤਾਧਾਰੀ ਧਿਰ ਅਤੇ ਵਿਰੋਧੀ ਪਾਰਟੀਆਂ ਵਿਚਾਲੇ ਤਿੱਖੀ ਬਹਿਸ ਹੋਣ ਦੇ ਆਸਾਰ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ ’ਤੇ ਰਹਿਣਗੀਆਂ ਕਿ ਸਰਕਾਰ ਵਿਰੋਧੀ ਧਿਰ ਦੇ ਸਵਾਲਾਂ ਦਾ ਕਿਵੇਂ ਜਵਾਬ ਦਿੰਦੀ ਹੈ ਅਤੇ ਕਿਹੜੇ ਮੁੱਦੇ ਸਦਨ ਵਿੱਚ ਸਭ ਤੋਂ ਵੱਧ ਭਖਦੇ ਹਨ।
