ਝੋਟਾ ਦੇ ਪਰਿਵਾਰ ਨੂੰ 2 ਕਰੋੜ ਮੁਆਵਜ਼ੇ ਦਾ ਭਰੋਸਾ
ਮਾਨਸਾ: Major Times

ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਹੇ ਸੰਘਰਸ਼ ਦੇ 23ਵੇਂ ਦਿਨ ਪੰਜਾਬ ਸਰਕਾਰ ਅਤੇ ਐਕਸ਼ਨ ਕਮੇਟੀ ਵਿਚਾਲੇ ਅਹਿਮ ਮੀਟਿੰਗ ਹੋਈ। ਕਰੀਬ 5 ਘੰਟੇ ਚੱਲੀ ਇਸ ਮੀਟਿੰਗ ਤੋਂ ਬਾਅਦ ਕਈ ਅਹਿਮ ਮੰਗਾਂ ‘ਤੇ ਸਹਿਮਤੀ ਬਣਨ ਦਾ ਦਾਅਵਾ ਕੀਤਾ ਗਿਆ ਹੈ। ਇਸ ਮਗਰੋਂ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।
ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ।
ਝੋਟਾ ਦੇ ਪਰਿਵਾਰ ਨੂੰ 2 ਕਰੋੜ ਮੁਆਵਜ਼ਾ ਅਤੇ ਨੌਕਰੀ ਦਾ ਭਰੋਸਾ
ਮੀਟਿੰਗ ਦੌਰਾਨ ਸਰਕਾਰ ਵੱਲੋਂ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ 2 ਕਰੋੜ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਦਲਜੀਤ ਸਿੰਘ ਭੰਮੇ ਦੇ ਪਰਿਵਾਰ ਨੂੰ ਵੀ ਮੁਆਵਜ਼ਾ ਅਤੇ ਨੌਕਰੀ ਦੇਣ ਦੀ ਗੱਲ ਕਹੀ ਗਈ ਹੈ।
ਲੱਖਾ ਸਿਧਾਣਾ ਸਮੇਤ ਹੋਰ ਆਗੂਆਂ ਦੀ ਰਿਹਾਈ ‘ਤੇ ਬਣੀ ਸਹਿਮਤੀ
ਮੀਟਿੰਗ ਦੌਰਾਨ ਸਭ ਤੋਂ ਅਹਿਮ ਮੁੱਦਾ ਜੇਲ੍ਹਾਂ ਵਿੱਚ ਬੰਦ ਲੱਖਾ ਸਿਧਾਣਾ ਸਮੇਤ ਹੋਰ ਆਗੂਆਂ ਦੀ ਰਿਹਾਈ ਦਾ ਰਿਹਾ। ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਮੁਤਾਬਕ, ਆਗੂਆਂ ਦੀ ਰਿਹਾਈ ਤੋਂ ਬਾਅਦ ਹੀ ਪਰਮਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇੱਕ ਹਫ਼ਤੇ ਵਿੱਚ ਟਰਾਮਾ ਸੈਂਟਰ ਦੀ ਮਨਜ਼ੂਰੀ ਦਾ ਭਰੋਸਾ
ਖਿਆਲਾ ਕਲਾਂ ਵਿੱਚ ਪਰਮਿੰਦਰ ਸਿੰਘ ਝੋਟਾ ਦੇ ਨਾਮ ‘ਤੇ ਟਰਾਮਾ ਸੈਂਟਰ ਬਣਾਉਣ ਲਈ ਇੱਕ ਹਫ਼ਤੇ ਦੇ ਅੰਦਰ ਮਨਜ਼ੂਰੀ ਦੇਣ ‘ਤੇ ਵੀ ਸਹਿਮਤੀ ਬਣੀ ਹੈ। ਇਸ ਦੇ ਨਾਲ ਹੀ ਮਾਮਲੇ ਨਾਲ ਸਬੰਧਤ ਪੁਲਿਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਖ਼ਿਲਾਫ਼ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ।
ਝੋਟਾ ਦੀ ਯਾਦ ਵਿੱਚ ਸਮਾਰਕ ਜਾਂ ਬੁੱਤ ਲਗਾਉਣ ਦੀ ਮੰਗ ਵੀ ਮੰਨੀ ਗਈ ਹੈ। ਹਾਲਾਂਕਿ ਘਟਨਾ ਵਾਲੀ ਥਾਂ ‘ਤੇ ਬੁੱਤ ਲਗਾਉਣ ਬਾਰੇ ਸਹਿਮਤੀ ਨਹੀਂ ਬਣ ਸਕੀ। ਸਰਕਾਰੀ ਨੁਮਾਇੰਦਿਆਂ ਨੇ ਦੱਸਿਆ ਕਿ ਇਹ ਜਗ੍ਹਾ ਨਿੱਜੀ ਜਾਇਦਾਦ ਹੋਣ ਕਾਰਨ ਕਾਨੂੰਨੀ ਅੜਿੱਕਾ ਆ ਸਕਦਾ ਹੈ।
ਗ੍ਰਿਫ਼ਤਾਰ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਕੇਸ ਰੱਦ ਕਰਨ ਦੀ ਮੰਗ
ਐਕਸ਼ਨ ਕਮੇਟੀ ਵੱਲੋਂ ਗ੍ਰਿਫ਼ਤਾਰ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਰੱਦ ਕਰਨ ਦੀ ਮੰਗ ਵੀ ਰੱਖੀ ਗਈ ਹੈ। ਇਸ ਤੋਂ ਇਲਾਵਾ ਭੰਮੇ ਕਲਾਂ, ਬੁਢਲਾਡਾ ਅਤੇ ਅਕਾਲੀਆ ਨਾਲ ਸਬੰਧਤ ਮਾਮਲਿਆਂ, ਪੰਜਾਬ ਭਰ ਵਿੱਚ ਫਲੈਕਸ ਪਾੜਨ ਦੀਆਂ ਘਟਨਾਵਾਂ ਅਤੇ ਝੋਟਾ ਦੇ ਪਿਤਾ ਤੇ ਐਂਟੀ ਡਰੱਗ ਟਾਸਕ ਫੋਰਸ ਦੇ ਕਾਰਕੁਨਾਂ ਖ਼ਿਲਾਫ਼ ਦਰਜ ਕਥਿਤ ਝੂਠੇ ਮੁਕੱਦਮੇ ਰੱਦ ਕਰਨ ਦੀ ਮੰਗ ਵੀ ਸ਼ਾਮਲ ਹੈ।
ਫਿਲਹਾਲ ਮੀਟਿੰਗ ਤੋਂ ਬਾਅਦ ਸਰਕਾਰ ਵੱਲੋਂ ਦਿੱਤੇ ਭਰੋਸਿਆਂ ਦੇ ਮੱਦੇਨਜ਼ਰ ਸੰਘਰਸ਼ ਨੂੰ ਅਗਲੇ ਪੜਾਅ ਲਈ ਰੋਕਿਆ ਗਿਆ ਹੈ। ਹੁਣ ਸਭ ਦੀਆਂ ਨਜ਼ਰਾਂ ਲੱਖਾ ਸਿਧਾਣਾ ਸਮੇਤ ਹੋਰ ਆਗੂਆਂ ਦੀ ਰਿਹਾਈ ਅਤੇ ਸਰਕਾਰ ਵੱਲੋਂ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਦੇਣ ‘ਤੇ ਟਿਕੀਆਂ ਹੋਈਆਂ ਹਨ।
